ਫਤਹਿਗੜ੍ਹ ਸਾਹਿਬ : ਸੜਕ ਸੁਰੱਖਿਆ ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਵਿਰੁੱਧ ਸਖ਼ਤ ਕਾਰਵਾਈ ਕੀਤੀ ਜਾਵੇ-ਡਿਪਟੀ ਕਮਿਸ਼ਨਰ

ਸੜਕ ਹਾਦਸਿਆਂ ਨੂੰ ਰੋਕਣ, ਆਵਾਜਾਈ ਨੂੰ ਸੁਰੱਖਿਅਤ ਬਣਾਉਣ ਅਤੇ ਲੋਕਾਂ ਦੀਆਂ ਕੀਮਤੀ ਜਾਨਾਂ ਦੀ ਰਾਖੀ ਨੂੰ ਯਕੀਨੀ ਬਣਾਉਣ ਦੇ ਮਕਸਦ ਨਾਲ ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਦੀ ਪ੍ਰਧਾਨਗੀ ਹੇਠ ਸਥਾਨਕ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਜ਼ਿਲ੍ਹਾ ਰੋਡ ਸੇਫਟੀ ਕਮੇਟੀ ਦੀ ਮੀਟਿੰਗ ਹੋਈ। ਮੀਟਿੰਗ ਦੌਰਾਨ ਸੜਕ ਸੁਰੱਖਿਆ ਨਾਲ ਸਬੰਧਤ ਵੱਖ-ਵੱਖ ਵਿਭਾਗਾਂ ਵੱਲੋਂ ਕੀਤੇ ਜਾ ਰਹੇ ਕਾਰਜਾਂ ਦੀ ਵਿਸਥਾਰਪੂਰਵਕ ਸਮੀਖਿਆ ਕੀਤੀ ਗਈ ਅਤੇ ਸੜਕ ਹਾਦਸਿਆਂ ਦੀ ਰੋਕਥਾਮ ਲਈ ਲੋੜੀਂਦੇ ਕਦਮ ਚੁੱਕਣ ਸਬੰਧੀ ਦਿਸ਼ਾ-ਨਿਰਦੇਸ਼ ਦਿੱਤੇ ਗਏ।

ਡਿਪਟੀ ਕਮਿਸ਼ਨਰ ਨੇ ਸਬੰਧਤ ਰੋਡ ਏਜੰਸੀਆਂ ਦੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਜ਼ਿਲ੍ਹੇ ਵਿੱਚ ਹੁਣ ਤੱਕ ਪਛਾਣੇ ਗਏ ਬਲੈਕ ਸਪਾਟਾਂ ਨੂੰ ਦੂਰ ਕਰਨ ਲਈ ਤੁਰੰਤ ਲੋੜੀਂਦੀ ਕਾਰਵਾਈ ਕੀਤੀ ਜਾਵੇ। ਇਸ ਦੇ ਨਾਲ ਹੀ ਨਵੇਂ ਬਲੈਕ ਸਪਾਟਾਂ ਦੀ ਪਛਾਣ ਕਰਕੇ ਉਨ੍ਹਾਂ ਨੂੰ ਵੀ ਹਾਦਸਾ ਮੁਕਤ ਬਣਾਉਣ ਲਈ ਢੁਕਵੇਂ ਪ੍ਰਬੰਧ ਕੀਤੇ ਜਾਣ, ਤਾਂ ਜੋ ਸੜਕੀ ਹਾਦਸਿਆਂ ਦੀ ਸੰਭਾਵਨਾ ਨੂੰ ਘਟਾਇਆ ਜਾ ਸਕੇ।

ਉਨ੍ਹਾਂ ਵਿਸ਼ੇਸ਼ ਤੌਰ ’ਤੇ ਮੋਰਿੰਡਾ ਤੋਂ ਬਸੀ ਪਠਾਣਾ ਦੇ ਐਂਟਰੀ ਪੁਆਇੰਟ ’ਤੇ ਵਾਪਰ ਰਹੇ ਸੜਕ ਹਾਦਸਿਆਂ ਦਾ ਗੰਭੀਰ ਨੋਟਿਸ ਲੈਂਦਿਆਂ ਸਬੰਧਤ ਅਧਿਕਾਰੀਆਂ ਨੂੰ ਇਸ ਥਾਂ ’ਤੇ ਲੋੜੀਂਦੇ ਰਿਫਲੈਕਟਰ ਲਗਾਉਣ ਦੇ ਨਿਰਦੇਸ਼ ਦਿੱਤੇ, ਤਾਂ ਜੋ ਵਾਹਨ ਚਾਲਕਾਂ ਨੂੰ ਦੂਰੋਂ ਹੀ ਸੜਕ ਦੀ ਸਥਿਤੀ ਬਾਰੇ ਜਾਣਕਾਰੀ ਮਿਲ ਸਕੇ ਅਤੇ ਹਾਦਸਿਆਂ ਤੋਂ ਬਚਾਅ ਹੋ ਸਕੇ। ਇਸਦੇ ਨਾਲ ਹੀ ਨੈਸ਼ਨਲ ਹਾਈਵੇ ਤੇ ਬਣੀਆਂ ਅਣਅਧਿਕਾਰਤ ਪਾਰਕਿੰਗਾਂ ਅਤੇ ਢਾਬਿਆਂ ਨੂੰ ਹਟਾਉਣ ਲਈ ਲੋੜੀਂਦੇ ਕਦਮ ਚੁੱਕਣ ਦੀ ਹਦਾਇਤ ਕੀਤੀ, ਤਾਂ ਜੋ ਨੈਸ਼ਨਲ ਹਾਈਵੇ ’ਤੇ ਆਵਾਜਾਈ ਵਿੱਚ ਰੁਕਾਵਟ ਨਾ ਆਵੇ ਅਤੇ ਹਾਦਸਿਆਂ ਨੂੰ ਰੋਕਿਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਕਿਹਾ ਕਿ ਸਰਕਾਰ ਵੱਲੋਂ ਸੜਕ ਹਾਦਸਿਆਂ ਦੇ ਪੀੜਤਾਂ ਦੀ ਸਹਾਇਤਾ ਅਤੇ ਸੁਰੱਖਿਅਤ ਆਵਾਜਾਈ ਨੂੰ ਉਤਸ਼ਾਹਿਤ ਕਰਨ ਲਈ ਚਲਾਈਆਂ ਜਾ ਰਹੀਆਂ ਪੀ.ਐਮ. ਰਾਹਤ, ਰਾਹਵੀਰ ਸਕੀਮ, ਸੜਕ ਸੁਰੱਖਿਆ ਮਿੱਤਰ ਅਤੇ ਫਰਿਸ਼ਤੇ ਸਕੀਮ ਬਾਰੇ ਆਮ ਲੋਕਾਂ ਨੂੰ ਵੱਧ ਤੋਂ ਵੱਧ ਜਾਗਰੂਕ ਕੀਤਾ ਜਾਵੇ। ਉਨ੍ਹਾਂ ਕਿਹਾ ਕਿ ਇਨ੍ਹਾਂ ਸਕੀਮਾਂ ਸਬੰਧੀ ਲੋਕਾਂ ਨੂੰ ਜਾਣਕਾਰੀ ਦੇਣ ਲਈ ਵੱਖ-ਵੱਖ ਜਾਗਰੂਕਤਾ ਗਤੀਵਿਧੀਆਂ ਵੀ ਕਰਵਾਈਆਂ ਜਾਣ, ਤਾਂ ਜੋ ਲੋੜ ਪੈਣ ’ਤੇ ਲੋਕ ਇਨ੍ਹਾਂ ਦਾ ਲਾਭ ਲੈ ਸਕਣ।

ਇਸ ਮੌਕੇ ਐਸ.ਡੀ.ਐਮ.ਅਮਲੋਹ ਸ੍ਰੀਮਤੀ ਹਰਵੀਰ ਕੌਰ, ਸ੍ਰੀ ਅਭੀਮਨਿਊ ਮਲਿਕਿ ਐਸ.ਡੀ.ਐਮ.ਖਮਾਣੋਂ, ਸ੍ਰੀ ਅਰਵਿੰਦ ਕੁਮਾਰ ਰਿਜਨਲ ਟਰਾਂਸਪੋਰਟ ਅਫਸਰ, ਸ੍ਰੀ ਇੰਦਰਪ੍ਰੀਤ ਸਿੰਘ ਡੀ.ਐਸ.ਪੀ.ਸਹਾਇਕ ਰਿਜਨਲ ਟਰਾਂਸਪੋਰਟ ਅਫਸਰ ਸ੍ਰੀ ਮਨਿੰਦਰ ਸਿੰਘ ਤੋਂ ਇਲਾਵਾ ਵੱਖ ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Leave a Reply

Your email address will not be published. Required fields are marked *