ਮੁੱਖ ਮੰਤਰੀ ਭਗਵੰਤ ਮਾਨ ਦੀ ਵਿਕਾਸ ਪੱਖੀ ਸੋਚ ਸਦਕਾ ਸਰਕਾਰੀ ਸਕੂਲਾਂ ਦੀ ਬਦਲੀ ਨੁਹਾਰ

ਵਿਧਾਇਕ ਰਾਏ ਹਲਕੇ ਦੇ 04 ਸਕੂਲਾਂ ਅਤੇ ਵਿਧਾਇਕ ਹੈਪੀ ਬੱਸੀ ਪਠਾਣਾ ਹਲਕੇ ਦੇ 02 ਸਕੂਲਾਂ ਵਿੱਚ ਹੋਏ ਵਿਕਾਸ ਕਾਰਜਾਂ ਦਾ ਅੱਜ ਕਰਨਗੇ ਉਦਘਾਟਨ

ਫਤਹਿਗੜ੍ਹ ਸਾਹਿਬ, 06 ਅਪ੍ਰੈਲ:-ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਸੁਚੱਜੀ ਅਗਵਾਈ ਵਿੱਚ “ਪੰਜਾਬ ਸਿੱਖਿਆ ਕ੍ਰਾਂਤੀ ਨਾਲ ਬਦਲਦਾ ਪੰਜਾਬ” ਮੁਹਿੰਮ ਤਹਿਤ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੀ ਕਾਇਆ ਕਲਪ ਕਰਨ ਲਈ ਇਤਿਹਾਸਿਕ ਫੈਸਲੇ ਕੀਤੇ ਜਾ ਰਹੇ ਹਨ। ਇਹਨਾਂ ਫੈਸਲਿਆਂ ਤਹਿਤ ਫਤਹਿਗੜ੍ਹ ਸਾਹਿਬ ਹਲਕੇ ਦੇ 4 ਸਕੂਲਾਂ ਵਿੱਚ ਕੀਤੇ ਗਏ ਵੱਖ ਵੱਖ ਵਿਕਾਸ ਕਾਰਜਾਂ ਦਾ ਵਿਧਾਇਕ ਲਖਬੀਰ ਸਿੰਘ ਰਾਏ ਅਤੇ ਬਸੀ ਪਠਾਣਾਂ ਹਲਕੇ ਵਿੱਚ 2 ਸਕੂਲਾਂ ਦੇ ਵਿਕਾਸ ਕਾਰਜਾਂ ਦਾ ਵਿਧਾਇਕ ਰੁਪਿੰਦਰ ਸਿੰਘ ਹੈਪੀ ਵੱਲੋਂ 07 ਅਪ੍ਰੈਲ 2025 ਨੂੰ ਉਦਘਾਟਨ ਕੀਤਾ ਜਾਵੇਗਾ।

ਵਿਧਾਇਕ ਐਡਵੋਕੇਟ ਰਾਏ ਨੇ ਦੱਸਿਆ ਕਿ ਹਲਕਾ ਫਤਹਿਗੜ੍ਹ ਸਾਹਿਬ ਦੇ ਸਰਕਾਰੀ ਪ੍ਰਾਇਮਰੀ ਸਕੂਲ ਡੇਰਾ ਮੀਰ ਮੀਰਾ, ਸਰਕਾਰੀ ਪ੍ਰਾਇਮਰੀ ਸਕੂਲ ਜੰਡਾਲੀ, ਸਰਕਾਰੀ ਮਿਡਲ ਸਕੂਲ ਜੰਡਾਲੀ ਅਤੇ ਸਰਕਾਰੀ ਮਿਡਲ ਸਕੂਲ ਖਾਨਪੁਰ ਦੀ ਕਾਇਆ ਕਲਪ ਕੀਤੀ ਗਈ ਹੈ।

ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਦੱਸਿਆ ਕਿ ਹਲਕੇ ਦੇ ਸਰਕਾਰੀ ਸੀਨੀਅਰ ਸੈਕੈਂਡਰੀ ਸਕੂਲ ਮਨੈਲੀ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਧਨੌਲਾ ਦੀ ਦਿੱਖ ਨੂੰ ਬਾਖੂਬੀ ਸੰਵਾਰਿਆ ਗਿਆ ਹੈ।

ਵਿਧਾਇਕ ਰਾਏ ਅਤੇ ਵਿਧਾਇਕ ਹੈਪੀ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਵਿਕਾਸ ਪੱਖੀ ਸੋਚ ਸਦਕਾ 07 ਅਪ੍ਰੈਲ 2025 ਤੋਂ ਸਰਕਾਰੀ ਸਕੂਲਾਂ ਵਿੱਚ ਵੱਡੇ ਪੱਧਰ ‘ਤੇ ਕਰਵਾਏ ਵਿਕਾਸ ਕਾਰਜਾਂ ਨੂੰ ਲੋਕ ਅਰਪਿਤ ਕਰਨ ਨਾਲ ਜਿੱਥੇ ਸਰਕਾਰੀ ਸਕੂਲਾਂ ਦਾ ਬੁਨਿਆਦੀ ਢਾਂਚਾ ਮਜ਼ਬੂਤ ਹੋਵੇਗਾ, ਉਥੇ ਹੀ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ ਵਿਦਿਆਰਥੀਆਂ ਨੂੰ ਮਿਆਰੀ ਸਿੱਖਿਆ ਸਹੂਲਤਾਂ ਵੀ ਮੁਹੱਈਆ ਹੋਣਗੀਆਂ।

ਉਨ੍ਹਾਂ ਕਿਹਾ ਕਿ ਜਦੋਂ ਤੋਂ ਸੂਬੇ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਹੈ, ਉਸੇ ਸਮੇਂ ਤੋਂ ਹੀ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਸੂਬੇ ਦੇ ਸਰਕਾਰੀ ਸਕੂਲਾਂ ਦੇ ਬੁਨਿਆਦੀ ਢਾਂਚੇ ਨੂੰ ਮਜ਼ਬੂਤ ਕਰਨ ਲਈ ਇਤਿਹਾਸਿਕ ਫੈਸਲੇ ਕੀਤੇ ਜਾ ਰਹੇ ਹਨ ਤਾਂ ਜੋ ਸਰਕਾਰੀ ਸਕੂਲਾਂ ਵਿੱਚ ਪੜ੍ਹਦੇ ਵਿਦਿਆਰਥੀਆਂ ਨੂੰ ਆਧੁਨਿਕ ਢੰਗ ਤਰੀਕਿਆਂ ਨਾਲ ਸਿੱਖਿਆ ਮੁਹੱਈਆ ਕਰਵਾਈ ਜਾ ਸਕੇ।

ਉਨ੍ਹਾਂ ਕਿਹਾ ਕਿ ਪਿਛਲੀਆਂ ਸਰਕਾਰਾਂ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਨੂੰ ਬੁਰੀ ਤਰ੍ਹਾਂ ਅਣਗੌਲਿਆਂ ਕੀਤਾ ਗਿਆ, ਜਿਸ ਕਾਰਨ ਆਮ ਵਿਅਕਤੀ ਆਪਣੇ ਬੱਚੇ ਸਰਕਾਰੀ ਸਕੂਲਾਂ ਦੀ ਥਾਂ ਪ੍ਰਾਈਵੇਟ ਸਕੂਲਾਂ ਵਿੱਚ ਪੜ੍ਹਾਉਣ ਲੱਗ ਪਏ, ਜਿਸ ਨਾਲ ਸਰਕਾਰੀ ਸਕੂਲਾਂ ਅੰਦਰ ਵਿਦਿਆਰਥੀਆਂ ਦੀ ਗਿਣਤੀ ਨਾ ਮਾਤਰ ਰਹਿ ਗਈ। ਉਹਨਾਂ ਕਿਹਾ ਕਿ ਮੌਜੂਦਾ ਸਰਕਾਰ ਨੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਪ੍ਰਾਈਵੇਟ ਸਕੂਲਾਂ ਦੀ ਤਰਜ਼ ‘ਤੇ ਅਤਿ ਆਧੁਨਿਕ ਸਹੂਲਤਾਂ ਮੁਹਈਆ ਕਰਵਾਉਣੀਆਂ ਸ਼ੁਰੂ ਕੀਤੀਆਂ, ਜਿਨ੍ਹਾਂ ਸਦਕਾ ਅੱਜ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਵੱਖ-ਵੱਖ ਖੇਤਰਾਂ ਵਿੱਚ ਉੱਚੀਆਂ ਮੱਲਾਂ ਮਾਰ ਰਹੇ ਹਨ।

Leave a Reply

Your email address will not be published. Required fields are marked *