ਪੰਜਾਬ ਸਰਕਾਰ ਵੱਲੋਂ ਨੌਜਵਾਨਾਂ ਨੂੰ ਖੇਡਾਂ ਨਾਲ ਜੋੜਨ ਅਤੇ ਸੂਬੇ ਵਿੱਚ ਖੇਡ ਸੱਭਿਆਚਾਰ ਨੂੰ ਹੋਰ ਮਜ਼ਬੂਤ ਕਰਨ ਦੇ ਉਦੇਸ਼ ਨਾਲ ਕਰਵਾਈਆਂ ਜਾ ਰਹੀਆਂ ‘ਖੇਡਾਂ ਵਤਨ ਪੰਜਾਬ ਦੀਆਂ’ ਵਿੱਚ ਲੋਕਾਂ ਦੀ ਵੱਧ ਤੋਂ ਵੱਧ ਭਾਗੀਦਾਰੀ ਯਕੀਨੀ ਬਣਾਉਣ ਲਈ ਪੰਜਾਬ ਸਰਕਾਰ ਵੱਲੋਂ ਖੇਡਾਂ ਵਤਨ ਪੰਜਾਬ ਦੀਆਂ 2026 (ਸੀਜਨ 4) ਦੀ ਸ਼ੁਰੂਆਤ ਕੀਤੀ ਹੈ। ਇਨ੍ਹਾਂ ਖੇਡਾਂ ਬਾਰੇ ਜ਼ਿਲ੍ਹਾ ਵਾਸੀਆਂ ਤੇ ਖਾਸਕਰ ਖਿਡਾਰੀਆਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਲਈ ਪ੍ਰੇਰਿਤ ਕਰਨ ਲਈ ਫਾਜ਼ਿਲਕਾ, ਜਲਾਲਾਬਾਦ ਅਤੇ ਬੱਲੂਆਣਾ ਦੇ ਵਿਧਾਇਕਾਂ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿੱਚ ਰੱਖੀ ਮੀਟਿੰਗ ਦੌਰਾਨ ਆਪਣੀ ਰਜਿਸਟ੍ਰੇਸ਼ਨ ਕਰਵਾਈ । ਇਸ ਮੌਕੇ ਉਨ੍ਹਾਂ ਨਾਲ ਵਿਸ਼ੇਸ਼ ਤੌਰ ਤੇ ਡਿਪਟੀ ਕਮਿਸ਼ਨ ਅਮਰਪ੍ਰੀਤ ਕੌਰ ਸੰਧੂ ਵੀ ਮੌਜੂਦ ਰਹੇ।
ਇਸ ਮੌਕੇ ਬੋਲਦਿਆਂ ਵਿਧਾਇਕ ਸ੍ਰ. ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਵਿੱਚ ਬਲਾਕ ਪੱਧਰੀ ਮੁਕਾਬਲਿਆ ਦਾ ਆਗਾਜ 10 ਸਤੰਬਰ ਤੋਂ ਕੀਤਾ ਗਿਆ ਹੈ । ਇਸੇ ਤਹਿਤ ਹੀ 12 ਸਤੰਬਰ 2026 ਤੱਕ ਬਲਾਕ ਫਾਜ਼ਿਲਕਾ, ਅਬੋਹਰ ਅਤੇ ਖੂਈਆਂ ਸਰਵਰ ਦੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ। ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਦੇ ਚਾਹਵਾਨ ਖਿਡਾਰੀ https://sports.punjab.gov.in ਤੇ ਆਪਣੀ ਆਨਲਾਇਨ ਰਜਿਸਟ੍ਰੇਸ਼ਨ ਕਰਵਾ ਸਕਦੇ ਹਨ।
ਵਿਧਾਇਕ ਜਲਾਲਾਬਾਦ ਸ੍ਰੀ. ਜਗਦੀਪ ਕੰਬੋਜ ਗੋਲਡੀ ਨੇ ਜ਼ਿਲ੍ਹੇ ਦੇ ਸਮੂਹ ਨੌਜਵਾਨਾਂ ਨੂੰ ਖੇਡਾਂ ਵਿੱਚ ਵੱਧ ਤੋਂ ਵੱਧ ਭਾਗ ਲੈਣ ਦੀ ਅਪੀਲ ਕਰਦਿਆਂ ਕਿਹਾ ਕਿ ਬਲਾਕ ਜਲਾਲਾਬਾਦ ਅਤੇ ਅਰਨੀਵਾਲਾ ਸੇ਼ਖ ਸੁਭਾਨ ਦੇ ਖੇਡ ਮੁਕਾਬਲੇ ਮਿਤੀ 13 ਸਤੰਬਰ ਤੋਂ 15 ਸਤੰਬਰ 2026 ਤੱਕ ਕਰਵਾਏ ਜਾਣਗੇ। ਉਨ੍ਹਾਂ ਕਿਹਾ ਕਿ ਖੇਡਾਂ ਸਿਰਫ਼ ਤੰਦਰੁਸਤੀ ਦਾ ਸਾਧਨ ਨਹੀਂ, ਸਗੋਂ ਨੌਜਵਾਨਾਂ ਦੀ ਊਰਜਾ ਨੂੰ ਸਹੀ ਦਿਸ਼ਾ ਦੇਣ, ਅਨੁਸ਼ਾਸਨ ਪੈਦਾ ਕਰਨ ਅਤੇ ਨਸ਼ਿਆਂ ਤੋਂ ਦੂਰ ਰੱਖਣ ਦਾ ਸਭ ਤੋਂ ਪ੍ਰਭਾਵਸ਼ਾਲੀ ਜ਼ਰੀਆ ਹਨ।
ਵਿਧਾਇਕ ਬੱਲੂਆਣਾ ਸ੍ਰੀ. ਅਮਨਦੀਪ ਸਿੰਘ ਗੋਲਡੀ ਮੁਸਾਫਿਰ ਨੇ ਨੌਜਵਾਨਾਂ ਨੂੰ ਮੋਬਾਈਲ ਅਤੇ ਹੋਰ ਗੈਰ-ਸਿਹਤਮੰਦ ਆਦਤਾਂ ਤੋਂ ਦੂਰ ਰਹਿੰਦਿਆਂ ਖੇਡ ਮੈਦਾਨਾਂ ਨਾਲ ਜੁੜਨ ਦੀ ਅਪੀਲ ਕਰਦਿਆਂ ਕਿਹਾ ਕਿ 12 ਸਤੰਬਰ 2026 ਤੱਕ ਬਲਾਕ ਫਾਜ਼ਿਲਕਾ, ਅਬੋਹਰ ਅਤੇ ਖੂਈਆਂ ਸਰਵਰ ਦੇ ਖੇਡ ਮੁਕਾਬਲੇ ਕਰਵਾਏ ਜਾ ਰਹੇ ਹਨ ਤੇ ਇਹ ਖੇਡ ਮੁਕਾਬਲੇ ਜ਼ਿਲ੍ਹੇ ਵਿੱਚ 15 ਸਤੰਬਰ ਤੱਕ ਜਾਰੀ ਰਹਿਣਗੇ। ਉਨ੍ਹਾਂ ਕਿਹਾ ਕਿ ਪੰਜਾਬ ਦੀ ਨੌਜਵਾਨੀ ਵਿੱਚ ਬੇਅੰਤ ਖੇਡ ਪ੍ਰਤਿਭਾ ਹੈ ਅਤੇ ਸਰਕਾਰ ਦਾ ਉਦੇਸ਼ ਇਸ ਪ੍ਰਤਿਭਾ ਨੂੰ ਮੰਚ ਪ੍ਰਦਾਨ ਕਰਕੇ ‘ਖੇਡਦਾ ਪੰਜਾਬ—ਤੰਦਰੁਸਤ ਪੰਜਾਬ’ ਦੀ ਭਾਵਨਾ ਨੂੰ ਹੋਰ ਮਜ਼ਬੂਤ ਕਰਨਾ ਹੈ। ਇਸ ਲਈ ਹਰ ਉਮਰ ਵਰਗ ਅਤੇ ਹਰ ਪਿੰਡ-ਸ਼ਹਿਰ ਦੇ ਖਿਡਾਰੀ ਇਨ੍ਹਾਂ ਖੇਡਾਂ ਵਿੱਚ ਹਿੱਸਾ ਲੈ ਕੇ ਆਪਣੀ ਪ੍ਰਤਿਭਾ ਦਾ ਪ੍ਰਦਰਸ਼ਨ ਕਰਨ।
ਇਸ ਦੌਰਾਨ ਡਿਪਟੀ ਕਮਿਸ਼ਨਰ ਅਮਰਪ੍ਰੀਤ ਕੌਰ ਸੰਧੂ ਨੇ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਅੰਡਰ: 14 ਤੋਂ 70 ਸਾਲ ਤੋਂ ਵੱਧ ਉਮਰ ਦੇ ਲੜਕੇ-ਲੜਕੀਆਂ, ਮਹਿਲਾ-ਪੁਰਸ਼ ਐਥਲੈਟਿਕਸ, ਫੁੱਟਬਾਲ, ਕਬੱਡੀ(ਨੈਸ਼ਨਲ ਸਟਾਈਲ), ਕਬੱਡੀ(ਸਰਕਲ ਸਟਾਈਲ), ਖੋਹ-ਖੋਹ, ਵਾਲੀਬਾਲ (ਸਮੈਸ਼ਿੰਗ), ਵਾਲੀਬਾੱਲ (ਸੂਟਿੰਗ) ਵਿੱਚ ਭਾਗ ਲੈ ਸਕਦੇ ਹਨ। ਉਨ੍ਹਾਂ ਦੱਸਿਆ ਕਿ ਇਨ੍ਹਾਂ ਖੇਡ ਮੁਕਾਬਲਿਆਂ ਵਿੱਚ ਭਾਗ ਲੈਣ ਵਾਲਾ ਖਿਡਾਰੀ ਪੰਜਾਬ ਦਾ ਵਸਨੀਕ ਹੋਣਾ ਚਾਹੀਦਾ ਹੈ ਜਾਂ ਪੰਜਾਬ ਦੇ ਕਿਸੇ ਵਿਦਿਅਕ ਅਦਾਰੇ ਵਿੱਚ ਪੜਦਾ ਹੋਣਾ ਚਾਹੀਦਾ ਹੈ। ਉਸ ਕੋਲ ਸਬੂਤ ਲਈ ਰਿਹਾਇਸ਼ੀ ਸਰਟੀਫਿਕੇਟ ਜਾਂ ਪੰਜਾਬ ਦਾ ਆਧਾਰ ਕਾਰਡ ਜਾਂ ਵਿਦਿਅਕ ਅਦਾਰੇ ਦਾ ਆਈ.ਡੀ ਕਾਰਡ ਹੋਣਾ ਜ਼ਰੂਰੀ ਹੈ। ਇਨ੍ਹਾਂ ਖੇਡਾਂ ਵਿੱਚ ਭਾਗ ਲੈਣ ਵਾਲੇ ਖਿਡਾਰੀ ਉਮਰ ਦੇ ਸਬੂਤ ਵਜੋਂ ਆਪਣਾ ਆਧਾਰ ਕਾਰਡ ਨਾਲ ਲੈ ਕੇ ਆਉਣ ਅਤੇ ਆਪਣੀ ਆਫ ਲਾਈਨ ਸਮਰੀਸ਼ੀਟ ਟੂਰਨਾਮੈਂਟ ਸਥਾਨ ਤੇ ਜਮ੍ਹਾਂ ਕਰਵਾਉਣ। ਇਨ੍ਹਾਂ ਖੇਡਾਂ ਸਬੰਧੀ ਖੇਡ ਵੈਨਿਊ ਅਤੇ ਸ਼ਡਿਊਲ ਦਫਤਰ ਡਿਪਟੀ ਕਮਿਸ਼ਨਰ ਫਾਜਿਲਕਾ ਦੀ ਵੈੱਬ ਸਾਈਟ https://fazilka.nic.in/ ਤੇ ਵੀ ਉਪਲੱਬਧ ਹੈ ।