ਏਆਈਸੀਸੀ ਜਨਰਲ ਸਕੱਤਰ ਪੰਜਾਬ ਕਾਂਗਰਸ ਇੰਚਾਰਜ ਭੂਪੇਸ਼ ਬਘੇਲ ਨੇ ਕਿਹਾ ਹੈ ਕਿ ਪੰਜਾਬ ਦੇ ਲੋਕ ਇੱਕ ਭਰੋਸੇਯੋਗ ਅਤੇ ਲੋਕ-ਪੱਖੀ ਸਰਕਾਰ ਲਈ ਵੱਡੀ ਉਮੀਦ ਅਤੇ ਭਰੋਸੇ ਨਾਲ ਕਾਂਗਰਸ ਵੱਲ ਦੇਖ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਲੋਕ ਆਮ ਆਦਮੀ ਪਾਰਟੀ ਦੀ ਸਰਕਾਰ ਤੋਂ ਪੂਰੀ ਤਰ੍ਹਾਂ ਨਿਰਾਸ਼ ਹੋ ਚੁੱਕੇ ਹਨ ਅਤੇ ਹਰ ਹਾਲਤ ਵਿੱਚ ਇਸ ਸਰਕਾਰ ਤੋਂ ਛੁਟਕਾਰਾ ਚਾਹੁੰਦੇ ਹਨ।
ਅੱਜ ਇੱਥੇ ਪਾਰਟੀ ਦੇ ‘ਹਰ ਬੂਥ ਮਜ਼ਬੂਤ’ ਪ੍ਰੋਗਰਾਮ ਵਿੱਚ ਸ਼ਮੂਲੀਅਤ ਕਰਨ ਤੋਂ ਬਾਅਦ ਪ੍ਰੈਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ, ਬਘੇਲ ਨੇ ਕਿਹਾ ਕਿ ਕਾਂਗਰਸ ਦਾ ਲੋਕਾਂ ਦੀ ਸੇਵਾ ਕਰਨ ਦਾ ਸ਼ਾਨਦਾਰ ਇਤਿਹਾਸ ਰਿਹਾ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਵਿੱਚ ਅਮਨ-ਸ਼ਾਂਤੀ ਬਹਾਲ ਕਰਨ ਦਾ ਸਿਹਰਾ ਵੀ ਕਾਂਗਰਸ ਨੂੰ ਹੀ ਜਾਂਦਾ ਹੈ।
ਛੱਤੀਸਗੜ੍ਹ ਦੇ ਸਾਬਕਾ ਮੁੱਖ ਮੰਤਰੀ ਨੇ ਖ਼ੁਲਾਸਾ ਕੀਤਾ ਕਿ ਪੰਜਾਬ ਕਾਂਗਰਸ ਵਿੱਚ ਪੂਰੀ ਏਕਤਾ ਹੈ ਅਤੇ ਸਾਰੇ ਅੰਦਰੂਨੀ ਮੁੱਦੇ ਸੁਲਝਾ ਲਏ ਗਏ ਹਨ। ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਵੱਲੋਂ ਆਪਣੀ ਰਿਪੋਰਟ ਪਾਰਟੀ ਹਾਈ ਕਮਾਂਡ ਨੂੰ ਸੌਂਪ ਦਿੱਤੀ ਸੀ, ਜਿਸ ਤੋਂ ਬਾਅਦ ਹਾਈ ਕਮਾਂਡ ਨੇ ਪੰਜਾਬ ਦੇ ਸੀਨੀਅਰ ਆਗੂਆਂ ਨਾਲ ਵਿਸਥਾਰਪੂਰਵਕ ਮੀਟਿੰਗ ਕੀਤੀ।
ਜਦਕਿ ਅੱਜ ਦੇ ਪ੍ਰੋਗਰਾਮ ਵਿੱਚ ਕੁਝ ਆਗੂਆਂ ਦੀ ਗੈਰ ਹਾਜ਼ਰੀ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ, ਬਘੇਲ ਨੇ ਕਿਹਾ ਕਿ ਇਹ ਜ਼ਿਲ੍ਹਾ ਪੱਧਰ ਦਾ ਪ੍ਰੋਗਰਾਮ ਸੀ ਅਤੇ ਇਸ ਤਰ੍ਹਾਂ ਦੇ ਪ੍ਰੋਗਰਾਮ ਸਾਰੇ ਜ਼ਿਲ੍ਹਿਆਂ ਵਿੱਚ ਹੋ ਰਹੇ ਹਨ। ਉਨ੍ਹਾਂ ਨੇ ਕਿਹਾ ਕਿ ਸਾਰੇ ਆਗੂ ਇੱਕੋ ਸਮੇਂ ਇੱਕੋ ਥਾਂ ‘ਤੇ ਮੌਜੂਦ ਨਹੀਂ ਹੋ ਸਕਦੇ।
ਇਸੇ ਤਰ੍ਹਾਂ, ਚੋਣਾਂ ਤੋਂ ਪਹਿਲਾਂ ਮੁੱਖ ਮੰਤਰੀ ਦੇ ਚਿਹਰੇ ਬਾਰੇ ਪੁੱਛੇ ਗਏ ਸਵਾਲ ‘ਤੇ, ਉਨ੍ਹਾਂ ਕਿਹਾ ਕਿ ਹਾਈ ਕਮਾਂਡ ਪਹਿਲਾਂ ਹੀ ਸਪੱਸ਼ਟ ਕਰ ਚੁੱਕੀ ਹੈ ਕਿ ਪੰਜਾਬ ਵਿੱਚ ਲੀਡਰਸ਼ਿਪ ਦਾ ਮੁੱਦਾ ਖਤਮ ਹੋ ਚੁੱਕਾ ਹੈ ਅਤੇ ਅਮਰਿੰਦਰ ਸਿੰਘ ਰਾਜਾ ਵੜਿੰਗ ਹੀ ਪੰਜਾਬ ਕਾਂਗਰਸ ਦੇ ਪ੍ਰਧਾਨ ਬਣੇ ਰਹਿਣਗੇ।
ਕਾਂਗਰਸ ਦੇ ਜਨਰਲ ਸਕੱਤਰ ਨੇ ਕਿਹਾ ਕਿ ਇਸ ਵਾਰ ਪੰਜਾਬ ਵਿੱਚ ਕਾਂਗਰਸ, ਸੱਤਾਧਾਰੀ ਆਮ ਆਦਮੀ ਪਾਰਟੀ, ਭਾਜਪਾ, ਸ਼੍ਰੋਮਣੀ ਅਕਾਲੀ ਦਲ ਅਤੇ ਵਾਰਿਸ ਪੰਜਾਬ ਦੇ ਵਿਚਾਲੇ ਪੰਜ-ਕੋਣਾ ਮੁਕਾਬਲਾ ਹੋਵੇਗਾ। ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਨੂੰ ਹਰਾਉਣ ਦੀ ਸਮਰੱਥਾ ਸਿਰਫ਼ ਕਾਂਗਰਸ ਕੋਲ ਹੈ।
ਇਸ ਮੌਕੇ ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਹਾ ਕਿ ਆਮ ਆਦਮੀ ਪਾਰਟੀ ਅਤੇ ਭਾਜਪਾ ਵਿਚਾਲੇ ਸਪੱਸ਼ਟ ਤੌਰ ਤੇ ਕੋਈ ਅੰਦਰੂਨੀ ਸਮਝੌਤਾ ਹੈ। ਉਨ੍ਹਾਂ ਨੇ ਖ਼ੁਲਾਸਾ ਕੀਤਾ ਕਿ ਇਸ ਗੁਪਤ ਸਮਝੌਤੇ ਤਹਿਤ ਆਮ ਆਦਮੀ ਪਾਰਟੀ ਗੁਜਰਾਤ ਚੋਣਾਂ ਲੜ ਕੇ ਭਾਜਪਾ ਵਿਰੋਧੀ ਵੋਟਾਂ ਨੂੰ ਵੰਡੇਗੀ, ਜੋ ਨਹੀਂ ਤਾਂ ਕਾਂਗਰਸ ਨੂੰ ਮਿਲਣੀਆਂ ਸਨ। ਇਸੇ ਤਰ੍ਹਾਂ, ਭਾਜਪਾ ਪੰਜਾਬ ਵਿੱਚ ਆਮ ਆਦਮੀ ਪਾਰਟੀ ਦੀ ਮਦਦ ਕਰੇਗੀ।
ਉੱਥੇ ਹੀ, ਪੰਜਾਬ ਵਿੱਚ ਪੇਪਰ ਲੀਕ ਮਾਮਲਿਆਂ ਦੀ ਸੀਬੀਆਈ ਜਾਂਚ ਦੀ ਮੰਗ ਕਰਨ ਵਾਲੇ ਸਿੱਖਿਆ ਮੰਤਰੀ ਬਾਰੇ ਪੁੱਛੇ ਗਏ ਸਵਾਲ ਦੇ ਜਵਾਬ ਵਿੱਚ, ਵੜਿੰਗ ਨੇ ਕਿਹਾ ਕਿ ਇਹ ਹੈਰਾਨੀਜਨਕ ਹੈ ਕਿ ਦਿੱਲੀ ਲੀਡਰਸ਼ਿਪ ਦੇ ਕਰੀਬੀ ਮੰਨੇ ਜਾਂਦੇ ਮੰਤਰੀ ਵੱਲੋਂ ਅਜਿਹੀ ਮੰਗ ਕੀਤੀ ਜਾ ਰਹੀ ਹੈ। ਜਦਕਿ ਆਮ ਆਦਮੀ ਪਾਰਟੀ ਪਹਿਲਾਂ ਸੀਬੀਆਈ ਅਤੇ ਈਡੀ ‘ਤੇ ਭਾਜਪਾ ਦੇ ਇਸ਼ਾਰੇ ‘ਤੇ ਕੰਮ ਕਰਨ ਦੇ ਦੋਸ਼ ਲਗਾਉਂਦੀ ਰਹੀ ਹੈ।
ਵੜਿੰਗ ਨੇ ਦੁਹਰਾਇਆ ਕਿ ਲਗਭਗ 50 ਆਮ ਆਦਮੀ ਪਾਰਟੀ ਦੇ ਵਿਧਾਇਕ ਪਾਰਟੀ ਛੱਡਣ ਲਈ ਤਿਆਰ ਬੈਠੇ ਹਨ। ਉਨ੍ਹਾਂ ਨੇ ਕਿਹਾ ਕਿ ਉਹ ਸਿਰਫ਼ ਢੁੱਕਵੇਂ ਸਮੇਂ ਦੀ ਉਡੀਕ ਕਰ ਰਹੇ ਹਨ, ਤਾਂ ਜੋ ਉਨ੍ਹਾਂ ਦੇ ਹਲਕਿਆਂ ਦੇ ਕੰਮ ਪ੍ਰਭਾਵਿਤ ਨਾ ਹੋਣ ਅਤੇ ਉਨ੍ਹਾਂ ਨੂੰ ਕਿਸੇ ਤਰ੍ਹਾਂ ਦੀ ਧਮਕੀ ਜਾਂ ਤੰਗ-ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।
ਉਨ੍ਹਾਂ ਨੇ ਕਿਹਾ ਕਿ ਆਮ ਆਦਮੀ ਪਾਰਟੀ ਅੰਦਰੂਨੀ ਖਿੱਚਤਾਣ ਦੀ ਸ਼ਿਕਾਰ ਹੈ ਅਤੇ ਇਸਦੇ ਵਿਧਾਇਕਾਂ ਵਿੱਚ ਭਾਰੀ ਬੇਚੈਨੀ ਹੈ। ਉਨ੍ਹਾਂ ਨੇ ਕਿਹਾ ਕਿ ਪੰਜਾਬ ਤੋਂ ਪਾਰਟੀ ਦੇ ਛੇ ਸੰਸਦ ਮੈਂਬਰ ਪਹਿਲਾਂ ਹੀ ਭਾਜਪਾ ਵਿੱਚ ਸ਼ਾਮਲ ਹੋ ਚੁੱਕੇ ਹਨ, ਜਦਕਿ ਕਰੀਬ 50 ਵਿਧਾਇਕ ਵੀ ਜਾਣ ਦੀ ਤਿਆਰੀ ਵਿੱਚ ਹਨ। ਉਨ੍ਹਾਂ ਨੇ ਸਵਾਲ ਕੀਤਾ ਕਿ ਕੀ ਕਾਂਗਰਸ ਦਾ ਕੋਈ ਸੰਸਦ ਮੈਂਬਰ, ਵਿਧਾਇਕ ਜਾਂ ਉਮੀਦਵਾਰ ਭਾਜਪਾ ਵਿੱਚ ਗਿਆ ਹੈ? ਉਨ੍ਹਾਂ ਕਿਹਾ ਕਿ ਧੜੇਬੰਦੀ ਕਾਂਗਰਸ ਵਿੱਚ ਨਹੀਂ, ਸਗੋਂ ਆਮ ਆਦਮੀ ਪਾਰਟੀ ਵਿੱਚ ਹੈ।
ਇਸ ਪ੍ਰੈਸ ਕਾਨਫਰੰਸ ਦੌਰਾਨ ਸੀਨੀਅਰ ਕਾਂਗਰਸੀ ਆਗੂ ਅਤੇ ਸਾਬਕਾ ਮੰਤਰੀ ਬਲਬੀਰ ਸਿੰਘ ਸਿੱਧੂ ਵੀ ਮੌਜੂਦ ਸਨ।