ਡਿਪਟੀ ਕਮਿਸ਼ਨਰ ਡਾ: ਸੋਨਾ ਥਿੰਦ ਨੇ ਝੋਨੇ ਦੀ ਅਗਾਮੀ ਖਰੀਦ ਪ੍ਰਕ੍ਰਿਆ ਨੂੰ ਸੁਚਾਰੂ ਢੰਗ ਨਾਲ ਚਲਾਉਣ ਲਈਪੰਜਾਬ ਸਰਕਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਪ੍ਰਸ਼ਾਸਨਿਕ ਤੌਰ ਉੱਤੇ ਕੀਤੇ ਜਾ ਰਹੇ ਉਪਰਾਲਿਆਂ ਬਾਰੇ ਜਾਣਕਾਰੀ ਦੇਣ ਲਈ ਅੱਜ ਬੱਚਤ ਭਵਨ ਵਿਖੇ ਜ਼ਿਲ੍ਹੇ ਦੀਆਂ ਆੜਤੀ ਐਸੋਸੀਏਸ਼ਨਾਂ ਨਾਲ ਮੀਟਿੰਗ ਕੀਤੀ।
ਇਸ ਮੌਕੇ ਡਿਪਟੀ ਕਮਿਸ਼ਨਰ ਨੇ ਆੜਤੀ ਐਸੋਸੀਏਸ਼ਨਾਂ ਨੂੰ ਦਰਪੇਸ਼ ਮੁਸ਼ਕਲਾਂ ਸੁਣੀਆਂ ਅਤੇ ਖਰੀਦ ਸੀਜ਼ਨ ਤੋਂ ਪਹਿਲਾਂ ਪਹਿਲਾਂ ਮੁਸ਼ਕਲਾਂ ਦੇ ਢੁਕਵੇਂ ਹੱਲ ਦਾ ਭਰੋਸਾ ਦਿੱਤਾ।
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਝੋਨੇ ਦੀ ਖਰੀਦ ਲਈ 32 ਮੰਡੀਆਂ ਵਿੱਚ ਪੁਖਤਾ ਪ੍ਰਬੰਧ ਕੀਤੇ ਜਾ ਰਹੇ ਹਨ। ਉਨ੍ਹਾਂ ਦੱਸਿਆ ਕਿ ਪਿਛਲੇ ਸਾਲ ਜ਼ਿਲ੍ਹੇ ਵਿੱਚ ਕਰੀਬ 4.50 ਲੱਖ ਮੀਟਰਕ ਟਨ ਝੋਨੇ ਦੀ ਖਰੀਦ ਹੋਈ ਸੀ ਅਤੇ ਸਮੁੱਚੇ ਵਰਗਾਂ ਦੇ ਭਰਪੂਰ ਸਹਿਯੋਗ ਸਦਕਾ ਸਾਰਾ ਸੀਜ਼ਨ ਸਫਲਤਾ ਨਾਲ ਨੇਪਰੇ ਚਾੜ੍ਹਿਆ ਗਿਆ ਸੀ। ਉਨ੍ਹਾਂ ਦੱਸਿਆ ਕਿ ਝੋਨੇ ਦੇ ਅਗੇਤੇ ਖਰੀਦ ਸੀਜ਼ਨ ਦੌਰਾਨ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਮੰਡੀਆਂ ਵਿੱਚ ਕਿਸਾਨਾਂ, ਆੜ੍ਹਤੀਆਂ, ਮਜ਼ਦੂਰਾਂ ਸਮੇਤ ਹਰ ਵਰਗ ਦੀ ਸਹੂਲਤ ਲਈ ਸਾਰੇ ਪੁਖਤਾ ਇੰਤਜ਼ਾਮ ਕੀਤੇ ਜਾ ਰਹੇ ਹਨ।

ਡਿਪਟੀ ਕਮਿਸ਼ਨਰ ਨੇ ਆੜਤੀ ਐਸੋਸੀਏਸ਼ਨਾਂ ਦੇ ਨੁਮਾਇੰਦਿਆਂ ਨੂੰ ਅਪੀਲ ਕੀਤੀ ਕਿ ਕਿਸਾਨਾਂ ਨੂੰ ਜਾਗਰੂਕ ਕੀਤਾ ਜਾਵੇ ਕਿ ਉਹ ਮੰਡੀਆਂ ਵਿੱਚ ਕੇਵਲ ਸੁੱਕਾ ਝੋਨਾ ਹੀ ਲੈ ਕੇ ਆਉਣ ਤਾਂ ਜੋ ਉਨ੍ਹਾਂ ਨੂੰ ਆਪਣੀ ਫਸਲ ਵੇਚਣ ਵਿੱਚ ਕਿਸੇ ਕਿਸਮ ਦੀ ਕੋਈ ਪ੍ਰੇਸ਼ਾਨੀ ਪੇਸ਼ ਨਾ ਆਵੇ। ਉਨ੍ਹਾਂ ਕਿਹਾ ਕਿ ਮੰਡੀਆਂ ਵਿੱਚ ਸੁੱਕੀ ਫਸਲ ਲਿਆਉਣ ਨਾਲ ਖਰੀਦ ਵਿੱਚ ਕਿਸੇ ਕਿਸਮ ਦੀ ਕੋਈ ਦੇਰੀ ਨਹੀਂ ਹੁੰਦੀ ਅਤੇ ਕਿਸਾਨਾਂ ਨੂੰ ਮੰਡੀਆਂ ਵਿੱਚ ਜ਼ਿਆਦਾ ਸਮਾਂ ਰੁਕਣਾ ਨਹੀਂ ਪੈਂਦਾ।
ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਵਿੱਚ ਸ਼ਾਮ 06:00 ਵਜੇ ਤੋਂ ਲੈ ਕੇ ਅਗਲੀ ਸਵੇਰ 10:00 ਵਜੇ ਤੱਕ ਕੰਬਾਇਨਾਂ ਨਾਲ ਝੋਨੇ ਦੀ ਕਟਾਈ ਕਰਨ ‘ਤੇ ਪੂਰਨ ਪਾਬੰਦੀ ਹੋਵੇਗੀ। ਉਹਨਾਂ ਕਿਹਾ ਕਿ ਪਾਬੰਦੀ ਵਾਲੇ ਸਮੇਂ ਵਿੱਚ ਕੰਬਾਈਨਾਂ ਨਾਲ ਝੋਨੇ ਦੀ ਵਾਢੀ ਕਰਨ ਵਾਲੇ ਵਿਅਕਤੀਆਂ ਖਿਲਾਫ ਸਖਤ ਕਾਨੂੰਨੀ ਕਾਰਵਾਈ ਅਮਲ ਵਿੱਚ ਲਿਆਂਦੀ ਜਾਵੇਗੀ ਅਤੇ ਕੰਬਾਈਨ ਵੀ ਜ਼ਬਤ ਕਰ ਲਈ ਜਾਵੇਗੀ।
ਡਿਪਟੀ ਕਮਿਸ਼ਨਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਬੀਤੇ ਵਰ੍ਹੇ ਜ਼ਿਲ੍ਹਾ ਪ੍ਰਸ਼ਾਸ਼ਨ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਨੂੰ ਰੋਕਣ ਲਈ ਕੀਤੇ ਗਏ ਸਾਰਥਕ ਉਪਰਾਲਿਆਂ ਸਦਕਾ ਅੱਗ ਲਗਾਉਣ ਦੇ ਮਾਮਲਿਆਂ ਵਿੱਚ 75 ਫੀਸਦੀ ਤੱਕ ਦੀ ਕਮੀ ਆਈ ਅਤੇ ਇਸ ਵਾਰ ਵੀ ਪ੍ਰਸ਼ਾਸ਼ਨ ਵੱਲੋਂ ਪਰਾਲੀ ਨੂੰ ਅੱਗ ਲਗਾਉਣ ਦੀਆਂ ਘਟਨਾਵਾਂ ਦੀ ਰੋਕਥਾਮ ਲਈ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾਵੇਗੀ। ਉਨ੍ਹਾਂ ਇਹ ਵੀ ਕਿਹਾ ਕਿ ਪਰਾਲੀ ਨੂੰ ਅੱਗ ਨਾ ਲਗਾਉਣ ਵਾਲੇ ਅਗਾਂਹਵਧੂ ਕਿਸਾਨਾਂ ਦਾ ਵਿਸ਼ੇਸ਼ ਸਨਮਾਨ ਵੀ ਕੀਤਾ ਜਾਵੇਗਾ।
ਇਸ ਮੌਕੇ ਜ਼ਿਲ੍ਹਾ ਖੁਰਾਕ ਤੇ ਸਪਲਾਈ ਕੰਟਰੋਲਰ ਮੀਨਾਕਸ਼ੀ, ਜ਼ਿਲ੍ਹਾ ਮੰਡੀ ਅਫਸਰ ਮੁਹੰਮਦ ਅਸਲਮ, ਆੜਤੀ ਐਸੋਸੀਏਸ਼ਨ ਦੇ ਜ਼ਿਲ੍ਹਾ ਪ੍ਰਧਾਨ ਸਾਧੂ ਰਾਮ, ਸਰਹਿੰਦ ਮੰਡੀ ਦੇ ਪ੍ਰਧਾਨ ਤਰਸੇਮ ਲਾਲ ਉੱਪਲ, ਚਨਾਰਥਲ ਦੇ ਪ੍ਰਧਾਨ ਅਵਤਾਰ ਸਿੰਘ, ਮੂਲੇਪੁਰ ਦੇ ਪ੍ਰਧਾਨ ਰਾਜੇਸ਼ ਉੱਪਲ, ਚੁੰਨੀ ਦੇ ਪ੍ਰਧਾਨ ਸੁਖਦੇਵ ਸਿੰਘ, ਬਰਾਸ ਦੇ ਪ੍ਰਧਾਨ ਤੁਲਸੀ ਦਾਸ, ਅਮਲੋਹ ਦੇ ਪ੍ਰਧਾਨ ਪਰਮਵੀਰ ਸਿੰਘ ਮਾਂਗਟ, ਮੰਡੀ ਗੋਬਿੰਦਗੜ੍ਹ ਦੇ ਪ੍ਰਧਾਨ ਨਲਦੇਵ ਹਸੀਜਾ, ਸੰਘੋਲ ਦੇ ਪ੍ਰਧਾਨ ਸ਼ਿਵ ਕੁਮਾਰ, ਪੀਰਜੈਨ ਮੰਡੀ ਦੇ ਪ੍ਰਧਾਨ ਅਸ਼ੋਕ ਕੁਮਾਰ, ਬਸੀ ਪਠਾਣਾ ਮੰਡੀ ਦੇ ਪ੍ਰਧਾਨ ਰਾਜੇਸ਼ ਸਿੰਗਲਾ, ਬਾਗੜੀਆਂ ਮੰਡੀ ਦੇ ਪ੍ਰਧਾਨ ਹਰਬੰਸ ਸਿੰਘ, ਨੰਦਪੁਰ ਕਲੌੜ ਮੰਡੀ ਦੇ ਪ੍ਰਧਾਨ ਵੇਦ ਪ੍ਰਕਾਸ਼, ਸਮੇਤ ਹੋਰ ਆੜ੍ਹਤੀ ਤੇ ਸਬੰਧਤ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।