ਫਾਜ਼ਿਲਕਾ ਦੇ ਵਿਧਾਇਕ ਸ. ਨਰਿੰਦਰਪਾਲ ਸਿੰਘ ਸਵਨਾ ਨੇ ਹਲਕਾ ਫਾਜ਼ਿਲਕਾ ਦੇ ਪਿੰਡ ਹੋਜ਼ ਗੰਧੜ ਵਿਖੇ ਤਕਰੀਬਨ 1 ਕਰੋੜ 83 ਲੱਖ ਦੀ ਲਾਗਤ ਨਾਲ ਨਵੇਂ ਬਣੇ ਖਾਲਿਆਂ ਦਾ ਉਦਘਾਟਨ ਕੀਤਾ ।
ਇਸ ਮੌਕੇ ਬੋਲਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਹੋਜ਼ ਗੰਧੜ ਵਿੱਚ ਇਹ 2 ਖਾਲੇ ਬਣਾਏ ਗਏ ਹਨ। ਇਸ ਤੋਂ ਇਲਾਵਾ ਹਲਕੇ ਦੇ ਹੋਰਨਾਂ ਪਿੰਡਾਂ ਵਿੱਚ ਵੀ ਨਵੇਂ ਖਾਲੇ ਬਣਾਏ ਗਏ ਹਨ। ਉਨ੍ਹਾਂ ਕਿਹਾ ਕਿ ਜੋ ਖਾਲੇ ਬਣਨ ਵਾਲੇ ਰਹਿ ਗਏ ਹਨ ਉਹ ਵੀ ਝੋਨੇ ਦੀ ਕਟਾਈ ਹੋਣ ਤੋਂ ਬਾਅਦ ਬਣਾਏ ਜਾਣਗੇ।
ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਦੇ ਹਿੱਤਾਂ ਦੀ ਰਾਖੀ ਲਈ ਯਤਨਸ਼ੀਲ ਹੈ ਅਤੇ ਇਸੇ ਤਹਿਤ ਹੀ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਨਵੀਆਂ ਨਹਿਰਾਂ ਤੇ ਨਵੇਂ ਖਾਲੇ ਬਣਾ ਕੇ ਦਿੱਤੇ ਗਏ ਹਨ ਤਾਂ ਜੋ ਕਿਸਾਨਾਂ ਨੂੰ ਜ਼ਿਆਦਾ ਮਾਤਰਾ ਵਿੱਚ ਪਾਣੀ ਮਿਲ ਸਕੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਕਿਸਾਨਾਂ ਨੂੰ ਲਗਾਤਾਰ ਖੇਤਾਂ ਵਿੱਚ ਬਿਜਲੀ ਮੁਹੱਈਆ ਕਰਵਾਈ ਜਾ ਰਹੀ ਹੈ ਤਾਂ ਜੋ ਕਿਸਾਨਾਂ ਨੂੰ ਝੋਨੇ ਦੀ ਪਾਣੀ ਦੀ ਕੋਈ ਕਿੱਲਤ ਨਾ ਆਵੇ। ਉਨ੍ਹਾਂ ਕਿਹਾ ਕਿ ਬਾਰਡਰ ਨਾਲ ਲੱਗਦੇ ਪਿੰਡਾਂ ਨੂੰ ਤਾਂ ਦਿਨ ਵੇਲੇ ਨਿਰੰਤਰ ਬਿਜਲੀ ਮਿਲ ਰਹੀ ਹੈ।
ਉਨ੍ਹਾਂ ਨਵੇਂ ਖਾਲਿਆਂ ਦੇ ਉਦਘਾਟਨ ਦੌਰਾਨ ਪਿੰਡ ਵਾਸੀਆਂ ਨੂੰ ਵਧਾਈ ਦਿੰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਆਪਣੇ 4 ਸਾਲਾਂ ਦੇ ਕਾਰਜਕਾਲ ਦੌਰਾਨ ਅਨੇਕਾਂ ਹੀ ਵਿਕਾਸ ਦੇ ਕਾਰਜ ਕੀਤੇ ਹਨ। ਉਹ ਚਾਹੇ ਸਿੱਖਿਆਂ ਦੇ ਖੇਤਰ ਵਿੱਚ, ਸਿਹਤ, ਔਰਤਾਂ ਲਈ ਮੁਫਤ ਬੱਸ ਸਰਵਿਸ, ਬਿਜਲੀ ਬਿੱਲ ਮੁਫਤ, 10 ਲੱਖ ਤੱਕ ਦਾ ਮੁਫ਼ਤ ਇਲਾਜ, ਮੁੱਖ ਮੰਤਰੀ ਮਾਵਾਂ ਧੀਆਂ ਸਤਿਕਾਰ ਯੋਜਨਾਂ, ਪਿੰਡਾਂ ਵਿੱਚ ਖੇਡ ਸਟੇਡੀਅਮ, ਪਾਰਕ, ਗਲੀਆਂ ਨਾਲੀਆਂ ਪੱਕੀਆਂ ਕਰਨ ਤੋਂ ਇਲਾਵਾ ਯੁੱਧ ਨਸ਼ਿਆਂ ਵਿਰੁੱਧ ਚਲਾਈ ਮੁਹਿੰਮ ਕਿਉਂ ਨਾ ਹੋਵੇ ਹਰ ਪੱਖੋਂ ਪੰਜਾਬ ਸਰਕਾਰ ਨੇ ਅੱਗੇ ਹੋ ਕੇ ਵਿਕਾਸ ਦੇ ਕੰਮ ਕੀਤੇ ਹਨ। ਉਨ੍ਹਾਂ ਪਿੰਡ ਵਾਸੀਆਂ ਨੂੰ ਕਿਹਾ ਕਿ ਪੰਜਾਬ ਸਰਕਾਰ ਕੋਲ ਫੰਡਾਂ ਦੀ ਕੋਈ ਘਾਟ ਨਹੀਂ ਹੈ ਪਿੰਡ ਵਾਸੀਆਂ ਨੂੰ ਜੇਕਰ ਹੋਰ ਵੀ ਕਿਸੇ ਤਰ੍ਹਾਂ ਦੀ ਪਿੰਡ ਦੇ ਵਿਕਾਸ ਦੀ ਲੋੜ ਹੈ ਬੇਝਿਜਕ ਹੋ ਕੇ ਉਨ੍ਹਾਂ ਨੂੰ ਦੱਸਣ ਤਾਂ ਜੋ ਹਰ ਮੁਸ਼ਕਲ ਨੂੰ ਸਮੇਂ ਸਿਰ ਪੂਰਾ ਕੀਤਾ ਜਾ ਸਕੇ।