ਵਿਜੀਲੈਂਸ ਬਿਊਰੋ ਨੇ ਨਾਇਬ ਤਹਿਸੀਲਦਾਰ ਦੇ ਰੀਡਰ ਨੂੰ 6,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ

ਪੰਜਾਬ ਵਿਜੀਲੈਂਸ ਬਿਊਰੋ (VB) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਸਮਾਣਾ ਜ਼ਿਲ੍ਹਾ ਪਟਿਆਲਾ ਦੇ ਨਾਇਬ ਤਹਿਸੀਲਦਾਰ ਸੰਜੀਵ ਸਭਰਵਾ, ਰੀਡਰ ਨੂੰ 6,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਪਿੰਡ ਢੈਂਥਲ ਤਹਿਸੀਲ ਸਮਾਣਾ ਜ਼ਿਲ੍ਹਾ ਪਟਿਆਲਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਭਰਾ ਨੇ ਆਪਣੇ ਪੁੱਤਰ ਨੂੰ ਵਿਦੇਸ਼ ਭੇਜਣ ਲਈ ਜਨ ਸਮਾਲ ਫਾਈਨੈਂਸ ਬੈਂਕ, ਪਟਿਆਲਾ ਤੋਂ 11 ਲੱਖ ਰੁਪਏ ਦਾ ਕਰਜ਼ਾ ਲਿਆ ਸੀ, ਜਿਸ ਵਿੱਚ ਉਸ ਦਾ ਘਰ ਜ਼ਮਾਨਤ ਵਜੋਂ ਗਿਰਵੀ ਰੱਖਿਆ ਗਿਆ ਸੀ। ਇਹ ਕਰਜ਼ਾ 14,000 ਰੁਪਏ ਦੀਆਂ ਮਾਸਿਕ ਕਿਸ਼ਤਾਂ ਵਿੱਚ ਵਾਪਸ ਕੀਤਾ ਜਾ ਰਿਹਾ ਸੀ। ਹਾਲਾਂਕਿ, ਪਿਛਲੇ ਦੋ ਸਾਲਾਂ ਤੋਂ ਇਨ੍ਹਾਂ ਕਿਸ਼ਤਾਂ ਦਾ ਭੁਗਤਾਨ ਨਾ ਕਰਨ ਕਾਰਨ, ਸਰਫੇਸੀ ਐਕਟ, 2002 ਦੀ ਧਾਰਾ 14 ਤਹਿਤ ਕਾਰਵਾਈ ਸ਼ੁਰੂ ਕੀਤੀ ਗਈ ਸੀ ਅਤੇ ਇਸ ਵੇਲੇ ਨਾਇਬ ਤਹਿਸੀਲਦਾਰ-ਕਮ-ਕਾਰਜਕਾਰੀ ਮੈਜਿਸਟਰੇਟ, ਸਮਾਣਾ ਦੇ ਦਫ਼ਤਰ ਵਿੱਚ ਚੱਲ ਰਹੀ ਹੈ। ਸਿੱਟੇ ਵਜੋਂ, ਗਿਰਵੀ ਰੱਖੀ ਜਾਇਦਾਦ ਦਾ ਭੌਤਿਕ ਕਬਜ਼ਾ ਲੈਣ ਦੇ ਹੁਕਮ ਜਾਰੀ ਕੀਤੇ ਗਏ ਹਨ।

ਉਨ੍ਹਾਂ ਅੱਗੇ ਕਿਹਾ ਕਿ ਜਦੋਂ ਸ਼ਿਕਾਇਤਕਰਤਾ ਸਮਾਣਾ ਵਿਖੇ ਨਾਇਬ ਤਹਿਸੀਲਦਾਰ ਦੇ ਦਫ਼ਤਰ ਗਿਆ, ਤਾਂ ਉਹ ਦੋਸ਼ੀ ਰੀਡਰ, ਸੰਜੀਵ ਸੱਭਰਵਾਲ ਨੂੰ ਮਿਲਿਆ। ਦੋਸ਼ੀ ਰੀਡਰ ਨੇ ਕੇਸ ਦੀ ਕਾਰਵਾਈ ਵਿੱਚ ਦੇਰੀ ਕਰਨ ਲਈ ₹25,000 ਦੀ ਰਿਸ਼ਵਤ ਦੀ ਮੰਗ ਕੀਤੀ। ਗੱਲਬਾਤ ਤੋਂ ਬਾਅਦ, ਦੋਸ਼ੀ ₹6,000 ਦੀ ਸ਼ੁਰੂਆਤੀ ਕਿਸ਼ਤ ਸਵੀਕਾਰ ਕਰਨ ਲਈ ਸਹਿਮਤ ਹੋ ਗਿਆ, ਸ਼ਿਕਾਇਤਕਰਤਾ ਨੂੰ 06.07.2026 ਤੋਂ ਬਾਅਦ ਬਾਕੀ ਬਚੀ ਰਕਮ ਦਾ ਭੁਗਤਾਨ ਕਰਨ ਦਾ ਨਿਰਦੇਸ਼ ਦਿੱਤਾ।

ਗੈਰ-ਕਾਨੂੰਨੀ ਰਿਸ਼ਵਤ ਦੇਣ ਤੋਂ ਇਨਕਾਰ ਕਰਦੇ ਹੋਏ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਰੀਡਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 6,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧ ਵਿੱਚ, ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *