ਮਾਣਯੋਗ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ, ਡਾਇਰੈਕਟਰ ਜਨਰਲ ਆਫ਼ ਪੁਲਿਸ, ਪੰਜਾਬ ਅਤੇ ਐਡੀਸ਼ਨਲ ਡਾਇਰੈਕਟਰ ਜਨਰਲ ਆਫ਼ ਪੁਲਿਸ, ਕਾਊਂਟਰ ਇੰਟੈਲੀਜੈਂਸ, ਪੰਜਾਬ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸ਼੍ਰੀ ਨਰੇਸ਼ ਕੁਮਾਰ ਡੋਗਰਾ, ਪੀ.ਪੀ.ਐਸ., ਏ.ਆਈ.ਜੀ., ਐਸ.ਐਸ.ਓ.ਸੀ. ਫਾਜ਼ਿਲਕਾ ਦੀ ਨਿਗਰਾਨੀ ਹੇਠ ਐਸ.ਐਸ.ਓ.ਸੀ. ਫਾਜ਼ਿਲਕਾ ਨੇ ਸਰਹੱਦ ਪਾਰੋਂ ਨਸ਼ਾ ਅਤੇ ਹਥਿਆਰਾਂ ਦੀ ਤਸਕਰੀ ਵਿਰੁੱਧ ਚਲਾਈ ਜਾ ਰਹੀ ਮੁਹਿੰਮ ਤਹਿਤ ਵੱਡੀ ਸਫਲਤਾ ਹਾਸਲ ਕੀਤੀ ਹੈ।
ਮਿਤੀ 06/07.09.2026 ਨੂੰ ਕੀਤੇ ਗਏ ਦੋ ਵੱਖ-ਵੱਖ ਆਪ੍ਰੇਸ਼ਨਾਂ ਦੌਰਾਨ ਐਸ.ਐਸ.ਓ.ਸੀ. ਫਾਜ਼ਿਲਕਾ ਨੇ ਕੁੱਲ 2.029 ਕਿਲੋ ਹੈਰੋਇਨ, 05 ਨਜਾਇਜ਼ ਪਿਸਤੌਲ ਅਤੇ 05 ਮੈਗਜ਼ੀਨ ਬਰਾਮਦ ਕੀਤੇ ਹਨ। ਹੈਰੋਇਨ ਦੀ ਬਰਾਮਦਗੀ ਦੇ ਸਬੰਧ ਵਿੱਚ ਇੱਕ ਮੁਲਜ਼ਮ ਨੂੰ ਵੀ ਗ੍ਰਿਫ਼ਤਾਰ ਕੀਤਾ ਗਿਆ ਹੈ।
ਗ੍ਰਿਫ਼ਤਾਰ ਕੀਤੇ ਗਏ ਮੁਲਜ਼ਮ ਦੀ ਪਛਾਣ ਸਾਜਨ ਪੁੱਤਰ ਪਾਲਾ ਸਿੰਘ ਵਾਸੀ ਬਸਤੀ ਬਾਬਾ ਸਰੂਪ ਦਾਸ, ਥਾਣਾ ਸਦਰ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਵਜੋਂ ਹੋਈ ਹੈ।
ਮਿਤੀ 06.09.2026 ਨੂੰ ਇੱਕ ਖਾਸ ਸੂਚਨਾ ‘ਤੇ ਕਾਰਵਾਈ ਕਰਦਿਆਂ ਐਸ.ਐਸ.ਓ.ਸੀ. ਫਾਜ਼ਿਲਕਾ ਨੇ ਬੀ.ਐਸ.ਐਫ. ਦੇ ਨਾਲ ਬੀ.ਓ.ਪੀ. ਕੱਸੋ ਕੇ, ਬੀ.ਪੀ. ਨੰ. 183/3, ਜ਼ਿਲ੍ਹਾ ਫਿਰੋਜ਼ਪੁਰ ਦੇ ਖੇਤਰ ਵਿੱਚ ਇੱਕ ਵਿਸ਼ੇਸ਼ ਆਪ੍ਰੇਸ਼ਨ ਚਲਾਇਆ। ਇਸ ਆਪ੍ਰੇਸ਼ਨ ਦੌਰਾਨ 05 ਨਜਾਇਜ਼ ਪਿਸਤੌਲਾਂ ਸਮੇਤ 05 ਮੈਗਜ਼ੀਨ ਬਰਾਮਦ ਕੀਤੇ ਗਏ। ਬਰਾਮਦ ਕੀਤੇ ਗਏ ਪਿਸਤੌਲ ਪਾਕਿਸਤਾਨ ਤੋਂ ਅੰਤਰਰਾਸ਼ਟਰੀ ਸਰਹੱਦ ਪਾਰੋਂ ਤਸਕਰੀ ਕਰਕੇ ਲਿਆਂਦੇ ਗਏ ਸਨ।
ਇਸੇ ਤਰ੍ਹਾਂ ਮਿਤੀ 07.09.2026 ਨੂੰ ਇੱਕ ਹੋਰ ਖਾਸ ਸੂਚਨਾ ‘ਤੇ ਕਾਰਵਾਈ ਕਰਦਿਆਂ ਐਸ.ਐਸ.ਓ.ਸੀ. ਫਾਜ਼ਿਲਕਾ ਨੇ ਜਲਾਲਾਬਾਦ ਦੇ ਖੇਤਰ ਵਿੱਚ ਇੱਕ ਹੋਰ ਵਿਸ਼ੇਸ਼ ਆਪ੍ਰੇਸ਼ਨ ਚਲਾਇਆ। ਇਸ ਆਪ੍ਰੇਸ਼ਨ ਦੌਰਾਨ ਮੁਲਜ਼ਮ ਸਾਜਨ ਨੂੰ ਨਹਿਰ ਵਾਲੀ ਸੜਕ, ਪਿੰਡ ਬਾਘੇ ਕੇ ਉੱਤਰ, ਥਾਣਾ ਸਦਰ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਨੇੜਿਓਂ ਕਾਬੂ ਕੀਤਾ ਗਿਆ ਅਤੇ ਉਸਦੇ ਕਬਜ਼ੇ ਵਿੱਚੋਂ 2.029 ਕਿਲੋ ਹੈਰੋਇਨ ਬਰਾਮਦ ਕੀਤੀ ਗਈ।
ਮੁੱਢਲੀ ਜਾਂਚ ਤੋਂ ਪਤਾ ਲੱਗਾ ਹੈ ਕਿ ਹੈਰੋਇਨ ਅਤੇ ਹਥਿਆਰਾਂ ਦੀਆਂ ਖੇਪਾਂ ਪਾਕਿਸਤਾਨ ਸਥਿਤ ਤਸਕਰਾਂ ਤੋਂ ਮੰਗਵਾਈਆਂ ਗਈਆਂ ਸਨ ਅਤੇ ਸਰਹੱਦ ਪਾਰ ਤਸਕਰੀ ਦੇ ਰਾਹੀਂ ਭਾਰਤ ਵਿੱਚ ਪਹੁੰਚਾਈਆਂ ਗਈਆਂ ਸਨ। ਪਾਕਿਸਤਾਨ ਸਥਿਤ ਤਸਕਰਾਂ ਦੀ ਪਛਾਣ ਕਰਨ ਅਤੇ ਅੱਗੇ-ਪਿੱਛੇ ਦੇ ਸਾਰੇ ਸਬੰਧਾਂ ਦਾ ਪਤਾ ਲਗਾਉਣ ਲਈ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।
ਇਸ ਸਬੰਧ ਵਿੱਚ ਥਾਣਾ ਐਸ.ਐਸ.ਓ.ਸੀ. ਫਾਜ਼ਿਲਕਾ ਵਿਖੇ ਇੱਕ ਅਣਪਛਾਤੇ ਵਿਅਕਤੀ ਖਿਲਾਫ਼ ਅਸਲਾ ਐਕਟ ਦੀ ਧਾਰਾ 25/54/59 ਤਹਿਤ ਮਿਤੀ 06.09.2026 ਨੂੰ ਐਫ.ਆਈ.ਆਰ. ਨੰ. 20 ਅਤੇ ਮੁਲਜ਼ਮ ਸਾਜਨ ਪੁੱਤਰ ਪਾਲਾ ਸਿੰਘ ਵਾਸੀ ਬਸਤੀ ਬਾਬਾ ਸਰੂਪ ਦਾਸ, ਥਾਣਾ ਸਦਰ ਜਲਾਲਾਬਾਦ, ਜ਼ਿਲ੍ਹਾ ਫਾਜ਼ਿਲਕਾ ਖਿਲਾਫ਼ ਐਨ.ਡੀ.ਪੀ.ਐਸ. ਐਕਟ ਦੀ ਧਾਰਾ 21/61/85 ਤਹਿਤ ਮਿਤੀ 07.09.2026 ਨੂੰ ਐਫ.ਆਈ.ਆਰ. ਨੰ. 21 ਦਰਜ ਕੀਤੀ ਗਈ ਹੈ।
ਬਰਾਮਦਗੀ ਨਾਲ ਜੁੜੇ ਅੱਗੇ-ਪਿੱਛੇ ਦੇ ਸਬੰਧਾਂ ਦਾ ਪਤਾ ਲਗਾਉਣ ਅਤੇ ਸਰਹੱਦ ਪਾਰ ਤਸਕਰੀ ਨੈੱਟਵਰਕ ਵਿੱਚ ਸ਼ਾਮਲ ਸਾਰੇ ਵਿਅਕਤੀਆਂ ਦੀ ਪਛਾਣ ਕਰਨ ਲਈ ਅਗਲੇਰੀ ਜਾਂਚ ਜਾਰੀ ਹੈ।