ਪ੍ਰਧਾਨ ਮੰਤਰੀ ਵਿਦੇਸ਼ਾਂ ਵਿੱਚ ਘੁੰਮ ਰਹੇ ਹਨ ਅਤੇ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦੀ ਸਲਾਹ ਦੇ ਰਹੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਤੇਲ ਦੀਆਂ ਕੀਮਤਾਂ ਵਿੱਚ ਕੀਤੇ ਭਾਰੀ ਵਾਧੇ ਦੀ ਸਖ਼ਤ ਆਲੋਚਨਾ ਕਰਦਿਆਂ ਕਿਹਾ ਕਿ ਚੋਣਾਂ ਤੋਂ ਤੁਰੰਤ ਬਾਅਦ ਇੱਕ ਵਾਰ ਫਿਰ ਆਮ ਲੋਕਾਂ ‘ਤੇ ਭਾਰੀ ਕੀਮਤਾਂ ਦਾ ਬੋਝ ਸੁੱਟ ਦਿੱਤਾ ਗਿਆ ਹੈ, ਜਦੋਂ ਕਿ ਸੱਤਾ ‘ਤੇ ਕਾਬਜ਼ ਲੋਕ ਖਰਚਿਆਂ ਵਿੱਚ ਕਟੌਤੀ ਅਤੇ ਬੱਚਤ ਕਰਨ ਬਾਰੇ ਨਾਗਰਿਕਾਂ ਨੂੰ ਭਾਸ਼ਣ ਦਿੰਦੇ ਰਹਿੰਦੇ ਹਨ। ਉਨ੍ਹਾਂ ਕਿਹਾ ਕਿ ਦੇਸ਼ ਭਰ ਦੇ ਲੋਕ ਮਹਿੰਗਾਈ, ਵਧਦੀ ਆਵਾਜਾਈ ਲਾਗਤ ਅਤੇ ਵਧਦੇ ਘਰੇਲੂ ਖਰਚਿਆਂ ਦੀ ਮਾਰ ਨਾਲ ਜੂਝ ਰਹੇ ਹਨ ਪਰ ਉਨ੍ਹਾਂ ਨੂੰ ਰਾਹਤ ਦੇਣ ਦੀ ਬਜਾਏ ਕੇਂਦਰ ਸਰਕਾਰ ਨਾਗਰਿਕਾਂ ਨੂੰ ਨਿੱਜੀ ਖਰਚ ਘਟਾਉਣ ਲਈ ਕਹਿ ਰਹੀ ਹੈ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪ੍ਰਧਾਨ ਮੰਤਰੀ ਦੇਸ਼ ਦੇ ਲੋਕਾਂ ਨੂੰ ਬੱਚਤ ਕਰਨ ਦਾ ਸਬਕ ਦਿੰਦੇ ਹੋਏ ਵਿਦੇਸ਼ ਘੁੰਮ ਰਹੇ ਹਨ।” ਉਨ੍ਹਾਂ ਦੱਸਿਆ ਕਿ ਆਮ ਨਾਗਰਿਕਾਂ ਨੂੰ ਵਾਰ-ਵਾਰ ਬੇਲੋੜੀ ਯਾਤਰਾ ਤੋਂ ਬਚਣ ਅਤੇ ਖਰਚੇ ਘਟਾਉਣ ਦੀ ਸਲਾਹ ਦਿੱਤੀ ਜਾਂਦੀ ਹੈ, ਜਦੋਂ ਕਿ ਪ੍ਰਧਾਨ ਮੰਤਰੀ ਖੁਦ ਜਨਤਕ ਖਰਚੇ ‘ਤੇ ਲਗਾਤਾਰ ਵਿਦੇਸ਼ੀ ਦੌਰੇ ਕਰ ਰਹੇ ਹਨ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਜੇ ਦੇਸ਼ ਦੇ ਲੋਕਾਂ ਨੂੰ ਵਿਦੇਸ਼ ਯਾਤਰਾ ਕਰਨਾ ਬੰਦ ਕਰ ਦੇਣਾ ਚਾਹੀਦਾ ਹੈ ਅਤੇ ਘਰੋਂ ਕੰਮ ਕਰਨਾ ਚਾਹੀਦਾ ਹੈ, ਤਾਂ ਕੀ ਪ੍ਰਧਾਨ ਮੰਤਰੀ ਘਰੋਂ ਕੰਮ ਨਹੀਂ ਕਰ ਸਕਦੇ?” ਉਨ੍ਹਾਂ ਅੱਗੇ ਕਿਹਾ ਕਿ ਪੂਰੀ ਦੁਨੀਆ ਜੰਗ ਅਤੇ ਵਿਸ਼ਵਵਿਆਪੀ ਆਰਥਿਕਤਾ ਦੇ ਉਤਾਰ-ਚੜਾਅ ਤੋਂ ਪ੍ਰਭਾਵਿਤ ਹੋਈ ਹੈ ਪਰ ਕਿਸੇ ਹੋਰ ਦੇਸ਼ ਦੇ ਮੁਖੀ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਵਾਂਗ ਨਾਗਰਿਕਾਂ ਨੂੰ ਬੱਚਤ ਕਰਨ ਦੀ ਸਲਾਹ ਨਹੀਂ ਦਿੱਤੀ।

ਕੇਂਦਰ ‘ਤੇ ਨਿਸ਼ਾਨਾ ਸਾਧਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਸ਼ੁਕਰ ਹੈ, ਪ੍ਰਧਾਨ ਮੰਤਰੀ ਨੇ ਲੋਕਾਂ ਨੂੰ ਸਿਰਫ਼ ਪੈਸੇ ਬਚਾਉਣ ਦੀ ਸਲਾਹ ਦਿੱਤੀ ਅਤੇ ਉਨ੍ਹਾਂ ਨੂੰ ਥਾਲੀਆਂ ਵਜਾਉਣ ਅਤੇ ਤਾੜੀਆਂ ਵਜਾਉਣ ਲਈ ਨਹੀਂ ਕਿਹਾ।” ਉਨ੍ਹਾਂ ਕਿਹਾ ਕਿ ਬੇਤੁਕੀਆਂ ਸਲਾਹਾਂ ਅਤੇ ਭਾਸ਼ਣਾਂ ਦੀ ਬਜਾਏ ਲੋਕ ਮਹਿੰਗਾਈ ਨੂੰ ਕੰਟਰੋਲ ਕਰਨ ਅਤੇ ਘਰਾਂ, ਕਿਸਾਨਾਂ ਅਤੇ ਛੋਟੇ ਕਾਰੋਬਾਰਾਂ ‘ਤੇ ਵਿੱਤੀ ਬੋਝ ਘਟਾਉਣ ਲਈ ਠੋਸ ਕਦਮਾਂ ਦੀ ਉਮੀਦ ਕਰਦੇ ਹਨ।

ਵਿਸ਼ਵਵਿਆਪੀ ਪ੍ਰਭਾਵ ‘ਤੇ ਚਾਨਣਾ ਪਾਉਂਦਿਆਂ ਮੁੱਖ ਮੰਤਰੀ ਨੇ ਕਿਹਾ ਕਿ ਜੰਗ ਅਤੇ ਆਰਥਿਕ ਅਸਥਿਰਤਾ ਨੇ ਦੁਨੀਆ ਭਰ ਦੇ ਦੇਸ਼ਾਂ ਨੂੰ ਪ੍ਰਭਾਵਿਤ ਕੀਤਾ ਹੈ ਪਰ ਹੋਰ ਦੇਸ਼ਾਂ ਦੀਆਂ ਸਰਕਾਰਾਂ ਉੱਚ ਕੀਮਤਾਂ ਅਤੇ ਖਰਚਿਆਂ ‘ਤੇ ਨੈਤਿਕ ਭਾਸ਼ਣਾਂ ਰਾਹੀਂ ਜਨਤਾ ‘ਤੇ ਬੋਝ ਪਾਉਣ ਦੀ ਬਜਾਏ ਨਾਗਰਿਕਾਂ ਨੂੰ ਰਾਹਤ ਪ੍ਰਦਾਨ ਕਰਨ ਦੀਆਂ ਕੋਸ਼ਿਸ਼ਾਂ ਕਰ ਰਹੀਆਂ ਹਨ। ਉਨ੍ਹਾਂ ਅੱਗੇ ਕਿਹਾ, “ਜੰਗ ਨੇ ਪੂਰੀ ਦੁਨੀਆ ਨੂੰ ਪ੍ਰਭਾਵਿਤ ਕੀਤਾ ਹੈ ਪਰ ਪ੍ਰਧਾਨ ਮੰਤਰੀ ਮੋਦੀ ਤੋਂ ਇਲਾਵਾ ਕਿਸੇ ਹੋਰ ਦੇਸ਼ ਦੇ ਮੁਖੀ ਨੇ ਆਪਣੇ ਨਾਗਰਿਕਾਂ ਨੂੰ ਇਸ ਤਰ੍ਹਾਂ ਬੱਚਤ ‘ਤੇ ਧਿਆਨ ਕੇਂਦਰਿਤ ਕਰਨ ਦੀ ਸਲਾਹ ਨਹੀਂ ਦਿੱਤੀ।”

ਪੰਜਾਬ ਕਿਸੇ ਵੀ ਦਬਾਅ ਹੇਠ ਆਪਣੇ ਪਾਣੀ ਦੇ ਅਧਿਕਾਰਾਂ ਨਾਲ ਸਮਝੌਤਾ ਨਹੀਂ ਕਰੇਗਾ; ਹਰਿਆਣਾ ਨੂੰ ਸਿਰਫ਼ ਕਾਨੂੰਨੀ ਤੌਰ ‘ਤੇ ਨਿਰਧਾਰਤ ਕੋਟੇ ਅਤੇ ਸਮਾਂ-ਸੀਮਾ ਅਨੁਸਾਰ ਹੀ ਪਾਣੀ ਮਿਲੇਗਾ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਭਾਖੜਾ ਦੇ ਪਾਣੀ ਦੀ ਵੰਡ ਦੇ ਸੰਵੇਦਨਸ਼ੀਲ ਮੁੱਦੇ ਅਤੇ ਕੇਂਦਰੀ ਮੰਤਰੀ ਮਨੋਹਰ ਲਾਲ ਖੱਟਰ ਵੱਲੋਂ ਹਾਲ ਹੀ ਵਿੱਚ ਕੀਤੀਆਂ ਟਿੱਪਣੀਆਂ ਦਾ ਹਵਾਲਾ ਦਿੰਦਿਆਂ ਮੁੱਖ ਮੰਤਰੀ ਨੇ ਸਪੱਸ਼ਟ ਤੌਰ ‘ਤੇ ਕਿਹਾ ਕਿ ਪੰਜਾਬ ਹਰ ਕੀਮਤ ‘ਤੇ ਆਪਣੇ ਪਾਣੀ ਦੇ ਅਧਿਕਾਰਾਂ ਦੀ ਰਾਖੀ ਕਰੇਗਾ। ਉਨ੍ਹਾਂ ਕਿਹਾ ਕਿ ਹਰਿਆਣਾ ਨੂੰ ਆਪਣੇ ਕਾਨੂੰਨੀ ਤੌਰ ‘ਤੇ ਨਿਰਧਾਰਤ ਕੋਟੇ ਅਨੁਸਾਰ ਹੀ ਪਾਣੀ ਮਿਲੇਗਾ ਅਤੇ ਇਹ ਪਾਣੀ ਨਿਰਧਾਰਤ ਸਮਾਂ-ਸੀਮਾ ਤੋਂ ਪਹਿਲਾਂ ਨਹੀਂ ਦਿੱਤਾ ਜਾਵੇਗਾ।

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ, “ਪੰਜਾਬ ਕਿਸੇ ਵੀ ਦਬਾਅ ਹੇਠ ਆਪਣੇ ਪਾਣੀ ਦੇ ਅਧਿਕਾਰਾਂ ਨਾਲ ਸਮਝੌਤਾ ਨਹੀਂ ਕਰੇਗਾ।” ਉਨ੍ਹਾਂ ਅੱਗੇ ਕਿਹਾ ਕਿ ਪਾਣੀ ਪੰਜਾਬ ਨਾਲ ਭਾਵਨਾਤਮਕ ਤੌਰ ‘ਤੇ ਜੁੜਿਆ ਹੋਇਆ ਹੈ ਅਤੇ ਇਹ ਸੂਬੇ ਦੀ ਆਰਥਿਕਤਾ ਅਤੇ ਖੇਤੀਬਾੜੀ ਦੀ ਬੁਨਿਆਦ ਹੈ। ਉਨ੍ਹਾਂ ਕਿਹਾ ਕਿ ਸੂਬਾ ਸਰਕਾਰ ਆਉਣ ਵਾਲੀਆਂ ਪੀੜ੍ਹੀਆਂ ਲਈ ਪਾਣੀ ਦੀ ਹਰ ਬੂੰਦ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ; ਹਰ ਬੂੰਦ ਸੂਬੇ ਦੇ ਕਿਸਾਨਾਂ, ਆਰਥਿਕਤਾ ਅਤੇ ਆਉਣ ਵਾਲੀਆਂ ਪੀੜ੍ਹੀਆਂ ਨਾਲ ਜੁੜੀ ਹੋਈ ਹੈ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਪੰਜਾਬ ਦੇ ਸਟੈਂਡ ਨੂੰ ਦੁਹਰਾਉਂਦਿਆਂ ਮੁੱਖ ਮੰਤਰੀ ਨੇ ਕਿਹਾ, “ਪੰਜਾਬ ਕੋਲ ਕਿਸੇ ਹੋਰ ਸੂਬੇ ਨੂੰ ਦੇਣ ਲਈ ਵਾਧੂ ਪਾਣੀ ਨਹੀਂ ਹੈ।” ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਸੂਬੇ ਦੇ ਪਾਣੀਆਂ ਅਤੇ ਖੇਤੀਬਾੜੀ ‘ਤੇ ਨਿਰਭਰ ਕਿਸਾਨਾਂ ਤੇ ਪੇਂਡੂ ਭਾਈਚਾਰਿਆਂ ਦੇ ਹਿੱਤਾਂ ਦੀ ਰਾਖੀ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

ਲੋਕ ‘ਆਪ’ ਦਾ ਸਮਰਥਨ ਇਸ ਲਈ ਕਰ ਰਹੇ ਹਨ ਕਿਉਂਕਿ ਉਹ ਬੇਤੁਕੀ ਸਿਆਸੀ ਬਿਆਨਬਾਜ਼ੀ ਅਤੇ ਜ਼ਮੀਨੀ ਪੱਧਰ ‘ਤੇ ਕੀਤੇ ਗਏ ਵਿਕਾਸ ਵਿਚਲੇ ਅੰਤਰ ਨੂੰ ਸਪੱਸ਼ਟ ਦੇਖ ਸਕਦੇ ਹਨ: ਮੁੱਖ ਮੰਤਰੀ ਭਗਵੰਤ ਸਿੰਘ ਮਾਨ

ਸਥਾਨਕ ਇਕਾਈਆਂ ਦੀਆਂ ਅਗਾਮੀ ਚੋਣਾਂ ਬਾਰੇ ਗੱਲ ਕਰਦਿਆਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਲੋਕ ਸਰਕਾਰ ਦਾ ਜ਼ੋਰਦਾਰ ਸਮਰਥਨ ਕਰ ਰਹੇ ਹਨ ਕਿਉਂਕਿ ਜ਼ਮੀਨੀ ਪੱਧਰ ‘ਤੇ ਵਿਕਾਸ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਸੂਬੇ ਵਿੱਚ ਰੁਜ਼ਗਾਰ ਦੇ ਮੌਕਿਆਂ ਵਿੱਚ ਵਾਧਾ ਹੋ ਰਿਹਾ ਹੈ, ਸ਼ਹਿਰੀ ਬੁਨਿਆਦੀ ਢਾਂਚੇ ਵਿੱਚ ਸੁਧਾਰ ਹੋ ਰਿਹਾ ਹੈ, ਸੜਕਾਂ ਅਤੇ ਸੀਵਰੇਜ ਪ੍ਰਣਾਲੀਆਂ ਨੂੰ ਅਪਗ੍ਰੇਡ ਕੀਤਾ ਜਾ ਰਿਹਾ ਹੈ, ਟੋਲ ਪਲਾਜ਼ਾ ਬੰਦ ਕੀਤੇ ਜਾ ਰਹੇ ਹਨ ਅਤੇ ਸੂਬੇ ਭਰ ਦੇ ਸ਼ਹਿਰਾਂ ਅਤੇ ਕਸਬਿਆਂ ਲਈ ਕਰੋੜਾਂ ਰੁਪਏ ਦੀਆਂ ਵਿਕਾਸ ਗ੍ਰਾਂਟਾਂ ਜਾਰੀ ਕੀਤੀਆਂ ਜਾ ਰਹੀਆਂ ਹਨ।

ਮੁੱਖ ਮੰਤਰੀ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਸਾਲਾਂ ਦੇ ਰਾਜਨੀਤਿਕ ਪਤਨ ਅਤੇ ਲੋਕਾਂ ਦੀਆਂ ਉਮੀਦਾਂ ਟੁੱਟਣ ਕਾਰਨ ਲਗਾਤਾਰ ਜਨਤਕ ਸਮਰਥਨ ਅਤੇ ਭਰੋਸੇਯੋਗਤਾ ਗੁਆ ਰਿਹਾ ਹੈ। ਉਨ੍ਹਾਂ ਕਿਹਾ ਕਿ ਪੰਜਾਬੀਆਂ ਨੂੰ ਹੁਣ ਅਕਾਲੀਆਂ ‘ਤੇ ਪਹਿਲਾ ਵਾਂਗ ਭਰੋਸਾ ਨਹੀਂ ਰਿਹਾ।  

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਕਿਹਾ ਕਿ ਅਕਾਲੀਆਂ ਨੇ ਬੇਅਦਬੀ ਦੀਆਂ ਘਟਨਾਵਾਂ ਰਾਹੀਂ ਹਰ ਪੰਜਾਬੀ ਅਤੇ ਖਾਸ ਕਰਕੇ ਸਿੱਖਾਂ ਦੀਆਂ ਭਾਵਨਾਵਾਂ ਨੂੰ ਠੇਸ ਪਹੁੰਚਾਈ ਹੈ। ਉਨ੍ਹਾਂ ਅੱਗੇ ਕਿਹਾ ਕਿ ਪੰਜਾਬੀ, ਅਕਾਲੀਆਂ ਨੂੰ ਪੰਜਾਬ ਅਤੇ ਇਸ ਦੇ ਲੋਕਾਂ ਨਾਲ ਕੀਤੇ ਪਾਪਾਂ ਲਈ ਕਦੇ ਮੁਆਫ ਨਹੀਂ ਕਰਨਗੇ

Leave a Reply

Your email address will not be published. Required fields are marked *