ਡਿਪਟੀ ਕਮਿਸ਼ਨਰ ਨੇ ਪਿੰਡ ਕਰਨੀਖੇੜਾ ਵਿਖੇ ਕਿਸਾਨ ਸਿਖਲਾਈ ਕੈਂਪ ਵਿੱਚ ਸ਼ਿਰਕਤ ਕਰਕੇ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਕੀਤਾ ਜਾਗਰੂਕ

ਜ਼ਿਲ੍ਹੇ ਵਿੱਚੋਂ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਠੱਲ੍ਹ ਪਾਉਣ ਲਈ ਫਾਜ਼ਿਲਕਾ ਜ਼ਿਲ੍ਹਾ ਪ੍ਰਸ਼ਾਸਨ ਪੱਬਾ ਭਾਰ ਹੋ ਗਿਆ ਹੈ ਤੇ ਇਸੇ ਤਹਿਤ ਹੀ ਅੱਜ ਫਾਜ਼ਿਲਕਾ ਦੇ ਪਿੰਡ ਕਰਨੀਖੇੜਾ ਵਿਖੇ ਖੇਤੀਬਾੜੀ ਵਿਭਾਗ ਵੱਲੋਂ ਕਿਸਾਨ ਸਿਖਲਾਈ ਕੈਂਪ ਦਾ ਆਯੋਜਨ ਕੀਤਾ ਗਿਆ। ਜਿਸ ਵਿੱਚ ਫਾਜ਼ਿਲਕਾ ਦੇ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕਰਕੇ ਆਏ ਹੋਏ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਬਾਰੇ ਜਾਗਰੂਕ ਕੀਤਾ। ਇਸ ਉਪਰੰਤ ਡਿਪਟੀ ਕਮਿਸ਼ਨਰ ਵੱਲੋਂ ਫਾਜ਼ਿਲਕਾ ਦੇ ਪਿੰਡ ਸੁਰੇਸ਼ ਵਾਲਾ ਸੈਣੀਆਂ ਵਿਖੇ ਬੇਲਰ ਨਾਲ ਪਰਾਲੀ ਦੀਆਂ ਗੱਠਾਂ ਬਣਾਉਣ ਦੇ ਕੰਮ ਦੀ ਵੀ ਸ਼ੁਰੂਆਤ ਕਰਵਾਈ ਗਈ।

      ਕੈਂਪ ਦੌਰਾਨ ਕਿਸਾਨਾਂ ਨੂੰ ਜਾਗਰੂਕ ਕਰਦਿਆਂ ਡਿਪਟੀ ਕਮਿਸ਼ਨਰ ਨੇ ਕਿਹਾ ਕਿ ਪਰਾਲੀ ਨੂੰ ਅੱਗ ਲਗਾਉਣ ਨਾਲ ਇਸ ਤੋਂ ਪੈਦਾ ਹੋਏ ਧੂੰਏ ਨਾਲ ਅਨੇਕਾਂ ਬਿਮਾਰੀਆਂ ਪੈਦਾ ਹੁੰਦੀਆਂ ਹਨ ਤੇ ਸਾਡਾ ਵਾਤਾਵਾਰਨ ਵੀ ਦੂਸ਼ਿਤ ਹੁੰਦਾ ਹੈ ਤੇ ਰਾਹੀਗਰ ਵੀ ਦੁਰਘਟਨਾ ਦਾ ਸ਼ਿਕਾਰ ਹੋ ਜਾਂਦੇ ਹਨ। ਉਨ੍ਹਾਂ ਕਿਹਾ ਕਿ ਕਿਸਾਨ ਪਰਾਲੀ ਨੂੰ ਅੱਗ ਲਗਾਉਣ ਦੀ ਬਜਾਏ ਵਿਗਿਆਨਕ ਤਕਨੀਕਾਂ ਅਤੇ ਆਧੁਨਿਕ ਖੇਤੀ ਮਸ਼ੀਨਰੀ ਦੀ ਵਰਤੋਂ ਕਰਦਿਆਂ ਇਸ ਦਾ ਸੁਚੱਜਾ ਪ੍ਰਬੰਧਨ ਕਰਨ। ਉਨ੍ਹਾਂ ਕਿਹਾ ਕਿ ਪਰਾਲੀ ਦਾ ਯੋਗ ਪ੍ਰਬੰਧਨ ਜਿੱਥੇ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਵਿੱਚ ਸਹਾਇਕ ਹੈ, ਉੱਥੇ ਹੀ ਵਾਤਾਵਰਣ ਦੀ ਸੁਰੱਖਿਆ ਵਿੱਚ ਵੀ ਅਹਿਮ ਯੋਗਦਾਨ ਪਾਉਂਦਾ ਹੈ।

ਉਨ੍ਹਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਹਿਕਾਰੀ ਸਭਾਵਾਂ ਨੂੰ ਸਬਸਿਡੀ ਅਧੀਨ ਖੇਤੀਬਾੜੀ ਸੰਦ ਮੁਹੱਈਆ ਕਰਵਾਏ ਗਏ ਹਨ, ਜਿਨ੍ਹਾਂ ਦੀ ਵਰਤੋਂ ਕਿਸਾਨ ਵੀਰ ਕਰ ਸਕਦੇ ਹਨ। ਉਨ੍ਹਾਂ ਦੱਸਿਆ ਕਿ ਸਹਿਕਾਰੀ ਸਭਾਵਾਂ ਪਾਸ ਬੇਲਰ, ਟਰੈਕਟਰ, ਸੁਪਰ ਸੀਡਰ, ਹੈਪੀ ਸੀਡਰ, ਮਲਚਰ, ਰੋਟਾਵੇਟਰ, ਪਲਟਾਵੇਂ ਹੱਲ ਆਦਿ ਖੇਤੀਬਾੜੀ ਸੰਦ ਮੌਜੂਦ ਹਨ। ਕੋਈ ਵੀ ਕਿਸਾਨ ਵੀਰ ਆਪਣੀ ਨੇੜਲੀ ਸਭਾ ਪਾਸੋਂ ਪਰਾਲੀ ਦੀ ਸਾਂਭ ਸੰਭਾਲ ਲਈ ਖੇਤੀਬਾੜੀ ਸੰਦ ਲੈ ਸਕਦਾ ਹੈ। ਜੇਕਰ ਕਿਸੇ ਵੀ ਕਿਸਾਨ ਨੂੰ ਖੇਤੀਬਾੜੀ ਸੰਦ ਪ੍ਰਾਪਤ ਕਰਨ ਵਿੱਚ ਮੁਸ਼ਕਿਲ ਪੇਸ਼ ਆਉਦੀ ਹੈ ਤਾਂ ਉਹ ਸਭਾ ਦੇ ਸਕੱਤਰ ਜਾਂ ਪ੍ਰਧਾਨ ਸਭਾ ਨਾਲ ਸੰਪਰਕ ਕਰ ਸਕਦਾ ਹੈ।ਇਸ ਦੌਰਾਨ ਉਨ੍ਹਾਂ ਕਿਸਾਨਾਂ ਨੂੰ ਸਰ੍ਹੋਂ ਦੀਆਂ ਮਿੰਨੀ ਕਿੱਟਾਂ ਵੀ ਵੰਡੀਆਂ।

ਇਸ ਮੌਕੇ ਮੁੱਖ ਖੇਤੀਬਾੜੀ ਅਫਸਰ ਡਾ. ਕੁਲਵੰਤ ਸਿੰਘ ਨੇ ਕਿਸਾਨ ਵੀਰਾਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਝੋਨੇ ਦੀ ਪਰਾਲੀ ਨੂੰ ਅੱਗ ਨਾ ਲਗਾਈ ਜਾਵੇ ਕਿਉਂਕਿ ਅੱਗ ਲਗਾਉਣ ਨਾਲ ਜਿੱਥੇ ਵਾਤਾਵਰਨ ਪ੍ਰਦੂਸ਼ਤ ਹੁੰਦਾ ਹੈ, ਉੱਥੇ ਹੀ ਜ਼ਮੀਨ ਦੀ ਉਪਜਾਊ ਸ਼ਕਤੀ ਵੀ ਘੱਟਦੀ ਹੈ। ਉਨ੍ਹਾਂ ਕਿਹਾ ਕਿ ਪਰਾਲੀ ਦਾ ਯੋਗ ਪ੍ਰਬੰਧਨ ਜਿੱਥੇ ਮਿੱਟੀ ਦੀ ਸਿਹਤ ਨੂੰ ਬਰਕਰਾਰ ਰੱਖਣ ਵਿੱਚ ਸਹਾਇਕ ਹੈ, ਉੱਥੇ ਹੀ ਵਾਤਾਵਰਣ ਦੀ ਸੁਰੱਖਿਆ ਵਿੱਚ ਵੀ ਅਹਿਮ ਯੋਗਦਾਨ ਪਾਉਂਦਾ ਹੈ।

ਇਸ ਮੌਕੇ ਬਲਾਕ ਖੇਤੀਬਾੜੀ ਅਫਸਰ ਪਰਮਿੰਦਰ ਸਿੰਘ ਸੰਧੂ, ਖੇਤਰੀ ਖੋਜ ਕੇਂਦਰ ਵੱਲੋਂ ਡਾ. ਜਗਦੀਸ ਅਰੋੜਾ, ਖੇਤੀਬਾੜੀ ਵਿਕਾਸ ਅਫਸਰ ਹਰਵਿੰਦਰ ਸਿੰਘ, ਜੇ.ਟੀ ਤਰਸੇਮ ਸਿੰਘ, ਸਰਕਲ ਇੰਚਾਰਜ ਸੁਖਦੀਪ ਸਿੰਘ ਸਮੇਤ ਖੇਤੀਬਾੜੀ ਵਿਭਾਗ ਦੇ ਕਰਮਚਾਰੀ ਅਤੇ ਵੱਡੀ ਗਿਣਤੀ ਵਿੱਚ ਪਿੰਡ ਦੇ ਕਿਸਾਨ ਹਾਜ਼ਰ ਸਨ।

Leave a Reply

Your email address will not be published. Required fields are marked *