ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਸ਼ੁਰੂ ਕੀਤੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਦੇ ਤਹਿਤ ਵੱਖ-ਵੱਖ ਪਿੰਡਾਂ ਤੇ ਸ਼ਹਿਰ ਦੇ ਵਾਰਡਾ ਵਿੱਚ ਸਮਾਗਮ ਕਰਵਾਏ ਜਾ ਰਹੇ ਹਨ । ਫਾਜ਼ਿਲਕਾ ਹਲਕੇ ਦੇ ਪਿੰਡ ਢਾਣੀ ਮੁਨਸ਼ੀ ਰਾਮ, ਬਹਿਕ ਖਾਸ ਆਦਿ ਪਿੰਡਾਂ ਅਤੇ ਵਾਰਡ ਨੰਬਰ 13 ਤੇ 14 ਵਿਖੇ ‘ਨਸ਼ਾ ਮੁਕਤੀ ਯਾਤਰਾ’ ਤਹਿਤ ਸਮਾਗਮ ਕਰਵਾਇਆ ਗਿਆ, ਜਿਸ ਵਿੱਚ ਫਾਜ਼ਿਲਕਾ ਦੇ ਵਿਧਾਇਕ ਸ੍ਰੀ ਨਰਿੰਦਰ ਪਾਲ ਸਿੰਘ ਸਵਨਾ ਨੇ ਵਿਸ਼ੇਸ ਤੌਰ ’ਤੇ ਸ਼ਿਰਕਤ ਕੀਤੀ।

ਇਸ ਮੌਕੇ ਬੋਲਦਿਆਂ ਸ੍ਰੀ ਸਵਨਾ ਨੇ ਕਿਹਾ ਕਿ ਜਿਥੇ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ, ਉਸਦੇ ਨਾਲ-ਨਾਲ ਨਸ਼ਾ ਪੀੜਤਾਂ ਦਾ ਮੁਫਤ ਇਲਾਜ ਕਰਵਾਉਣ ਲਈ ਲੋਕਾਂ ਨੂੰ ਉਤਸ਼ਾਹਤ ਕੀਤਾ ਜਾ ਰਿਹਾ ਹੈ। ਉਨਾਂ ਕਿਹਾ ਕਿ ਸਮੂਹਿਕ ਸਹਿਯੋਗ ਨਾਲ ਨਸ਼ਿਆਂ ਨੂੰ ਜੜ੍ਹ ਤੋਂ ਖਤਮ ਕੀਤਾ ਜਾਵੇਗਾ।

ਉਨਾਂ ਅੱਗੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ੇ ਵੇਚਣ ਵਾਲਿਆਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ ਅਤੇ ਇਸੇ ਦਾ ਹੀ ਨਤੀਜਾ ਹੈ ਕਿ ਹੁਣ ਸਪਲਾਈ ਲਾਈਨ ਟੁੱਟ ਚੁੱਕੀ ਹੈ, ਜਿਸ ਕਾਰਨ ਨਸ਼ੇ ਤੋਂ ਪੀੜਿਤ ਲੋਕ ਇਲਾਜ ਲਈ ਅੱਗੇ ਆ ਰਹੇ ਹਨ। ਉਹਨਾਂ ਨੇ ਕਿਹਾ ਕਿ ਨਸ਼ੇ ਤੋਂ ਪੀੜਿਤ ਲੋਕਾਂ ਦਾ ਸਰਕਾਰ ਵੱਲੋਂ ਮੁਫਤ ਇਲਾਜ ਕਰਵਾਇਆ ਜਾ ਰਿਹਾ ਹੈ।

ਉਨਾਂ ਨੇ ਪਿੰਡ ਵਾਸੀਆਂ ਨੂੰ ਇਸ ਮੁਹਿੰਮ ਵਿੱਚ ਜੁੜਨ ਦੀ ਅਪੀਲ ਕਰਦਿਆਂ ਕਿਹਾ ਕਿ ਜੇਕਰ ਕੋਈ ਨਸ਼ੇ ਵੇਚਦਾ ਹੈ ਤਾਂ ਉਸ ਦੀ ਸੂਚਨਾ ਪੁਲਿਸ ਨੂੰ ਦਿਓ ਅਤੇ ਜੇਕਰ ਕੋਈ ਨਸ਼ੇ ਕਰਦਾ ਹੈ ਤਾਂ ਉਸ ਨੂੰ ਇਲਾਜ ਲਈ ਹਸਪਤਾਲ ਭੇਜਿਆ ਜਾਵੇ।
ਇਸ ਮੌਕੇ ਸਮੂਹ ਹਾਜ਼ਰੀਨ ਨੂੰ ਨਸ਼ਿਆਂ ਨੂੰ ਖਤਮ ਕਰਨ ਦੀ ਸਹੁੰ ਵੀ ਚੁਕਾਈ ਗਈ।
ਇਸ ਮੌਕੇ ਆਪ ਆਗੂ ਅਤੇ ਸੀਨੀਅਰ ਅਧਿਕਾਰੀ ਮੌਜੂਦ ਸਨ |