ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ

ਪੰਜਾਬ ਵਿਜੀਲੈਂਸ ਬਿਊਰੋ (VB) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਕੂਮਕਲਾਂ ਪੁਲਿਸ ਸਟੇਸ਼ਨ, ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ (ASI) ਜਗਜੀਵਨ ਸਿੰਘ ਨੂੰ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਰਾਹੋਂ ਰੋਡ, ਲੁਧਿਆਣਾ ਦੇ ਸੁਰਜੀਤ ਕਲੋਨੀ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਵਿਰੁੱਧ ਕੂਮਕਲਾਂ, ਪੁਲਿਸ ਸਟੇਸ਼ਨ ਲੁਧਿਆਣਾ ਵਿਖੇ ਮਾਮਲਾ ਦਰਜ ਕੀਤਾ ਗਿਆ ਸੀ। ਇਸ ਮਾਮਲੇ ਦੇ ਜਾਂਚ ਅਧਿਕਾਰੀ ਏਐਸਆਈ ਜਗਜੀਵਨ ਸਿੰਘ ਸਨ। ਜਦੋਂ ਸ਼ਿਕਾਇਤਕਰਤਾ ਇਸ ਮਾਮਲੇ ਸਬੰਧੀ ਦੋਸ਼ੀ ਏਐਸਆਈ ਨੂੰ ਮਿਲਿਆ ਤਾਂ ਦੋਸ਼ੀ ਏਐਸਆਈ ਨੇ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਨੂੰ ਇਸ ਮਾਮਲੇ ਵਿੱਚ ਜ਼ਮਾਨਤ ਦਿਵਾਉਣ ਲਈ 10,000 ਰੁਪਏ ਦੀ ਰਿਸ਼ਵਤ ਮੰਗੀ ਅਤੇ ਪ੍ਰਾਪਤ ਕੀਤੀ। ਇਸ ਸਬੰਧ ਵਿੱਚ, ਦੋਸ਼ੀ ਏਐਸਆਈ ਨੇ ਸ਼ਿਕਾਇਤਕਰਤਾ ਨੂੰ ਅੱਗੇ ਬੁਲਾਇਆ ਅਤੇ 10,000 ਰੁਪਏ ਦੀ ਹੋਰ ਰਿਸ਼ਵਤ ਮੰਗੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਸੰਬੰਧੀ ਸਾਰੀ ਗੱਲਬਾਤ ਰਿਕਾਰਡ ਕੀਤੀ।

ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰ ਕਰਦੇ ਹੋਏ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 10,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧ ਵਿੱਚ, ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *