ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੇ ਲੋਕਾਂ ਦੇ ਮਨਾਂ ਵਿੱਚ ਡਰ ਪੈਦਾ ਕੀਤਾ: ਵਿਜੇ ਇੰਦਰ ਸਿੰਗਲਾ

ਚੰਡੀਗੜ੍ਹ

ਕਾਂਗਰਸ ਦੇ ਸੀਨੀਅਰ ਆਗੂ ਅਤੇ ਕਾਂਗਰਸ ਚੋਣ ਪ੍ਰਬੰਧਨ ਤੇ ਤਾਲਮੇਲ ਕਮੇਟੀ ਦੇ ਚੇਅਰਮੈਨ ਵਿਜੇ ਇੰਦਰ ਸਿੰਗਲਾ ਨੇ ਕਿਹਾ ਕਿ ਪੰਜਾਬ ਵਿੱਚ ਵਿਗੜ ਰਹੀ ਅਮਨ-ਕਾਨੂੰਨ ਦੀ ਸਥਿਤੀ ਨੇ ਲੋਕਾਂ ਦੇ ਮਨਾਂ ਵਿੱਚ ਡਰ ਪੈਦਾ ਕਰ ਦਿੱਤਾ ਹੈ। ਉਨ੍ਹਾਂ ਲੋਕਾਂ ਦੀ ਜਾਨ-ਮਾਲ ਦੀ ਸੁਰੱਖਿਆ ਯਕੀਨੀ ਬਣਾਉਣ ਅਤੇ ਨਸ਼ਿਆਂ ਦੇ ਕਾਰੋਬਾਰ ’ਤੇ ਪ੍ਰਭਾਵਸ਼ਾਲੀ ਢੰਗ ਨਾਲ ਨੱਥ ਪਾਉਣ ਵਿੱਚ ਨਾਕਾਮ ਰਹਿਣ ਲਈ ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ਜ਼ਿੰਮੇਵਾਰ ਠਹਿਰਾਇਆ।

ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਸਿੰਗਲਾ ਨੇ ਕਿਹਾ ਕਿ ਸੂਬੇ ਵਿੱਚ ਵਧ ਰਹੀ ਅਸੁਰੱਖਿਆ ਦਾ ਅਸਰ ਲੋਕਾਂ ਦੀ ਰੋਜ਼ਾਨਾ ਜ਼ਿੰਦਗੀ ’ਤੇ ਪੈ ਰਿਹਾ ਹੈ ਅਤੇ ਕਾਰੋਬਾਰੀਆਂ ਦਾ ਭਰੋਸਾ ਵੀ ਘਟ ਰਿਹਾ ਹੈ। ਨਵੇਂ ਕਾਰੋਬਾਰ ਸ਼ੁਰੂ ਕਰਨ ਵਾਲੇ ਉਦਮੀ ਹਿਚਕਿਚਾ ਰਹੇ ਹਨ, ਜਦਕਿ ਵਪਾਰੀ ਅਤੇ ਉਦਯੋਗਪਤੀ ਵੀ ਪੰਜਾਬ ਵਿੱਚ ਆਪਣੇ ਕਾਰੋਬਾਰਾਂ ਦਾ ਵਿਸਥਾਰ ਕਰਨ ਲਈ ਨਿਵੇਸ਼ ਕਰਨ ਤੋਂ ਝਿਜਕ ਰਹੇ ਹਨ।

ਆਮ ਆਦਮੀ ਪਾਰਟੀ ਦੀ ਸਰਕਾਰ ਨੂੰ ‘ਕਾਗਜ਼ੀ ਸ਼ੇਰ’ ਕਰਾਰ ਦਿੰਦਿਆਂ ਸਿੰਗਲਾ ਨੇ ਕਿਹਾ ਕਿ ਇਹ ਸਰਕਾਰ ਜ਼ਮੀਨੀ ਪੱਧਰ ’ਤੇ ਕੰਮ ਕਰਨ ਦੀ ਬਜਾਏ ਪ੍ਰਚਾਰ ’ਤੇ ਜ਼ਿਆਦਾ ਨਿਰਭਰ ਹੈ। ਉਨ੍ਹਾਂ ਕਿਹਾ ਕਿ ਪੰਜਾਬ ਦੀ ਸਰਕਾਰ ਦਿੱਲੀ ਦੇ ‘ਰਿਮੋਟ ਕੰਟਰੋਲ’ ਨਾਲ ਚੱਲ ਰਹੀ ਹੈ, ਜਦਕਿ ਪੰਜਾਬ ਨੂੰ ਅਜਿਹੇ ਸ਼ਾਸਨ ਦੀ ਲੋੜ ਹੈ ਜੋ ਇੱਥੋਂ ਦੇ ਲੋਕਾਂ ਪ੍ਰਤੀ ਜਵਾਬਦੇਹ ਹੋਵੇ।

ਸਿੰਗਲਾ ਨੇ ਕਿਹਾ ਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਦੀ ਉਮੀਦ ਨਾਲ ‘ਆਪ’ ਨੂੰ ਸੱਤਾ ਸੌਂਪੀ ਸੀ। ਲੋਕਾਂ ਨੂੰ ਨਸ਼ਾ ਮੁਕਤ ਪੰਜਾਬ, ਰੁਜ਼ਗਾਰ ਦੇ ਮੌਕੇ ਅਤੇ ਬਿਹਤਰ ਸਮਾਜਿਕ ਸੁਰੱਖਿਆ ਦੀ ਆਸ ਸੀ। ਉਨ੍ਹਾਂ ਸਵਾਲ ਕੀਤਾ ਕਿ ਚਾਰ ਸਾਲ ਤੋਂ ਵੱਧ ਸਮਾਂ ਸੱਤਾ ਵਿੱਚ ਰਹਿਣ ਤੋਂ ਬਾਅਦ ਸਰਕਾਰ ਦੱਸੇ ਕਿ ਲੋਕਾਂ ਦੀ ਜ਼ਿੰਦਗੀ ਵਿੱਚ ਅਸਲ ਬਦਲਾਅ ਕੀ ਆਇਆ ਹੈ।

ਗੁਲਜ਼ਾਰ ਸਿੰਘ ਅਤੇ ਨਸ਼ਿਆਂ ਵਿਰੁੱਧ ਆਵਾਜ਼ ਬੁਲੰਦ ਕਰਨ ਵਾਲੇ ਕਾਰਕੁਨ ਪਰਵਿੰਦਰ ਸਿੰਘ ਝੋਟਾ ਦੇ ਮਾਮਲਿਆਂ ਦਾ ਹਵਾਲਾ ਦਿੰਦਿਆਂ ਸਿੰਗਲਾ ਨੇ ਨਸ਼ਿਆਂ ਦੇ ਕਾਰੋਬਾਰ ਵਿਰੁੱਧ ਬੋਲਣ ਵਾਲੇ ਲੋਕਾਂ ਦੀ ਸੁਰੱਖਿਆ ਨੂੰ ਲੈ ਕੇ ਗੰਭੀਰ ਚਿੰਤਾ ਪ੍ਰਗਟਾਈ। ਉਨ੍ਹਾਂ ਕਿਹਾ ਕਿ ਅਜਿਹੀਆਂ ਆਵਾਜ਼ਾਂ ਦੀ ਰਾਖੀ ਕਰਨ ਵਿੱਚ ਸਰਕਾਰ ਦੀ ਨਾਕਾਮੀ ਚਿੰਤਾਜਨਕ ਹੈ। ਉਨ੍ਹਾਂ ਸਵਾਲ ਕੀਤਾ ਕਿ ਨਸ਼ਾ ਤਸਕਰੀ ਵਿੱਚ ਸ਼ਾਮਲ ਲੋਕਾਂ ਦੇ ਹੌਸਲੇ ਇੰਨੇ ਬੁਲੰਦ ਕਿਉਂ ਹਨ।

ਸਿੰਗਲਾ ਨੇ ਕਿਹਾ ਕਿ ਪੰਜਾਬ ਪੁਲਿਸ ਅਪਰਾਧ ਅਤੇ ਨਸ਼ਾ ਤਸਕਰੀ ਨਾਲ ਨਜਿੱਠਣ ਦੇ ਸਮਰੱਥ ਹੈ, ਪਰ ਇਸ ਲਈ ਪੁਲਿਸ ਨੂੰ ਬਿਨਾਂ ਸਿਆਸੀ ਦਖ਼ਲਅੰਦਾਜ਼ੀ ਦੇ ਆਪਣੀ ਜ਼ਿੰਮੇਵਾਰੀ ਨਿਭਾਉਣ ਦੇਣੀ ਹੋਵੇਗੀ। ਉਨ੍ਹਾਂ ਕਿਹਾ ਕਿ ਪ੍ਰਸ਼ਾਸਨ ਨੂੰ ਦ੍ਰਿੜਤਾ ਅਤੇ ਨਿਰਪੱਖਤਾ ਨਾਲ ਲੋਕ ਹਿੱਤ ਵਿੱਚ ਕੰਮ ਕਰਵਾਉਣਾ ਸਿਆਸੀ ਲੀਡਰਸ਼ਿਪ ਦੀ ਜ਼ਿੰਮੇਵਾਰੀ ਹੈ।

ਸੂਬੇ ਸਿਰ ਵਧ ਰਹੇ ਕਰਜ਼ੇ ਦੇ ਮੱਦੇਨਜ਼ਰ ਸਰਕਾਰ ਦੀਆਂ ਖਰਚ ਤਰਜੀਹਾਂ ’ਤੇ ਸਵਾਲ ਚੁੱਕਦਿਆਂ ਸਿੰਗਲਾ ਨੇ ਕਿਹਾ ਕਿ ਔਰਤਾਂ ਨੂੰ ਹਰ ਮਹੀਨੇ 1,000 ਰੁਪਏ ਦੇਣ, ਪੈਨਸ਼ਨਾਂ ਵਿੱਚ ਵਾਧਾ ਕਰਨ, ਕੱਚੇ ਮੁਲਾਜ਼ਮਾਂ ਨੂੰ ਪੱਕਾ ਕਰਨ ਅਤੇ ਰੁਜ਼ਗਾਰ ਦੇ ਮੌਕੇ ਪੈਦਾ ਕਰਨ ਵਰਗੇ ਵਾਅਦੇ ਪੂਰੇ ਨਹੀਂ ਕੀਤੇ ਗਏ। ਉਨ੍ਹਾਂ ਮੰਗ ਕੀਤੀ ਕਿ ਸਰਕਾਰ ਉਨ੍ਹਾਂ ਵਾਅਦਿਆਂ ਦਾ ਜਵਾਬ ਦੇਵੇ ਜਿਨ੍ਹਾਂ ਦੇ ਆਧਾਰ ’ਤੇ ਉਸ ਨੇ ਲੋਕਾਂ ਤੋਂ ਫ਼ਤਵਾ ਹਾਸਲ ਕੀਤਾ ਸੀ।

ਕੇਂਦਰ ਦੀ ਭਾਜਪਾ ਸਰਕਾਰ ਦੀ ਕਾਰਗੁਜ਼ਾਰੀ ’ਤੇ ਸਵਾਲ ਉਠਾਉਂਦਿਆਂ ਸਿੰਗਲਾ ਨੇ ਕਿਹਾ ਕਿ ਸਰਹੱਦ ਪਾਰੋਂ ਹੋ ਰਹੀ ਨਸ਼ਿਆਂ ਅਤੇ ਹਥਿਆਰਾਂ ਦੀ ਤਸਕਰੀ ਨੂੰ ਰੋਕਣ ਦੇ ਮਾਮਲੇ ਵਿੱਚ ਕੇਂਦਰ ਸਰਕਾਰ ਨੂੰ ਵੀ ਆਪਣੀ ਜ਼ਿੰਮੇਵਾਰੀ ਦਾ ਜਵਾਬ ਦੇਣਾ ਚਾਹੀਦਾ ਹੈ।

2027 ਦੀਆਂ ਪੰਜਾਬ ਵਿਧਾਨ ਸਭਾ ਚੋਣਾਂ ਦਾ ਜ਼ਿਕਰ ਕਰਦਿਆਂ ਸਿੰਗਲਾ ਨੇ ਦਾਅਵਾ ਕੀਤਾ ਕਿ ਪੰਜਾਬ ਦੇ ਲੋਕ ‘ਆਪ’ ਨੂੰ ਨਕਾਰ ਦੇਣਗੇ ਅਤੇ ਪਾਰਟੀ 10 ਤੋਂ ਵੱਧ ਸੀਟਾਂ ਨਹੀਂ ਜਿੱਤ ਸਕੇਗੀ। ਉਨ੍ਹਾਂ ਕਿਹਾ ਕਿ ਪੰਜਾਬ ਦੇ ਵੋਟਰ ਸਰਕਾਰ ਨੂੰ ਉਸ ਦੀਆਂ ਨਾਕਾਮੀਆਂ ਅਤੇ ਅਧੂਰੇ ਵਾਅਦਿਆਂ ਦਾ ਜਵਾਬਦੇਹ ਠਹਿਰਾਉਣਗੇ।

4 ਨਵੰਬਰ ਨੂੰ ਸੰਗਰੂਰ ਵਿਖੇ ਹੋਣ ਵਾਲੀ ਕਾਂਗਰਸ ਦੀ ਇਨਸਾਫ਼ ਰੈਲੀ, ਜਿਸ ਨੂੰ ਸ੍ਰੀ ਰਾਹੁਲ ਗਾਂਧੀ ਸੰਬੋਧਨ ਕਰਨਗੇ, ਬਾਰੇ ਗੱਲ ਕਰਦਿਆਂ ਸਿੰਗਲਾ ਨੇ ਕਿਹਾ ਕਿ ਇਹ ਰੈਲੀ ਪੰਜਾਬ ਦੇ ਮੁੱਦਿਆਂ ਅਤੇ ਇਨਸਾਫ਼ ਦੀ ਮੰਗ ਨੂੰ ਬੁਲੰਦ ਕਰੇਗੀ। ਉਨ੍ਹਾਂ ਕਿਹਾ ਕਿ ਕਾਂਗਰਸ ਪੰਜਾਬ ਦੇ ਨੌਜਵਾਨਾਂ, ਔਰਤਾਂ, ਕਿਸਾਨਾਂ ਅਤੇ ਵਪਾਰੀਆਂ ਦੀ ਸੁਰੱਖਿਆ ਯਕੀਨੀ ਬਣਾਉਣ, ਸਾਫ਼-ਸੁਥਰਾ, ਮਜ਼ਬੂਤ ਅਤੇ ਜਵਾਬਦੇਹ ਸ਼ਾਸਨ ਦੇਣ ਅਤੇ ਪੰਜਾਬ ਦੀ ਤਰੱਕੀ ਤੇ ਵਿਕਾਸ ਨੂੰ ਮੁੜ ਲੀਹ ’ਤੇ ਲਿਆਉਣ ਲਈ ਲੋਕਾਂ ਦਾ ਫ਼ਤਵਾ ਮੰਗੇਗੀ।

Leave a Reply

Your email address will not be published. Required fields are marked *