ਫਾਜ਼ਿਲਕਾ ਦੇ ਹਰਪੱਖੀ ਵਿਕਾਸ ਅਤੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਦੀ ਲੜ੍ਹੀ ਤਹਿਤ ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਹਲਕੇ ਦੇ ਵੱਖ-ਵੱਖ ਪਿੰਡਾਂ ਅਤੇ ਵਾਰਡਾਂ ਵਿੱਚ ਕਰੋੜਾਂ ਰੁਪਏ ਦੀ ਲਾਗਤ ਨਾਲ ਨਵੇਂ ਵਿਕਾਸ ਕਾਰਜਾਂ ਦੀ ਸ਼ੁਰੂਆਤ ਕਰਵਾਈ ਗਈ ਅਤੇ ਮੁਕੰਮਲ ਹੋਏ ਪ੍ਰੋਜੈਕਟ ਲੋਕਾਂ ਨੂੰ ਸਮਰਪਿਤ ਕੀਤੇ ਗਏ।
ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਵੱਲੋਂ ਪਿੰਡ ਬੰਨਵਾਲਾ ਹਨਵੰਤਾ ਵਿਖੇ ਨੌਜਵਾਨਾਂ ਨੂੰ ਖੇਡਾਂ ਪ੍ਰਤੀ ਉਤਸ਼ਾਹਿਤ ਕਰਨ ਲਈ 44 ਲੱਖ ਰੁਪਏ ਦੀ ਲਾਗਤ ਨਾਲ ਨਵੇਂ ਖੇਡ ਗ੍ਰਾਉਂਡ ਬਣਾਉਣ ਦੇ ਕੰਮ ਦੀ ਸ਼ੁਰੂਆਤ ਕਰਵਾਈ ਗਈ, ਪਿੰਡ ਅਮਰਪੁਰਾ ਵਿਖੇ 7 ਲੱਖ ਰੁਪਏ ਦੀ ਲਾਗਤ ਨਾਲ ਨਵੀਆਂ ਗਲੀਆਂ ਅਤੇ ਨਾਲੀਆਂ ਬਣਾਉਣ ਦਾ ਕੰਮ ਸ਼ੁਰੂ ਕੀਤਾ ਗਿਆ, ਚਾਂਦਮਾਰੀ ਵਿਖੇ 50 ਲੱਖ ਰੁਪਏ ਤੋਂ ਵੱਧ ਦੀ ਲਾਗਤ ਨਾਲ ਬੱਹਿਕ ਖਾਸ ਤੋਂ ਚਾਂਦਮਾਰੀ ਤੱਕ ਨਵੀਂ ਸੜਕ ਬਣਾਉਣ ਦੇ ਕੰਮ ਦਾ ਆਗਾਜ਼ ਕੀਤਾ ਗਿਆ।
ਇਸ ਤੋਂ ਇਲਾਵਾ ਲਾਧੂਕਾ ਮੰਡੀ ਵਿਖੇ ਵਿਸ਼ਕਰਮਾ ਚੌਕ ਤੋਂ ਰੇਲਵੇ ਸਟੇਸ਼ਨ ਤੋਂ ਮੇਨ ਬਾਜ਼ਾਰ ਤੱਕ 16.50 ਲੱਖ ਰੁਪਏ ਦੀ ਲਾਗਤ ਨਾਲ ਬਣਨ ਵਾਲੀ ਨਵੀਂ ਸੜਕ ਦਾ ਨੀਂਹ ਪੱਥਰ ਰੱਖਕੇ ਕੰਮ ਦੀ ਸ਼ੁਰੂਆਤ ਕਰਵਾਈ ਗਈ, ਪਿੰਡ ਲਾਧੂਕਾ ਮੰਡੀ ਦੇ ਵਾਰਡ ਨੰਬਰ 3 ਅਤੇ 4 ਵਿਖੇ 5 ਲੱਖ ਰੁਪਏ ਦੀ ਲਾਗਤ ਨਾਲ ਨਵੀਆਂ ਗਲੀਆਂ ਤੇ ਨਾਲੀਆਂ ਦਾ ਨੀਂਹ ਪੱਥਰ ਰੱਖਿਆ ਗਿਆ।
ਉਨ੍ਹਾਂ ਵੱਲੋਂ ਪਿੰਡ ਲਾਧੂਕਾ ਮੰਡੀ ਵਿਖੇ 13 ਲੱਖ ਰੁਪਏ ਦੀ ਲਾਗਤ ਨਾਲ ਰੇਲਵੇ ਲਾਈਨ ਵਾਲੇ ਏਰੀਏ ਵਿੱਚ ਗੰਦੇ ਪਾਣੀ ਦੀ ਨਿਕਾਸੀ ਲਈ ਪਾਈਪਲਾਈਨ ਅਤੇ ਸੜਕਾਂ ਦਾ ਕੰਮ ਮੁਕੰਮਲ ਹੋਣ ‘ਤੇ ਇਸਦਾ ਰਸਮੀ ਉਦਘਾਟਨ ਕੀਤਾ ਗਿਆ।
ਇਸੇ ਤਰ੍ਹਾਂ ਉਨ੍ਹਾਂ ਵੱਲੋਂ ਬਸਤੀ ਚੰਡੀਗੜ੍ਹ ਵਿਖੇ ਗੰਦੇ ਪਾਣੀ ਦੀ ਨਿਕਾਸੀ ਦੀ ਸਮੱਸਿਆ ਦੇ ਹੱਲ ਲਈ ਕਰੀਬ 5 ਲੱਖ ਰੁਪਏ ਦੀ ਲਾਗਤ ਨਾਲ ਨਵੀਂ ਪਾਈਪਲਾਈਨ ਪਾਉਣ ਦਾ ਕੰਮ ਸ਼ੁਰੂ ਕਰਵਾਇਆ ਗਿਆ।
ਵਿਧਾਇਕ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਲੋਕਾਂ ਨੂੰ ਬੁਨਿਆਦੀ ਸਹੂਲਤਾਂ ਦੇਣ ਅਤੇ ਹਰ ਖੇਤਰ ਦਾ ਸੰਤੁਲਿਤ ਵਿਕਾਸ ਕਰਨ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ। ਇਸੇ ਲੜੀ ਤਹਿਤ ਗੱਲਬਾਤ ਕਰਦਿਆਂ ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਹਲਕੇ ਦੇ ਸਰਵਪੱਖੀ ਵਿਕਾਸ ਲਈ ਪੂਰੀ ਤਰ੍ਹਾਂ ਵਚਨਬੱਧ ਹੈ ਅਤੇ ਪਿੰਡਾਂ ਤੋਂ ਲੈ ਕੇ ਸ਼ਹਿਰਾਂ ਤੱਕ ਵਿਕਾਸ ਕਾਰਜਾਂ ਦੀ ਕੋਈ ਘਾਟ ਨਹੀਂ ਆਉਂਣ ਦਿੱਤੀ ਜਾਵੇਗੀ।
ਇਲਾਕਾ ਨਿਵਾਸੀਆਂ ਨੇ ਇਨ੍ਹਾਂ ਵਿਕਾਸ ਕਾਰਜਾਂ ਦੀ ਸ਼ੁਰੂਆਤ ‘ਤੇ ਪੰਜਾਬ ਸਰਕਾਰ ਅਤੇ ਵਿਧਾਇਕ ਦਾ ਤਹਿ ਦਿਲੋਂ ਧੰਨਵਾਦ ਕੀਤਾ।
ਇਸ ਮੌਕੇ ਵੱਖ ਵੱਖ ਪਿੰਡਾਂ ਦੇ ਪੰਚਾਂ, ਸਰਪੰਚਾਂ ਤੋਂ ਇਲਾਵਾ ਇਲਾਕੇ ਦੇ ਪਤਵੰਤੇ ਸਜਣ ਮੌਜੂਦ ਸਨ।