ਪੰਜਾਬ ਸਰਕਾਰ ਅਤੇ ਸਿੱਖਿਆ ਵਿਭਾਗ ਵੱਲੋਂ ਸ਼ੁਰੂ ਕੀਤਾ ਗਿਆ ਸਿੱਖਿਆ ਦਾ ਮਹਾਂ-ਜਸ਼ਨ ਪ੍ਰੋਗਰਾਮ ਤਹਿਤ ਫਾਜ਼ਿਲਕੇ ਦੇ ਸਮੂਹ ਸਰਕਾਰੀ ਸਕੂਲਾਂ ਵਿੱਚ ਮੈਗਾ ਪੀ.ਟੀ.ਐਮ. (ਮਾਪੇ-ਅਧਿਆਪਕ ਮਿਲਣੀ) ਅਤੇ ਪੇਰੈਂਟਸ ਵਰਕਸ਼ਾਪ ਆਯੋਜਿਤ ਕੀਤੀ ਜਾ ਰਹੀ ਹੈ। ਇਸੇ ਪ੍ਰੋਗਰਾਮ ਤਹਿਤ ਹੀ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਦੀ ਧਰਮਪਤਨੀ ਅਤੇ ਖੁਸ਼ੀ ਫਾਊਂਡੇਸ਼ਨ ਦੀ ਚੇਅਰਪਰਸ਼ਨ ਮੈਡਮ ਖੁਸ਼ਬੂ ਸਵਨਾ ਵੱਲੋਂ ਸਰਕਾਰੀ ਸੀਨੀ. ਸੈਕੰਡਰੀ ਸਮਾਰਟ ਸਕੂਲ ਕਰਨੀ ਖੇੜਾ ਤੇ ਸਰਕਾਰੀ ਕੰਨਿਆ ਸੀਨੀ. ਸੈਕੰਡਰੀ ਸਕੂਲ ਫਾਜ਼ਿਲਕਾ, ਸਰਕਾਰੀ ਸਕੂਲ ਕਾਬਲ ਸ਼ਾਹ ਖੂਬਣ ਸਮੇਤ ਵੱਖ-ਵੱਖ ਸਕੂਲਾਂ ਵਿੱਚ ਸ਼ਿਰਕਤ ਕੀਤੀ ਗਈ।
ਇਸ ਮੌਕੇ ਬੋਲਦਿਆਂ ਮੈਡਮ ਖੁਸ਼ਬੂ ਸਾਵਨਸੁੱਖਾ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਮਾਪੇ ਤੇ ਅਧਿਆਪਕ ਮਿਲਣੀ ਪ੍ਰੋਗਰਾਮ ਉਲੀਕਣਾ ਇਕ ਬਹੁਤ ਹੀ ਵਧੀਆ ਉਪਰਾਲਾ ਹੈ। ਮਾਪੇ ਸਕੂਲਾਂ ਵਿੱਚ ਪਹੁਚ ਕੇ ਅਧਿਆਪਕਾਂ ਨਾਲ ਸਿੱਧਾ ਸੰਵਾਦ ਕਰਕੇ ਆਪਣੇ ਬੱਚਿਆਂ ਦੀ ਪੜ੍ਹਾਈ ਪ੍ਰਤੀ ਦਿਲਚਸਪੀ ਤੇ ਨਤੀਜੇ ਜਾਣ ਸਕਦੇ ਹਨ। ੳਨ੍ਹਾਂ ਕਿਹਾ ਕਿ ਮੈਗਾ ਪੀ.ਟੀ.ਐਮ. ਦਾ ਮੁੱਖ ਉਦੇਸ਼ ਮਾਪਿਆਂ ਨੂੰ ਆਪਣੇ ਬੱਚਿਆਂ ਦੀ ਪੜ੍ਹਾਈ, ਹਾਜ਼ਰੀ ਅਤੇ ਸਰਗਰਮੀਆਂ ਬਾਰੇ ਜਾਣੂ ਕਰਵਾਉਣਾ ਹੈ।
ਉਨ੍ਹਾਂ ਕਿਹਾ ਕਿ ਅਧਿਆਪਕ ਅਤੇ ਵਿਦਿਆਰਥੀ ਦੇ ਵਿਚਕਾਰ ਇੱਕ ਬਹੁਤ ਹੀ ਗਹਿਰਾ ਅਤੇ ਸੱਚਾ ਰਿਸ਼ਤਾ ਹੁੰਦਾ ਹੈ। ਅਧਿਆਪਕਾਂ ਦੇ ਸਹੀ ਮਾਰਗਦਰਸ਼ਨ ਨਾਲ ਹੀ ਵਿਦਿਆਰਥੀਆਂ ਦੇ ਜੀਵਨ ਅਤੇ ਭਵਿੱਖ ਨੂੰ ਨਵੀਂ ਦਿਸ਼ਾ ਮਿਲਦੀ ਹੈ। ਉਨ੍ਹਾਂ ਸਮੂਹ ਮਾਪਿਆਂ ਨੂੰ ਅਪੀਲ ਕੀਤੀ ਕਿ ਉਹ ਆਪਣੇ ਬੱਚਿਆਂ ਨੂੰ ਸਿਰਫ ਕਿਤਾਬੀ ਗਿਆਨ ਤੱਕ ਸੀਮਤ ਨਾ ਰੱਖਣ, ਸਗੋਂ ਉਨ੍ਹਾਂ ਨੂੰ ਖੇਡਾਂ ਅਤੇ ਹੋਰ ਗਤੀਵਿਧੀਆਂ ਵਿੱਚ ਹਿੱਸਾ ਲੈਣ ਲਈ ਵੀ ਪ੍ਰੇਰਿਤ ਕਰਨ। ਪ੍ਰੋਗਰਾਮ ਦੇ ਅੰਤ ਵਿੱਚ ਮੈਡਮ ਖੁਸ਼ਬੂ ਸਵਨਾ ਵੱਲੋਂ ਸਕੂਲ ਮੈਨੇਜਮੈਂਟ ਕਮੇਟੀ ਦੇ ਮੈਂਬਰਾਂ ਅਤੇ ਵਧੀਆ ਕਾਰਗੁਜ਼ਾਰੀ ਵਾਲੇ ਮਾਪਿਆਂ ਨੂੰ ਪ੍ਰਸ਼ੰਸਾ ਪੱਤਰ ਵੰਡ ਕੇ ਸਨਮਾਨਿਤ ਵੀ ਕੀਤਾ ਗਿਆ।ਇਸ ਮੌਕੇ ਸਕੂਲਾਂ ਦੇ ਪ੍ਰਿੰਸੀਪਲ, ਅਧਿਆਪਕ ਅਤੇ ਵੱਡੀ ਗਿਣਤੀ ਵਿੱਚ ਮਾਪੇ ਹਾਜ਼ਰ ਸਨ।