ਜ਼ਿਲ੍ਹੇ ਦੇ ਬੇਰੋਜ਼ਗਾਰ ਨੌਜਵਾਨਾਂ ਨੂੰ ਵੱਖ-ਵੱਖ ਕਿੱਤਿਆਂ ਦੀ ਸਿਖਲਾਈ ਦੇ ਕੇ ਬਣਾਇਆ ਜਾਵੇਗਾ ਰੋਜ਼ਗਾਰ ਦੇ ਕਾਬਲ-ਗੀਤਿਕਾ ਸਿੰਘ

*ਵੱਧ ਤੋਂ ਵੱਧ ਨੌਜਵਾਨਾਂ ਨੂੰ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਦੇਣ ਲਈ ਵੱਖ-ਵੱਖ ਵਿਭਾਗਾਂ ਦਾ ਲਿਆ ਜਾਵੇ ਸਹਿਯੋਗ
*ਜ਼ਿਲ੍ਹੇ ਦੇ ਨੌਜਵਾਨਾਂ ਨੂੰ ਉਦਯੋਗਾਂ ਦੀ ਲੋੜ ਅਨੁਸਾਰ ਸਿਖਲਾਈ ਦੇਣ ਲਈ ਦਿੱਤੇ ਆਦੇਸ਼
ਫ਼ਤਹਿਗੜ੍ਹ ਸਾਹਿਬ, 01 ਮਾਰਚ:
ਵਧੀਕ ਡਿਪਟੀ ਕਮਿਸ਼ਨਰ (ਜਨਰਲ)-ਕਮ-ਨੋਡਲ ਅਫਸਰ ਪੰਜਾਬ ਹੁਨਰ ਵਿਕਾਸ ਮਿਸ਼ਨ ਸ਼੍ਰੀਮਤੀ ਗੀਤਿਕਾ ਸਿੰਘ ਦੀ ਪ੍ਰਧਾਨਗੀ ਹੇਠ ਪੰਜਾਬ ਹੁਨਰ ਵਿਕਾਸ ਮਿਸ਼ਨ ਦੀ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਹੋਈ ਜਿਸ ਵਿੱਚ ਨੌਜਵਾਨਾਂ ਦੇ ਹੁਨਰ ਵਿਕਾਸ ਲਈ ਵੱਖ-ਵੱਖ ਕਿੱਤਾ ਮੁਖੀ ਕੋਰਸਾਂ ਦੀ ਸਿਖਲਾਈ ਦੇਣ ਸਬੰਧੀ ਕੀਤੇ ਜਾ ਰਹੇ ਕੰਮਾਂ ਦਾ ਜਾਇਜ਼ਾ ਲਿਆ ਗਿਆ।

ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਸ਼੍ਰੀਮਤੀ ਗੀਤਿਕਾ ਸਿੰਘ ਨੇ ਦੱਸਿਆ ਕਿ ਪੰਜਾਬ ਹੁਨਰ ਵਿਕਾਸ ਮਿਸ਼ਨ, ਚੰਡੀਗੜ੍ਹ ਵੱਲੋਂ ਜ਼ਿਲ੍ਹੇ ਦੇ ਸਕਿੱਲ ਸੈਂਟਰਾਂ ਵਿੱਚ ਪੜਾਈ ਤੋਂ ਹਟ ਚੁੱਕੇ ਅਤੇ ਬੇਰੋਜ਼ਗਾਰ ਸਿਖਿਆਰਥੀਆਂ ਲਈ ਵੱਖ ਵੱਖ ਕੋਰਸਾਂ ਰਾਹੀਂ ਮੁਫ਼ਤ ਸਕਿੱਲ ਟ੍ਰੇਨਿੰਗ ਦਿੱਤੀ ਜਾ ਰਹੀ ਹੈ ਤਾਂ ਜੋ ਜ਼ਿਲ੍ਹੇ ਦੇ ਨੌਜਵਾਨ ਆਪਣੇ ਪੈਰ੍ਹਾਂ ਤੇ ਖੜ੍ਹੇ ਹੋਣ ਯੋਗ ਹੋ ਸਕਣ। ਉਨ੍ਹਾਂ ਸਬੰਧਤ ਵਿਭਾਗਾਂ ਦੇ ਅਧਿਕਾਰੀਆਂ ਨੂੰ ਕਿਹਾ ਕਿ ਨੌਜਵਾਨਾਂ ਨੂੰ ਸਮੇਂ ਦੇ ਹਾਣ ਦੀ ਸਿਖਲਾਈ ਦਿੱਤੀ ਜਾਵੇ ਤਾਂ ਜੋ ਉਹ ਸਵੈ ਰੋਜ਼ਗਾਰ ਹਾਸਲ ਕਰਕੇ ਆਪਣਾ ਆਰਥਿਕ ਪੱਧਰ ਮਜਬੂਤ ਕਰ ਸਕਣ।

ਵਧੀਕ ਡਿਪਟੀ ਕਮਿਸ਼ਨਰ ਨੇ ਅਧਿਕਾਰੀਆਂ ਨੂੰ ਕਿਹਾ ਕਿ ਜ਼ਿਲ੍ਹੇ ਦੇ ਵੱਧ ਤੋਂ ਵੱਧ ਨੌਜਵਾਨਾਂ ਨੂੰ ਹੁਨਰ ਵਿਕਾਸ ਕਿੱਤਿਆਂ ਦੀ ਸਿਖਲਾਈ ਦੇਣ ਲਈ ਜ਼ਿਲ੍ਹੇ ਵਿੱਚ ਬੰਦ ਪਏ ਸਿਖਲਾਈ ਸੈਂਟਰਾਂ ਨੂੰ ਮੁੜ ਤੋਂ ਸ਼ੁਰੂ ਕੀਤਾ ਜਾਵੇ। ਉਨ੍ਹਾਂ ਅਧਿਕਾਰੀਆਂ ਨੂੰ ਇਹ ਵੀ ਕਿਹਾ ਕਿ ਨੌਜਵਾਨਾਂ ਨੂੰ ਉਦਯੋਗਾਂ ਦੀ ਲੋੜ ਅਨੁਸਾਰ ਕਿੱਤਿਆਂ ਦੀ ਸਿਖਲਾਈ ਦਿੱਤੀ ਜਾਵੇ। ਉਨ੍ਹਾਂ ਟਰੇਨਿੰਗ ਪਾਰਟਰਨਰਾਂ ਨੂੰ ਕਿਹਾ ਕਿ ਨੌਜਵਾਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਟਰੇਨਿੰਗਾਂ ਦੀ ਵਿਸਥਾਰ ਪੂਰਵਕ ਰਿਪੋਰਟ ਬਣਾ ਕੇ ਭੇਜਣ ਤਾਂ ਜੋ ਸਾਲ 2025-26 ਦਾ ਐਕਸ਼ਨ ਪਲਾਟ ਸਰਕਾਰ ਨੂੰ ਭੇਜਿਆ ਜਾ ਸਕੇ। ਉਨ੍ਹਾਂ ਜ਼ਿਲ੍ਹੇ ਦੇ ਉਦਯੋਗਿਕ ਘਰਾਣਿਆਂ ਨੂੰ ਅਪੀਲ ਕੀਤੀ ਕਿ ਸਰਕਾਰ ਦੀ ਇਸ ਮੁਹਿੰਮ ਵਿੱਚ ਵੱਧ ਤੋਂ ਵੱਧ ਯੋਗਦਾਨ ਦਿੱਤਾ ਜਾਵੇ।

ਇਸ ਮੀਟਿੰਗ ਵਿੱਚ ਹੁਨਰ ਵਿਕਾਸ ਮਿਸ਼ਨ ਦੇ ਜ਼ਿਲ੍ਹਾ ਮੈਨੇਜਰ ਮੁਕੇਸ਼ ਕੁਮਾਰ, ਡੀ.ਡੀ.ਪੀ.ਓ. ਜਸਪ੍ਰੀਤ ਕੌਰ, ਸਮਾਜਿਕ ਸੁਰੱਖਿਆ ਅਫਸਰ ਵਰਿੰਦਰ ਸਿੰਘ ਟਿਵਾਣਾ, ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸੁਸ਼ੀਲ ਨਾਥ, ਜ਼ਿਲ੍ਹਾ ਰੋਜ਼ਗਾਰ ਅਫਸਰ ਹਰਪ੍ਰੀਤ ਸਿੰਘ, ਡੀ.ਪੀ.ਐਮ. ਮਨਪ੍ਰੀਤ ਸਿੰਘ, ਐਸ.ਸੀ. ਕਾਰਪੋਰੇਸ਼ਨ ਦੇ ਏ.ਡੀ.ਐਮ. ਸਤਵਿੰਦਰ ਸਿੰਘ, ਆਈ.ਟੀ.ਆਈ. ਬਸੀ ਪਠਾਣਾ ਦੇ ਪ੍ਰਿੰਸੀਪਲ ਹਰਪ੍ਰੀਤ ਸਿੰਘ, ਆਈ.ਟੀ.ਆਈ. ਭਗੜਾਣਾ ਦੇ ਪਲੇਸਮੈਂਟ ਅਫਸਰ ਜੋਬਨਦੀਪ ਸਿੰਘ ਤੋਂ ਇਲਾਵਾ ਵੱਖ-ਵੱਖ ਵਿਭਾਗਾਂ ਦੇ ਅਧਿਕਾਰੀ ਹਾਜਰ ਸਨ।

Leave a Reply

Your email address will not be published. Required fields are marked *