ਬਜਟ ਲੋਕ ਭਲਾਈ ਤੇ ਪੰਜਾਬ ਦੇ ਸਰਵਪੱਖੀ ਵਿਕਾਸ ਦੀ ਮੂੰਹ ਬੋਲਦੀ ਤਸਵੀਰ-ਵਿਧਾਇਕ ਗੈਰੀ ਬੜਿੰਗ, ਲਖਬੀਰ ਰਾਏ, ਰੁਪਿੰਦਰ ਹੈਪੀ

*ਹਰੇਕ ਵਰਗ ਦੇ ਲੋਕਾਂ ਦਾ ਸਿਹਤ ਕਾਰਡ ਬਣਾਉਣਾ ਸਰਕਾਰ ਦਾ ਇਤਿਹਾਸਕ ਫੈਸਲਾ
*ਐਸ.ਸੀ. ਕਾਰਪੋਰੇਸ਼ਨ ਦੇ ਕਰਜ਼ੇ ਮਾਫ ਕਰਕੇ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਦਿੱਤੀ ਰਾਹਤ

ਫ਼ਤਹਿਗੜ੍ਹ ਸਾਹਿਬ, 26 ਮਾਰਚ:- ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਵਿੱਤ ਮੰਤਰੀ ਹਰਪਾਲ ਸਿੰਘ ਚੀਮਾ ਵੱਲੋਂ ਪੇਸ਼ ਕੀਤਾ ਗਿਆ ਬਜਟ ਲੋਕ ਭਲਾਈ ਤੇ ਸੂਬੇ ਦੇ ਸਰਵਪੱਖੀ ਵਿਕਾਸ ਦੀ ਮੂੰਹ ਬੋਲਦੀ ਤਸਵੀਰ ਹੈ ਅਤੇ ਬਜਟ ਸੂਬੇ ਦੇ ਵਿਕਾਸ ਲਈ ਸਰਕਾਰ ਦੀ ਵਚਨਬੱਧਤਾ ਨੂੰ ਦਰਸਾਉਂਦਾ ਹੈ। ਇਹ ਪ੍ਰਗਟਾਵਾ ਫ਼ਤਹਿਗੜ੍ਹ ਸਾਹਿਬ ਦੇ ਵਿਧਾਇਕ ਲਖਬੀਰ ਸਿੰਘ ਰਾਏ, ਅਮਲੋਹ ਦੇ ਵਿਧਾਇਕ ਗੁਰਿੰਦਰ ਸਿੰਘ ਗੈਰੀ ਬੜਿੰਗ ਅਤੇ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਬਜਟ ਸਬੰਧੀ ਗੱਲਬਾਤ ਕਰਦਿਆਂ ਕੀਤਾ।


ਉਨ੍ਹਾਂ ਕਿਹਾ ਕਿ ਵਿਧਾਨ ਸਭਾ ਵਿੱਚ ਪੇਸ਼ ਕੀਤਾ ਗਿਆ ਬਜਟ ਇਸ ਗੱਲ ਦਾ ਪ੍ਰਤੀਕ ਹੈ ਕਿ ਸੂਬਾ ਸਰਕਾਰ ਹਰੇਕ ਵਰਗ ਦੇ ਲੋਕਾਂ ਦੀ ਭਲਾਈ ਅਤੇ ਸੂਬੇ ਦੇ ਪਿੰਡਾਂ ਤੇ ਸ਼ਹਿਰਾਂ ਦੇ ਵਿਕਾਸ ਨੂੰ ਤਰਜ਼ੀਹ ਦੇ ਰਹੀ ਹੈ ਅਤੇ ਇਹ ਬਜਟ ਪੰਜਾਬ ਦੇ ਵਿਕਾਸ ਵਿੱਚ ਅਹਿਮ ਭੂਮਿਕਾ ਅਦਾ ਕਰੇਗਾ। ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਅਧੀਨ ਹਰੇਕ ਵਰਗ ਦੇ ਲੋਕਾਂ ਦਾ ਸਿਹਤ ਕਾਰਡ ਬਣਾਉਣਾ ਤੇ 10 ਲੱਖ ਰੁਪਏ ਤੱਕ ਦੇ ਮੁਫਤ ਇਲਾਜ ਦਾ ਕੀਤਾ ਗਿਆ ਪ੍ਰਬੰਧ ਇੱਕ ਇਤਿਹਾਸਕ ਫੈਸਲਾ ਹੈ ਜਿਸ ਨਾਲ ਸਿਹਤਮੰਦ ਪੰਜਾਬ ਦਾ ਨਿਰਮਾਣ ਕੀਤਾ ਜਾਵੇਗਾ। ਇਸੇ ਤਰ੍ਹਾਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਵਾਸਤੇ “ਖੇਡਦਾ ਪੰਜਾਬ ਬਦਲਦਾ ਪੰਜਾਬ” ਦੇ ਨਾਂਅ ਹੇਠ ਸਰਕਾਰ ਨੇ ਇੱਕ ਸ਼ਲਾਘਾਯੋਗ ਕਦਮ ਚੁੱਕਿਆ ਹੈ ਜਿਸ ਨਾਲ ਜਿਥੇ ਪਿੰਡਾਂ ਵਿੱਚ ਖੇਡ ਮੈਦਾਨ ਤੇ ਇਨਡੋਰ ਜਿੰਮ ਬਣਾ ਕੇ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਿਆ ਜਾਵੇਗਾ ਉਥੇ ਹੀ ਸਰਕਾਰ ਦਾ ਇਹ ਉਪਰਾਲਾ ਨੌਜਵਾਨ ਵਰਗ ਨੂੰ ਨਸ਼ਿਆਂ ਤੋਂ ਦੂਰ ਰੱਖ ਕੇ ਨ਼ਸ਼ਾ ਮੁਕਤ ਪੰਜਾਬ ਦੀ ਸਿਰਜਣਾ ਲਈ ਸਹਾਈ ਹੋਵੇਗਾ।


ਉਨ੍ਹਾਂ ਕਿਹਾ ਕਿ ਰੰਗਲਾ ਪੰਜਾਬ ਵਿਕਾਸ ਸਕੀਮ ਅਧੀਨ ਹਰੇਕ ਹਲਕੇ ਦੇ ਵਿਕਾਸ ਲਈ 5-5 ਕਰੋੜ ਰੁਪਏ ਰਾਖਵੇਂ ਰੱਖਣ ਨਾਲ ਸੂਬੇ ਦਾ ਚੋਹਤਰਫਾ ਵਿਕਾਸ ਹੋ ਸਕੇਗਾ। ਉਨ੍ਹਾਂ ਕਿਹਾ ਕਿ ਪਿੰਡਾਂ ਦੇ ਵਿਕਾਸ ਲਈ 3500 ਕਰੋੜ ਰੁਪਏ ਰੱਖਣ ਨਾਲ ਸੂਬੇ ਦੇ ਪਿੰਡਾਂ ਦੀ ਨੁਹਾਰ ਬਦਲੇਗੀ। ਉਨ੍ਹਾਂ ਕਿਹਾ ਕਿ ਇਸੇ ਤਰ੍ਹਾਂ ਵਿੱਤ ਮੰਤਰੀ ਵੱਲੋਂ ਐਸ.ਸੀ. ਕਾਰਪੋਰੇਸ਼ਨ ਵੱਲੋਂ 31 ਮਾਰਚ 2020 ਤੱਕ ਦਿੱਤੇ ਗਏ ਕਰਜ਼ੇ ਮਾਫ ਕਰਨ ਨਾਲ ਅਨੁਸੂਚਿਤ ਜਾਤੀ ਦੇ ਲੋਕਾਂ ਨੂੰ ਵੱਡੀ ਰਾਹਤ ਮਿਲੇਗੀ। ਇਸੇ ਤਰ੍ਹਾਂ ਡੋਰ ਸਟੈੱਪ ਸੇਵਾਵਾਂ ਲੈਣ ਲਈ ਦਿੱਤੀ ਜਾਂਦੀ ਫੀਸ ਵਿੱਚ ਵੱਡੀ ਕਟੌਤੀ ਕਰਕੇ ਲੋਕਾਂ ਨੂੰ ਰਾਹਤ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਸਿੱਖਿਆ ਦਾ ਮਿਆਰ ਉੱਚਾ ਚੁੱਕਣ ਲਈ ਸਰਕਾਰ ਵੱਲੋਂ ਰੱਖੇ ਗਏ ਬਜਟ ਨਾਲ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਵਿਸ਼ਵ ਪੱਧਰੀ ਸਹੂਲਤਾਂ ਹਾਸਲ ਹੋਣਗੀਆਂ।

Leave a Reply

Your email address will not be published. Required fields are marked *