ਕਾਂਗਰਸ ਪਾਰਟੀ ਇੱਕਜੁਟ ਅਤੇ ਮਜ਼ਬੂਤ ਹੋ ਕੇ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜੇਗੀ: ਬਲਬੀਰ ਸਿੱਧੂ

 ਪੰਜਾਬ ਦੇ ਸਾਬਕਾ ਸਿਹਤ ਮੰਤਰੀ ਅਤੇ ਸੀਨੀਅਰ ਕਾਂਗਰਸੀ ਆਗੂ ਬਲਬੀਰ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਕਾਂਗਰਸ ਅੱਜ ਪੂਰੀ ਤਰ੍ਹਾਂ ਇੱਕਜੁਟ, ਮਜ਼ਬੂਤ ਅਤੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦੇ ਸਮੂਹ ਸੀਨੀਅਰ ਆਗੂ, ਵਿਧਾਇਕ, ਵਰਕਰ ਅਤੇ ਸਮਰਥਕ ਆਪਸੀ ਏਕਤਾ ਨਾਲ 2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਲੜਨਗੇ ਅਤੇ ਪੰਜਾਬ ਵਿੱਚ ਕਾਂਗਰਸ ਦੀ ਸਰਕਾਰ ਬਣਾ ਕੇ ਸੂਬੇ ਨੂੰ ਮੁੜ ਵਿਕਾਸ ਅਤੇ ਖੁਸ਼ਹਾਲੀ ਦੀ ਰਾਹ ‘ਤੇ ਲੈ ਕੇ ਜਾਣਗੇ।

ਬਲਬੀਰ ਸਿੱਧੂ ਨੇ ਕਿਹਾ ਕਿ ਪੰਜਾਬ ਕਾਂਗਰਸ ਦੇ ਇੰਚਾਰਜ ਭੁਪੇਸ਼ ਬਘੇਲ, ਪੰਜਾਬ ਕਾਂਗਰਸ ਦੇ ਪ੍ਰਧਾਨ ਰਾਜਾ ਵੜਿੰਗ ਅਤੇ ਹੋਰ ਸੀਨੀਅਰ ਕਾਂਗਰਸੀ ਆਗੂਆਂ ਨਾਲ ਰਾਤ ਦੇ ਖਾਣੇ ਦੌਰਾਨ ਹੋਈ ਵਿਚਾਰ-ਚਰਚਾ ਨੇ ਇਹ ਸਪੱਸ਼ਟ ਕਰ ਦਿੱਤਾ ਹੈ ਕਿ ਪਾਰਟੀ ਅੰਦਰ ਪੂਰੀ ਏਕਤਾ, ਆਪਸੀ ਵਿਸ਼ਵਾਸ ਅਤੇ ਸਾਂਝੀ ਸੋਚ ਮੌਜੂਦ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦਾ ਹਰ ਆਗੂ ਨਿੱਜੀ ਸਵਾਰਥਾਂ ਤੋਂ ਉੱਪਰ ਉੱਠ ਕੇ ਪੰਜਾਬ ਅਤੇ ਪੰਜਾਬੀਆਂ ਦੇ ਹਿੱਤਾਂ ਲਈ ਸਮਰਪਿਤ ਹੋ ਕੇ ਕੰਮ ਕਰ ਰਿਹਾ ਹੈ।

ਉਨ੍ਹਾਂ ਕਿਹਾ ਕਿ ਪੰਜਾਬ ਦੇ ਲੋਕ ਅੱਜ ਮੌਜੂਦਾ ਸਰਕਾਰ ਦੀਆਂ ਨਾਕਾਮੀਆਂ ਤੋਂ ਤੰਗ ਆ ਚੁੱਕੇ ਹਨ। ਕਾਨੂੰਨ-ਵਿਵਸਥਾ ਦੀ ਵਿਗੜਦੀ ਸਥਿਤੀ, ਨਸ਼ਿਆਂ ਦਾ ਵਧਦਾ ਪ੍ਰਕੋਪ, ਬੇਰੁਜ਼ਗਾਰੀ, ਮਹਿੰਗਾਈ ਅਤੇ ਵਿਕਾਸ ਕਾਰਜਾਂ ਵਿੱਚ ਆਈ ਖੜੋਤ ਨੇ ਆਮ ਲੋਕਾਂ ਦੀ ਜ਼ਿੰਦਗੀ ਮੁਸ਼ਕਲ ਬਣਾ ਦਿੱਤੀ ਹੈ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਜਿਨ੍ਹਾਂ ਵਾਅਦਿਆਂ ਦੇ ਆਧਾਰ ‘ਤੇ ਸੱਤਾ ਹਾਸਲ ਕੀਤੀ ਸੀ, ਉਹ ਪੂਰੇ ਕਰਨ ਵਿੱਚ ਪੂਰੀ ਤਰ੍ਹਾਂ ਅਸਫਲ ਰਹੀ ਹੈ, ਜਿਸ ਕਾਰਨ ਲੋਕਾਂ ਦਾ ਭਰੋਸਾ ਸਰਕਾਰ ਤੋਂ ਉੱਠ ਚੁੱਕਾ ਹੈ।

ਮੁੱਖ ਮੰਤਰੀ ਭਗਵੰਤ ਮਾਨ ‘ਤੇ ਤਿੱਖਾ ਨਿਸ਼ਾਨਾ ਸਾਧਦਿਆਂ ਬਲਬੀਰ ਸਿੱਧੂ ਨੇ ਦੋਸ਼ ਲਾਇਆ ਕਿ ਉਨ੍ਹਾਂ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੀ ਮਰਿਆਦਾ ਨਾਲ ਟਕਰਾਅ ਵਾਲਾ ਰਵੱਈਆ ਅਪਣਾਇਆ ਹੈ। ਉਨ੍ਹਾਂ ਇਹ ਵੀ ਦੋਸ਼ ਲਾਇਆ ਕਿ ਵਾਇਰਲ ਹੋਈ ਇੱਕ ਵੀਡੀਓ ਨੂੰ ਝੂਠਾ ਸਾਬਤ ਕਰਨ ਲਈ ਜਾਅਲੀ ਰਿਪੋਰਟ ਤਿਆਰ ਕਰਵਾਈ ਗਈ। ਬਲਬੀਰ ਸਿੱਧੂ ਨੇ ਕਿਹਾ ਕਿ ਉਨ੍ਹਾਂ ਦੇ ਵਿਚਾਰ ਵਿੱਚ ਸੱਤਾ ਦੇ ਹੰਕਾਰ ਵਿੱਚ ਮੁੱਖ ਮੰਤਰੀ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਨੂੰ ਲਲਕਾਰਨ ਦੀ ਕੋਸ਼ਿਸ਼ ਕੀਤੀ ਹੈ, ਜੋ ਪੰਜਾਬ ਦੀਆਂ ਧਾਰਮਿਕ ਭਾਵਨਾਵਾਂ ਦੇ ਉਲਟ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਸੰਵਿਧਾਨਕ ਅਹੁਦੇ ‘ਤੇ ਬੈਠੇ ਵਿਅਕਤੀ ਨੂੰ ਧਾਰਮਿਕ ਸੰਸਥਾਵਾਂ ਦੀ ਮਰਿਆਦਾ ਅਤੇ ਸਤਿਕਾਰ ਨੂੰ ਹਰ ਹਾਲ ਵਿੱਚ ਬਰਕਰਾਰ ਰੱਖਣਾ ਚਾਹੀਦਾ ਹੈ।

ਮੋਹਾਲੀ ਦੇ ਆਮ ਆਦਮੀ ਪਾਰਟੀ ਦੇ ਵਿਧਾਇਕ ਕੁਲਵੰਤ ਸਿੰਘ ਸਿੱਧੂ ‘ਤੇ ਵਰ੍ਹਦਿਆਂ ਬਲਬੀਰ ਸਿੱਧੂ ਨੇ ਕਿਹਾ ਕਿ ਚੋਣਾਂ ਦੌਰਾਨ ਕੀਤੇ ਗਏ ਵਿਕਾਸ ਦੇ ਸਾਰੇ ਵਾਅਦੇ ਸਿਰਫ਼ ਐਲਾਨਾਂ ਤੱਕ ਹੀ ਸੀਮਤ ਰਹਿ ਗਏ ਹਨ। ਉਨ੍ਹਾਂ ਕਿਹਾ ਕਿ ਅੱਜ ਵੀ ਮੋਹਾਲੀ ਦੇ ਲੋਕ ਸੀਵਰੇਜ ਦੀ ਸਮੱਸਿਆ, ਟੁੱਟੀਆਂ ਸੜਕਾਂ, ਟ੍ਰੈਫਿਕ ਦੀਆਂ ਮੁਸ਼ਕਲਾਂ ਅਤੇ ਬੁਨਿਆਦੀ ਸਹੂਲਤਾਂ ਦੀ ਘਾਟ ਨਾਲ ਜੂਝ ਰਹੇ ਹਨ। ਨਾ ਕੋਈ ਨਵਾਂ ਕਾਲਜ ਬਣਿਆ, ਨਾ ਕੋਈ ਹਸਪਤਾਲ ਅਤੇ ਨਾ ਹੀ ਸ਼ਹਿਰ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਕੋਈ ਠੋਸ ਕਦਮ ਚੁੱਕਿਆ ਗਿਆ।

ਉਨ੍ਹਾਂ ਕਿਹਾ ਕਿ ਕਾਂਗਰਸ ਸਰਕਾਰ ਦੇ ਕਾਰਜਕਾਲ ਦੌਰਾਨ ਜਿਨ੍ਹਾਂ ਹਸਪਤਾਲਾਂ ਅਤੇ ਹੋਰ ਲੋਕ ਭਲਾਈ ਦੇ ਪ੍ਰੋਜੈਕਟਾਂ ਦੀ ਨੀਂਹ ਰੱਖੀ ਗਈ ਸੀ, ਉਹ ਅੱਜ ਵੀ ਅਧੂਰੇ ਪਏ ਹਨ। ਉਨ੍ਹਾਂ ਦੋਸ਼ ਲਾਇਆ ਕਿ ਮੌਜੂਦਾ ਸਰਕਾਰ ਨੇ ਇਨ੍ਹਾਂ ਮਹੱਤਵਪੂਰਨ ਪ੍ਰੋਜੈਕਟਾਂ ਨੂੰ ਪੂਰਾ ਕਰਨ ਦੀ ਬਜਾਏ ਉਨ੍ਹਾਂ ਨੂੰ ਅਣਗੌਲਿਆ ਕਰ ਦਿੱਤਾ ਹੈ, ਜਿਸ ਕਾਰਨ ਲੋਕਾਂ ਨੂੰ ਸਿਹਤ, ਸਿੱਖਿਆ ਅਤੇ ਹੋਰ ਜ਼ਰੂਰੀ ਸਹੂਲਤਾਂ ਤੋਂ ਵਾਂਝਾ ਰਹਿਣਾ ਪੈ ਰਿਹਾ ਹੈ। ਉਨ੍ਹਾਂ ਕਿਹਾ ਕਿ ਜਿਸ ਮੋਹਾਲੀ ਨੂੰ ਵਿਕਾਸ ਦਾ ਮਾਡਲ ਬਣਨਾ ਚਾਹੀਦਾ ਸੀ, ਉੱਥੇ ਵਿਕਾਸ ਕਾਰਜ ਲਗਭਗ ਠੱਪ ਹੋ ਚੁੱਕੇ ਹਨ।

ਬਲਬੀਰ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਦਾ ਇਤਿਹਾਸ ਦੇਸ਼ ਅਤੇ ਪੰਜਾਬ ਦੀ ਤਰੱਕੀ, ਲੋਕਤੰਤਰ ਦੀ ਮਜ਼ਬੂਤੀ ਅਤੇ ਲੋਕ ਭਲਾਈ ਲਈ ਸਮਰਪਿਤ ਰਿਹਾ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਨੇ ਹਮੇਸ਼ਾ ਲੋਕਾਂ ਦੇ ਹੱਕਾਂ ਦੀ ਰਾਖੀ ਕਰਦਿਆਂ ਵਿਕਾਸ, ਸਿੱਖਿਆ, ਸਿਹਤ, ਉਦਯੋਗ ਅਤੇ ਕਿਸਾਨਾਂ ਦੀ ਭਲਾਈ ਨੂੰ ਪਹਿਲ ਦਿੱਤੀ ਹੈ। ਅੱਜ ਵੀ ਕਾਂਗਰਸ ਦੇਸ਼ ਅਤੇ ਪੰਜਾਬ ਦੇ ਲੋਕਾਂ ਦੀਆਂ ਉਮੀਦਾਂ ‘ਤੇ ਖਰਾ ਉਤਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪਾਰਟੀ ਦਾ ਹਰ ਆਗੂ ਅਤੇ ਵਰਕਰ ਇੱਕ ਪਰਿਵਾਰ ਵਾਂਗ ਕੰਮ ਕਰ ਰਿਹਾ ਹੈ ਅਤੇ ਪੰਜਾਬ ਦੇ ਲੋਕਾਂ ਨੂੰ ਇੱਕ ਸਥਿਰ, ਜਵਾਬਦੇਹ ਅਤੇ ਵਿਕਾਸਮੁਖੀ ਸਰਕਾਰ ਦੇਣ ਲਈ ਪੂਰੀ ਤਾਕਤ ਨਾਲ ਮੈਦਾਨ ਵਿੱਚ ਉਤਰੇਗਾ।

ਬਲਬੀਰ ਸਿੱਧੂ ਨੇ ਕਿਹਾ ਕਿ ਕਾਂਗਰਸ ਪਾਰਟੀ ਹਮੇਸ਼ਾ ਲੋਕਾਂ ਦੀ ਆਵਾਜ਼ ਬਣ ਕੇ ਖੜ੍ਹੀ ਰਹੀ ਹੈ ਅਤੇ ਅੱਗੇ ਵੀ ਹਰ ਲੋਕ-ਹਿੱਤ ਦੇ ਮੁੱਦੇ ‘ਤੇ ਸੰਘਰਸ਼ ਕਰਦੀ ਰਹੇਗੀ। ਉਨ੍ਹਾਂ ਕਿਹਾ ਕਿ 2027 ਦੀਆਂ ਵਿਧਾਨ ਸਭਾ ਚੋਣਾਂ ਪੰਜਾਬ ਦੇ ਭਵਿੱਖ ਦੀ ਦਿਸ਼ਾ ਤੈਅ ਕਰਨਗੀਆਂ ਅਤੇ ਲੋਕ ਝੂਠੇ ਵਾਅਦਿਆਂ ਦੀ ਬਜਾਏ ਕੰਮ ਕਰਨ ਵਾਲੀ ਸਰਕਾਰ ਨੂੰ ਚੁਣਨਗੇ। ਉਨ੍ਹਾਂ ਵਿਸ਼ਵਾਸ ਪ੍ਰਗਟਾਇਆ ਕਿ ਪੰਜਾਬ ਦੇ ਲੋਕ ਕਾਂਗਰਸ ਪਾਰਟੀ ਨੂੰ ਭਾਰੀ ਬਹੁਮਤ ਨਾਲ ਜਿਤਾ ਕੇ ਸੂਬੇ ਵਿੱਚ ਮੁੜ ਵਿਕਾਸ, ਸੁਸ਼ਾਸਨ ਅਤੇ ਲੋਕ-ਪੱਖੀ ਨੀਤੀਆਂ ਵਾਲੀ ਸਰਕਾਰ ਕਾਇਮ ਕਰਨਗੇ।

ਇਸ ਮੌਕੇ ਮੋਹਾਲੀ ਦੇ ਸਾਬਕਾ ਮੇਅਰ ਸ. ਅਮਰਜੀਤ ਸਿੰਘ ਜੀਤੀ ਸਿੱਧੂ ਜੀ, ਫ਼ਤਿਹਗੜ੍ਹ ਸਾਹਿਬ ਤੋਂ ਮੈਂਬਰ ਪਾਰਲੀਮੈਂਟ  ਡਾ. ਅਮਰ ਸਿੰਘ ਜੀ, ਚੇਅਰਮੈਨ (ਪੰਜਾਬ ਕਾਂਗਰਸ ਐਨਆਰਆਈ ਸੈੱਲ) ਕੈਪਟਨ ਸੰਦੀਪ ਸੰਧੂ ਜੀ, ਸਾਬਕਾ ਸਪੀਕਰ ਰਾਣਾ ਕੇ.ਪੀ. ਜੀ ਅਤੇ  ਸਾਬਕਾ ਵਿਧਾਇਕ ਕੁਲਬੀਰ ਸਿੰਘ ਜ਼ੀਰਾ ਜੀ ਸਮੇਤ ਕਈ ਸੀਨੀਅਰ ਆਗੂ ਹਾਜ਼ਰ ਸਨ।

Leave a Reply

Your email address will not be published. Required fields are marked *