ਮਨੁੱਖਤਾ ਦੀ ਨਿਸ਼ਕਾਮ ਸੇਵਾ ਦੇ ਪ੍ਰਤੀਕ, ਪਿੰਗਲਵਾੜਾ ਸੰਸਥਾ ਦੇ ਬਾਨੀ ਅਤੇ ਬੇਸਹਾਰਾ ਲੋਕਾਂ ਦੇ ਮਸੀਹਾ ਭਗਤ ਪੂਰਨ ਸਿੰਘ ਜੀ ਦਾ 122ਵਾਂ ਜਨਮ ਦਿਹਾੜਾ ਉਨ੍ਹਾਂ ਦੇ ਜੱਦੀ ਪਿੰਡ ਰਾਜੇਵਾਲ ਵਿਖੇ ਸ਼ਰਧਾ, ਸਤਿਕਾਰ ਅਤੇ ਭਾਵਨਾਤਮਕ ਮਾਹੌਲ ਵਿੱਚ ਮਨਾਇਆ ਗਿਆ। ਇਸ ਮੌਕੇ ਵੱਖ-ਵੱਖ ਸਿਆਸੀ, ਸਮਾਜਿਕ ਅਤੇ ਧਾਰਮਿਕ ਜਥੇਬੰਦੀਆਂ ਦੇ ਨੁਮਾਇੰਦਿਆਂ, ਪਿੰਡ ਵਾਸੀਆਂ ਅਤੇ ਸੇਵਾਦਾਰਾਂ ਨੇ ਭਗਤ ਜੀ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਅਤੇ ਉਨ੍ਹਾਂ ਦੀਆਂ ਮਨੁੱਖਤਾ ਭਲਾਈ ਲਈ ਕੀਤੀਆਂ ਸੇਵਾਵਾਂ ਨੂੰ ਯਾਦ ਕੀਤਾ।
ਸਮਾਗਮ ਦੌਰਾਨ ਹਲਕਾ ਪਾਇਲ ਵਿਧਾਇਕ ਮਨਵਿੰਦਰ ਸਿੰਘ ਗਿਆਸਪੁਰਾ ਨੇ ਭਗਤ ਪੂਰਨ ਸਿੰਘ ਜੀ ਦੇ ਜੀਵਨ ਅਤੇ ਉਨ੍ਹਾਂ ਵੱਲੋਂ ਕੀਤੀ ਗਈ ਮਹਾਨ ਸੇਵਾ ਉੱਤੇ ਚਾਨਣਾ ਪਾਉਂਦਿਆਂ ਕਿਹਾ ਕਿ ਭਗਤ ਜੀ ਨੇ ਆਪਣਾ ਸਾਰਾ ਜੀਵਨ ਲੋੜਵੰਦਾਂ, ਬਿਮਾਰਾਂ, ਅੰਗਹੀਣਾਂ ਅਤੇ ਲਾਵਾਰਸ ਲੋਕਾਂ ਦੀ ਸੇਵਾ ਲਈ ਸਮਰਪਿਤ ਕਰ ਦਿੱਤਾ। ਉਨ੍ਹਾਂ ਕਿਹਾ ਕਿ ਭਗਤ ਪੂਰਨ ਸਿੰਘ ਜੀ ਦਾ ਜੀਵਨ ਅੱਜ ਵੀ ਨੌਜਵਾਨ ਪੀੜ੍ਹੀ ਲਈ ਪ੍ਰੇਰਣਾ ਸਰੋਤ ਹੈ ਅਤੇ ਉਨ੍ਹਾਂ ਵੱਲੋਂ ਸ਼ੁਰੂ ਕੀਤੀ ਗਈ ਸੇਵਾ ਦੀ ਲਹਿਰ ਲੱਖਾਂ ਲੋਕਾਂ ਨੂੰ ਮਨੁੱਖਤਾ ਦੀ ਸੇਵਾ ਲਈ ਪ੍ਰੇਰਿਤ ਕਰ ਰਹੀ ਹੈ।

ਅਕਾਲੀ ਆਗੂ ਯਾਦਵਿੰਦਰ ਸਿੰਘ ਯਾਦੂ ਨੇ ਕਿਹਾ ਕਿ ਭਗਤ ਪੂਰਨ ਸਿੰਘ ਜੀ ਨਿਸ਼ਕਾਮ ਸੇਵਾ, ਤਿਆਗ ਅਤੇ ਸਮਰਪਣ ਦੀ ਜਿਊਂਦੀ ਮਿਸਾਲ ਸਨ। ਉਨ੍ਹਾਂ ਕਿਹਾ ਕਿ ਅੱਜ ਦੇ ਸਮੇਂ ਵਿੱਚ ਜਦੋਂ ਲੋਕ ਆਪਣੀ ਸਹੂਲਤ ਅਤੇ ਸਵਾਰਥ ਨੂੰ ਪਹਿਲ ਦਿੰਦੇ ਹਨ, ਭਗਤ ਜੀ ਦਾ ਜੀਵਨ ਸਾਨੂੰ ਸਿਖਾਉਂਦਾ ਹੈ ਕਿ ਅਸਲ ਧਰਮ ਮਨੁੱਖਤਾ ਦੀ ਸੇਵਾ ਹੈ। ਉਨ੍ਹਾਂ ਸਮਾਜ ਦੇ ਹਰ ਵਰਗ ਨੂੰ ਭਗਤ ਜੀ ਦੇ ਦੱਸੇ ਰਸਤੇ ’ਤੇ ਚੱਲਣ ਦੀ ਅਪੀਲ ਕੀਤੀ।
ਇਸ ਮੌਕੇ ਬੁਲਾਰਿਆਂ ਨੇ ਕਿਹਾ ਕਿ ਕਿਸੇ ਦੇਸ਼ ਜਾਂ ਕੌਮ ਦੀ ਤਾਕਤ ਉਸ ਦੀ ਦੌਲਤ ਜਾਂ ਉੱਚੀਆਂ ਇਮਾਰਤਾਂ ਵਿੱਚ ਨਹੀਂ, ਸਗੋਂ ਉਥੋਂ ਦੇ ਲੋਕਾਂ ਦੇ ਚੰਗੇ ਆਚਰਨ, ਤਿਆਗ ਅਤੇ ਲੋਕ ਭਲਾਈ ਲਈ ਕੀਤੇ ਯੋਗਦਾਨ ਵਿੱਚ ਹੁੰਦੀ ਹੈ। ਭਗਤ ਪੂਰਨ ਸਿੰਘ ਜੀ ਨੇ ਇਹ ਗੱਲ ਆਪਣੇ ਜੀਵਨ ਰਾਹੀਂ ਸਾਬਤ ਕਰ ਦਿੱਤੀ।