ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਨੇ ਅੱਜ ਜਿ਼ਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸੁਰਿੰਦਰ ਸਿੰਘ ਧਾਲੀਵਾਲ ਦੀ ਮੌਜੂਦਗੀ ਵਿੱਚ ਜਿ਼ਲ੍ਹਾ ਅਧਿਕਾਰੀਆਂ ਨਾਲ ਮੀਟਿੰਗ ਕਰਦਿਆਂ ਨੈਸ਼ਨਲ ਫੂਡ ਸਕਿਓਰਟੀ ਐਕਟ ਨੂੰ ਇੰਨ ਬਿੰਨ ਲਾਗੂ ਕਰਨ ਦੀ ਹਦਾਇਤ ਕੀਤੀ। ਉਨ੍ਹਾਂ ਅਧਿਕਾਰੀਆਂ ਨੂੰ ਕਿਹਾ ਕਿ ਯੋਗ ਲਾਭਪਾਤਰੀਆਂ ਨੂੰ ਸਮੇਂ ਸਿਰ ਅਤੇ ਪਾਰਦਰਸ਼ੀ ਢੰਗ ਨਾਲ ਖੁਰਾਕ ਸੁਰੱਖਿਆ ਸਕੀਮਾਂ ਦਾ ਲਾਭ ਮੁਹੱਈਆ ਕਰਵਾਇਆ ਜਾਵੇ।
ਮੈਂਬਰ ਜਸਵੀਰ ਸਿੰਘ ਸੇਖੋਂ ਨੇ ਅਧਿਕਾਰੀਆਂ ਨੂੰ ਹਦਾਇਤ ਕੀਤੀ ਕਿ ਰਾਸ਼ਨ ਕਾਰਡਾਂ ਨਾਲ ਸਬੰਧਤ ਲੋਕਾਂ ਦੀਆਂ ਸ਼ਿਕਾਇਤਾਂ ਦਾ ਤੁਰੰਤ ਨਿਪਟਾਰਾ ਕੀਤਾ ਜਾਵੇ ਅਤੇ ਯੋਗ ਪਰਿਵਾਰਾਂ ਨੂੰ ਸਕੀਮਾਂ ਨਾਲ ਜੋੜਨ ਲਈ ਵਿਸ਼ੇਸ਼ ਯਤਨ ਕੀਤੇ ਜਾਣ। ਉਨ੍ਹਾਂ ਕਿਹਾ ਕਿ ਪੰਜਾਬ ਰਾਜ ਖੁਰਾਕ ਕਮਿਸ਼ਨ ਦਾ ਮੁੱਖ ਉਦੇਸ਼ ਇਹ ਯਕੀਨੀ ਬਣਾਉਣਾ ਹੈ ਕਿ ਖੁਰਾਕ ਸੁਰੱਖਿਆ ਕਾਨੂੰਨ ਤਹਿਤ ਹਰ ਹੱਕਦਾਰ ਵਿਅਕਤੀ ਨੂੰ ਉਸਦਾ ਬਣਦਾ ਲਾਭ ਮਿਲੇ।

ਇਸ ਉਪਰੰਤ ਪੰਜਾਬ ਰਾਜ ਖੁਰਾਕ ਕਮਿਸ਼ਨ ਦੇ ਮੈਂਬਰ ਜਸਵੀਰ ਸਿੰਘ ਸੇਖੋਂ ਵੱਲੋਂ ਨੈਸ਼ਨਲ ਫੂਡ ਸਕਿਉਰਿਟੀ ਐਕਟ, 2013 ਦੀ ਪ੍ਰਭਾਵਸ਼ਾਲੀ ਲਾਗੂ ਹੋਣ ਦਾ ਦਾ ਜਾਇਜ਼ਾ ਲੈਣ ਲਈ ਸਰਹਿੰਦ ਵਿਖੇ ਰਾਸ਼ਨ ਡਿਪੂ ਦਾ ਅਚਨਚੇਤ ਨਿਰੀਖਣ ਕੀਤਾ ਗਿਆ। ਇਸ ਦੌਰਾਨ ਡਿਪੂ ਵਿਖੇ ਉਪਲਬਧ ਅਨਾਜ ਦੀ ਗੁਣਵੱਤਾ, ਭਾਰ ਅਤੇ ਨਮੀ ਦੀ ਮਾਤਰਾ ਦੀ ਤਕਨੀਕੀ ਜਾਂਚ ਕੀਤੀ ਗਈ। ਉਨ੍ਹਾਂ ਸਬੰਧਤ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਕਿ ਰਾਸ਼ਨ ਡਿਪੂਆਂ ਨੂੰ ਸਪਲਾਈ ਕੀਤੇ ਜਾਣ ਵਾਲੇ ਅਨਾਜ ਦੀ ਵੰਡ ਤੋਂ ਪਹਿਲਾਂ ਭਾਰ, ਨਮੀ ਅਤੇ ਗੁਣਵੱਤਾ ਦੀ ਨਿਯਮਿਤ ਜਾਂਚ ਯਕੀਨੀ ਬਣਾਈ ਜਾਵੇ ਅਤੇ ਲਾਭਪਾਤਰੀਆਂ ਨੂੰ ਨਿਰਧਾਰਿਤ ਮਾਪਦੰਡਾਂ ਅਨੁਸਾਰ ਮਿਆਰੀ ਅਨਾਜ ਹੀ ਮੁਹੱਈਆ ਕਰਵਾਇਆ ਜਾਵੇ।

ਉਨ੍ਹਾਂ ਇਹ ਵੀ ਹਦਾਇਤ ਕੀਤੀ ਕਿ ਰਾਸ਼ਨ ਡਿਪੂ ਵਿਖੇ ਪੰਜਾਬ ਰਾਜ ਖੁਰਾਕ ਕਮਿਸ਼ਨ ਦਾ ਹੈਲਪਲਾਈਨ ਨੰਬਰ (9876764545) ਅਤੇ ਈ-ਮੇਲ (punjabfoodcommission@gmail.com) ਸਮੇਤ ਲੋੜੀਂਦੀ ਜਾਣਕਾਰੀ ਪ੍ਰਮੁੱਖ ਸਥਾਨ ‘ਤੇ ਪ੍ਰਦਰਸ਼ਿਤ ਕੀਤੀ ਜਾਵੇ, ਤਾਂ ਜੋ ਆਮ ਲੋਕ ਆਪਣੀ ਸ਼ਿਕਾਇਤ ਜਾਂ ਸੁਝਾਅ ਆਸਾਨੀ ਨਾਲ ਦਰਜ ਕਰਵਾ ਸਕਣ।

ਇਸ ਤੋਂ ਬਾਅਦ ਉਨ੍ਹਾਂ ਨੇ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਸੰਗਤਪੁਰ ਸੋਢੀਆਂ ਅਤੇ ਆਂਗਨਵਾੜੀ ਸੈਂਟਰ ਪਿੰਡ ਸੰਗਤਪੁਰ ਸੋਢੀਆਂ ਦਾ ਅਚਨਚੇਤ ਦੌਰਾ ਕਰਕੇ ਬੱਚਿਆ ਨੂੰ ਮਿਲਣ ਵਾਲੇ ਮਿਡ ਡੇ ਮੀਲ ਦੇ ਖਾਣੇ ਦੀ ਗੁਣਵੱਤਾ ਪੀਣ ਵਾਲੇ ਪਾਣੀ, ਸਾਫ਼ ਸਫਾਈ ਆਦਿ ਦਾ ਜਾਇਜ਼ਾ ਲਿਆ। ਉਨ੍ਹਾਂ ਸਕੂਲ ਮੁਖੀ ਨੂੰ ਕਿਹਾ ਕਿ ਉਹ ਸਕੂਲ ਵਿੱਚ ਕਿਚਨ ਗਾਰਡਨ ਬਣਾਉਣ ਤਾਂ ਜੋ ਮਿਡ ਡੇ ਮੀਲ ਵਿੱਚ ਵਿੱਚ ਬੱਚਿਆਂ ਨੂੰ ਤਾਜੀਆਂ ਸਬਜੀਆਂ ਬਣਾ ਕੇ ਦਿੱਤੀਆਂ ਜਾ ਸਕਣ।ਇਸ ਮੌਕੇ ਉਨ੍ਹਾਂ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ/ਐਲੀਮੈਂਟਰੀ) ਸ੍ਰੀਮਤੀ ਰਵਿੰਦਰ ਕੌਰ,ਖੁਰਾਕ ਸਪਲਾਈ ਅਫਸਰ ਕੇਵਲ ਸਿੰਘ ਅਤੇ ਹੋਰ ਅਧਿਕਾਰੀ ਵੀ ਮੌਜੂਦ ਸਨ।