
*ਕਿਹਾ, ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ ਦੀ ਬਦਲੇਗੀ ਨੁਹਾਰ
**ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਹਲਕੇ ਦੇ ਤਿੰਨ ਸਕੂਲਾਂ ਚ 33 ਲੱਖ ਨਾਲ ਹੋਏ
ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ
ਬਸੀ ਪਠਾਣਾ/ਫ਼ਤਹਿਗੜ੍ਹ ਸਾਹਿਬ 11 ਅਪ੍ਰੈਲ- ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਾਲੀ ਸੂਬਾ ਸਰਕਾਰ ਸਕੂਲਾਂ ਵਿੱਚ ਆਧੁਨਿਕ ਸਿੱਖਿਆ ਦੇਣ ਲਈ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ਾਂ ਵਿੱਚ ਸਿਖਲਾਈ ਲਈ ਭੇਜ ਰਹੀ ਹੈ ਤਾਂ ਜੋ ਉਹ ਚੰਗੀ ਮੁਹਾਰਤ ਹਾਸਲ ਕਰਕੇ ਵਿਦਿਆਰਥੀਆਂ ਨੂੰ ਵਧੀਆਂ ਸਿੱਖਿਆ ਮੁਹੱਈਆ ਕਰਵਾ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਸੀ ਪਠਾਣਾ ਦੇ ਵਿਧਾਇਕ ਸ. ਰੁਪਿੰਦਰ ਸਿੰਘ ਹੈਪੀ ਨੇ ਸਿੱਖਿਆ ਕ੍ਰਾਂਤੀ ਅਧੀਨ ਹਲਕੇ ਦੇ ਤਿੰਨ ਸਕੂਲਾਂ ਸਰਕਾਰੀ ਹਾਈ ਸਕੂਲ ਰੈਲੋਂ, ਸਰਕਾਰੀ ਮਿਡਲ ਸਕੂਲ ਗਡਹੇੜਾ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਘੇਲ ਚ 33 ਲੱਖ ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।
ਵਿਧਾਇਕ ਹੈਪੀ ਨੇ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਲੋਕਾਂ ਨਾਲ ਕੀਤਾ ਇੱਕ-ਇੱਕ ਵਾਅਦਾ ਪੂਰਾ ਕਰਨ ਲਈ ਪੂਰੀ ਇਮਾਨਦਾਰੀ ਨਾਲ ਕੰਮ ਕਰ ਰਹੀ ਹੈ ਅਤੇ ਸਿੱਖਿਆ ਕ੍ਰਾਂਤੀ ਤਹਿਤ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਰਕਾਰ ਨੇ ਆਪਣਾ ਵਾਅਦਾ ਪੂਰਾ ਕੀਤਾ ਹੈ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸਕੂਲ ਆਫ ਐਮੀਨੈਂਸ ਬਣਾ ਕੇ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਮੁਕਾਬਲੇ ਦੀਆਂ ਪ੍ਰੀਖਿਆਵਾਂ ਲਈ ਤਿਆਰ ਕੀਤਾ ਜਾ ਰਿਹਾ ਹੈ ਤਾਂ ਜੋ ਉਚੇਰੀ ਸਿੱਖਿਆ ਹਾਸਲ ਕਰਕੇ ਵਿਦਿਆਰਥੀ ਉੱਚ ਆਹੁਦਿਆਂ ਤੇ ਪਹੁੰਚ ਸਕਣ।
ਵਿਧਾਇਕ ਹੈਪੀ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਪ੍ਰਿੰਸੀਪਲਾਂ ਦੀਆਂ ਪਦ ਉਨਤੀਆਂ ਲਈ ਪਹਿਲਾਂ ਤੋਂ ਤੈਅ ਕੋਟੇ ਨੂੰ 50 ਫੀਸਦੀ ਤੋਂ 75 ਫੀਸਦੀ ਕਰਕੇ ਇੱਕ ਅਹਿਮ ਫੈਸਲਾ ਕੀਤਾ ਗਿਆ ਹੈ ਜਿਸ ਦਾ ਅਧਿਆਪਕ ਵਰਗ ਨੂੰ ਵੱਡਾ ਲਾਭ ਮਿਲੇਗਾ। ਉਨ੍ਹਾਂ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਸ਼ੁਰੂ ਕੀਤੀ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਨੂੰ ਜਮੀਨੀ ਪੱਧਰ ਤੇ ਸਫਲ ਬਣਾਉਣ ਲਈ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਤਾਂ ਜੋ ਨੌਜਵਾਨ ਪੀੜ੍ਹੀ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਬਾਹਰ ਕੱਢ ਕੇ ਨਸ਼ਾ ਮੁਕਤ ਸਮਾਜ ਦੀ ਸਿਰਜਣਾ ਕੀਤੀ ਜਾ ਸਕੇ। ਉਨ੍ਹਾਂ ਇਸ ਮੌਕੇ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਤ ਵੀ ਕੀਤਾ।
ਇਸ ਮੌਕੇ ਡਾਇਰੈਕਟਰ ਲੇਬਰ ਵੈਲਫੇਅਰ ਬੋਰਡ, ਸ਼੍ਰੀ ਰਾਜ ਪੁਰੀ, ਮੈਂਬਰ ਮੰਡੀ ਬੋਰਡ ਇੰਦਰਜੀਤ ਸਿੰਘ, ਮਾਰਕੀਟ ਕਮੇਟੀ ਚੇਅਰਮੈਨ ਮਨਪ੍ਰੀਤ ਸਿੰਘ ਸੋਮਲ, ਉਪ ਜ਼ਿਲ੍ਹਾ ਸਿੱਖਿਆ ਅਫਸਰ (ਐਲੀਮੈਂਟਰੀ) ਕਮਲਜੀਤ ਕੌਰ, ਬਲਾਕ ਪ੍ਰਧਾਨ ਕਸ਼ਮੀਰ ਸਿੰਘ, ਸਰਪੰਚ ਲਖਬੀਰ ਸਿੰਘ ਰੈਲੋਂ, ਸਰਪੰਚ ਰਾਜਿੰਦਰ ਸਿੰਘ ਗਡਹੇੜਾ, ਸਰਪੰਚ ਗੁਰਮੀਤ ਸਿੰਘ ਘੇਲ ਸਮੇਤ ਵੱਡੀ ਗਿਣਤੀ ਅਧਿਆਪਕ, ਸਕੂਲਾਂ ਦੇ ਪ੍ਰਿੰਸੀਪਲ, ਵਿਦਿਆਰਥੀ ਅਤੇ ਪਿੰਡ ਵਾਸੀ ਹਾਜ਼ਰ ਸਨ।
