ਜ਼ਿਲ੍ਹਾ ਫਾਜ਼ਿਲਕਾ ਵਿੱਚੋਂ ਨਸ਼ਿਆਂ ਦੇ ਖਾਤਮੇ ਲਈ ਜ਼ਿਲ੍ਹਾ ਪ੍ਰਸ਼ਾਸਨ ਅਤੇ ਪੁਲਿਸ ਵੱਲੋਂ ਸਾਂਝੇ ਤੌਰ ’ਤੇ ਵਿਸ਼ੇਸ਼ ਉਪਰਾਲੇ ਕੀਤੇ ਜਾਣਗੇ ਇਸ ਸਬੰਧੀ ਅੱਜ ਸਿਵਲ ਅਤੇ ਪੁਲਿਸ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਹੋਈ, ਜਿਸ ਵਿੱਚ ਡਿਪਟੀ ਕਮਿਸ਼ਨਰ ਸ੍ਰੀਮਤੀ ਅਮਰਪ੍ਰੀਤ ਕੌਰ ਸੰਧੂ ਅਤੇ ਐੱਸਐੱਸਪੀ ਸ੍ਰੀ ਗਗਨਜੀਤ ਸਿੰਘ ਨੇ ਸ਼ਿਰਕਤ ਕਰਦਿਆਂ ਨਸ਼ਿਆਂ ਦੀ ਰੋਕਥਾਮ ਲਈ ਠੋਸ ਕਦਮ ਚੁੱਕਣ ਅਤੇ ਪਿੰਡਾਂ ਵਿੱਚ ਸਿਹਤਮੰਦ ਸਮਾਜਿਕ ਮਾਹੌਲ ਸਿਰਜਣ ’ਤੇ ਜ਼ੋਰ ਦਿੱਤਾ।
ਮੀਟਿੰਗ ਦੌਰਾਨ ਫੈਸਲਾ ਕੀਤਾ ਗਿਆ ਕਿ ਜ਼ਿਲ੍ਹੇ ਦੇ 21 ਪਿੰਡਾਂ ਵਿੱਚ 21 ਹੌਟਸਪੌਟ ਚਿੰਨ੍ਹਿਤ ਕੀਤੇ ਜਾਣਗੇ, ਜਿੱਥੇ ਨਸ਼ਿਆਂ ਦੀ ਸਮੱਸਿਆ ਨੂੰ ਠੱਲ੍ਹ ਪਾਉਣ ਲਈ ਵਿਸ਼ੇਸ਼ ਯੋਜਨਾਬੰਦੀ ਕਰਕੇ ਕਾਰਵਾਈ ਕੀਤੀ ਜਾਵੇਗੀ। ਇਸ ਮੁਹਿੰਮ ਦਾ ਮਕਸਦ ਸਿਰਫ਼ ਨਸ਼ਿਆਂ ਦੀ ਸਮੱਸਿਆ ਨਾਲ ਨਜਿੱਠਣਾ ਹੀ ਨਹੀਂ, ਸਗੋਂ ਨੌਜਵਾਨਾਂ ਨੂੰ ਖੇਡਾਂ, ਸੱਭਿਆਚਾਰਕ ਸਰਗਰਮੀਆਂ ਅਤੇ ਉਸਾਰੂ ਸਮਾਜਿਕ ਗਤੀਵਿਧੀਆਂ ਨਾਲ ਜੋੜਨਾ ਵੀ ਹੈ।
ਪਿੰਡਾਂ ਵਿੱਚ ਨੌਜਵਾਨਾਂ ਲਈ ਖੇਡ ਸਹੂਲਤਾਂ ਵਿਕਸਿਤ ਕਰਨ ’ਤੇ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ। ਇਸ ਤਹਿਤ ਪਾਰਕਾਂ ਦੀ ਉਸਾਰੀ ਅਤੇ ਵਿਕਾਸ ਲਈ ਫੰਡ ਮੁਹੱਈਆ ਕਰਵਾਉਣ ਦੇ ਨਾਲ-ਨਾਲ ਵਾਲੀਬਾਲ ਦੇ ਮੈਦਾਨ ਵੀ ਤਿਆਰ ਕੀਤੇ ਜਾ ਸਕਦੇ ਹਨ। ਪਿੰਡਾਂ ਦੀ ਸੁੰਦਰਤਾ ਵਧਾਉਣ, ਵੱਧ ਤੋਂ ਵੱਧ ਬੂਟੇ ਲਗਾਉਣ ਅਤੇ ਨੌਜਵਾਨਾਂ ਦੀ ਸ਼ਮੂਲੀਅਤ ਨਾਲ ਵਾਤਾਵਰਨ ਪੱਖੀ ਗਤੀਵਿਧੀਆਂ ਚਲਾਉਣ ਬਾਰੇ ਵੀ ਵਿਚਾਰ-ਵਟਾਂਦਰਾ ਕੀਤਾ ਗਿਆ। ਇਸ ਤੋਂ ਇਲਾਵਾ, ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਪ੍ਰਤੀ ਜਾਗਰੂਕ ਕਰਨ ਲਈ ਸੱਭਿਆਚਾਰਕ ਪ੍ਰੋਗਰਾਮ ਕਰਵਾਉਣ ਦੀ ਯੋਜਨਾ ਵੀ ਉਲੀਕੀ ਜਾਵੇਗੀ।
ਮੀਟਿੰਗ ਵਿੱਚ ਪਿੰਡਾਂ ਦੇ ਉਨ੍ਹਾਂ ਸੁੰਨਸਾਨ ਅਤੇ ਖੰਡਰ ਇਮਾਰਤਾਂ ਵਾਲੇ ਸਥਾਨਾਂ ਦੀ ਪਛਾਣ ਕਰਨ ਬਾਰੇ ਵੀ ਵਿਚਾਰ ਕੀਤਾ ਗਿਆ, ਜਿੱਥੇ ਨਸ਼ਾ ਕਰਨ ਵਾਲੇ ਵਿਅਕਤੀਆਂ ਦੇ ਲੁਕਣ ਦੀ ਸੰਭਾਵਨਾ ਹੋ ਸਕਦੀ ਹੈ। ਅਜਿਹੀਆਂ ਥਾਵਾਂ ਨੂੰ ਸਾਫ਼-ਸੁਥਰਾ ਬਣਾਉਣ ਲਈ ਬਲਾਕ ਵਿਕਾਸ ਤੇ ਪੰਚਾਇਤ ਅਫ਼ਸਰਾਂ (ਬੀਡੀਓਜ਼) ਨੂੰ ਲੋੜੀਂਦੇ ਕਦਮ ਚੁੱਕਣ ਲਈ ਕਿਹਾ ਜਾਵੇਗਾ। ਜਿੱਥੇ ਜ਼ਰੂਰੀ ਹੋਵੇ, ਉੱਥੇ ਨਿਯਮਾਂ ਅਨੁਸਾਰ ਅਗਲੀ ਕਾਰਵਾਈ ਵੀ ਕੀਤੀ ਜਾਵੇਗੀ।
ਐੱਸਐੱਸਪੀ ਸ੍ਰੀ ਗਗਨਅਜੀਤ ਸਿੰਘ ਨੇ ਸੁਝਾਅ ਦਿੱਤਾ ਕਿ ਪ੍ਰਭਾਵਿਤ ਪਿੰਡਾਂ ਵਿੱਚ ਮੈਡੀਕਲ ਕੈਂਪ ਲਗਾਏ ਜਾਣ, ਤਾਂ ਜੋ ਲੋੜਵੰਦ ਵਿਅਕਤੀਆਂ ਦੀ ਸਿਹਤ ਜਾਂਚ ਕਰਨ ਦੇ ਨਾਲ-ਨਾਲ ਉਨ੍ਹਾਂ ਨੂੰ ਇਲਾਜ ਅਤੇ ਨਸ਼ਾ ਛੁਡਾਊ ਸਹੂਲਤਾਂ ਨਾਲ ਜੋੜਿਆ ਜਾ ਸਕੇ।

ਡਿਪਟੀ ਕਮਿਸ਼ਨਰ ਨੇ ਸਬੰਧਤ ਸਿਵਲ ਵਿਭਾਗਾਂ, ਖੇਡ ਵਿਭਾਗ ਅਤੇ ਹੋਰ ਅਧਿਕਾਰੀਆਂ ਨੂੰ ਆਪਸੀ ਤਾਲਮੇਲ ਨਾਲ ਕਾਰਜ ਯੋਜਨਾ ਤਿਆਰ ਕਰਨ ਲਈ ਕਿਹਾ। ਉਨ੍ਹਾਂ ਜ਼ੋਰ ਦਿੱਤਾ ਕਿ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਪ੍ਰਭਾਵਸ਼ਾਲੀ ਬਣਾਉਣ ਲਈ ਪ੍ਰਸ਼ਾਸਨ, ਪੁਲਿਸ ਅਤੇ ਪਿੰਡਾਂ ਦੇ ਲੋਕਾਂ ਦੀ ਸਾਂਝੀ ਭੂਮਿਕਾ ਅਹਿਮ ਹੈ।
ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਜਨ. ਡਾ. ਮਨਦੀਪ ਕੌਰ, ਐੱਸ.ਡੀ.ਐੱਮ. ਸ੍ਰੀ ਕੰਵਰਜੀਤ ਸਿੰਘ, ਐੱਸ.ਡੀ.ਐੱਮ. ਸ੍ਰੀ ਜੁਗਰਾਜ ਸਿੰਘ, ਸਹਾਇਕ ਕਮਿਸ਼ਨਰ ਸ੍ਰੀ ਹਰਬੰਸ ਸਿੰਘ, ਤੋਂ ਇਲਾਵਾ ਜ਼ਿਲ੍ਹਾ ਪ੍ਰਸਾਸ਼ਨ ਅਤੇ ਪੁਲਿਸ ਪ੍ਰਸਾਸ਼ਨ ਦੇ ਅਧਿਕਾਰੀ ਮੌਜੂਦ ਸਨ।