ਫ਼ਤਹਿਗੜ੍ਹ ਸਾਹਿਬ,11 ਫਰਵਰੀ:-
ਬਜ਼ੁਰਗ ਸਾਡੇ ਸਮਾਜ ਦਾ ਅਹਿਮ ਅੰਗ ਹਨ ਜਿਨ੍ਹਾਂ ਦੇ ਤਜ਼ਰਬਿਆਂ ਤੋਂ ਸਾਨੂੰ ਸੇਧ ਲੈਣੀ ਚਾਹੀਦੀ ਹੈ। ਪੰਜਾਬ ਸਰਕਾਰ ਦੀ ਸਾਡੇ ਬਜ਼ੁਰਗ ਸਾਡਾ ਮਾਣ ਮੁਹਿੰਮ ਬਜ਼ੁਰਗਾਂ ਨੂੰ ਸਨਮਾਨਜਨਕ ਅਤੇ ਸੁਰੱਖਿਅਤ ਜੀਵਨ ਪ੍ਰਦਾਨ ਕਰਨ ਲਈ ਇੱਕ ਵਿਸ਼ੇਸ਼ ਪਹਿਲ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਪੂਜਾ ਸਿਆਲ ਗਰੇਵਾਲ ਨੇ ਬਸੀ ਪਠਾਣਾ ਦੇ ਓਲਡ ਏਜ ਹੋਮ ਵਿਖੇ ਸਾਡੇ ਬਜੁਰਗ ਸਾਡਾ ਮਾਣ ਤਹਿਤ ਲਗਾਏ ਗਏ ਕੈਂਪ ਵਿੱਚ ਸ਼ਿਰਕਤ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਬਜ਼ੁਰਗ ਸਾਡੇ ਸਮਾਜ ਦੀ ਧਰੋਹਰ ਹਨ ਜਿਨ੍ਹਾਂ ਨੂੰ ਸੰਭਾਲ ਕੇ ਰੱਖਣਾ ਸਾਡਾ ਸਾਰਿਆਂ ਦਾ ਫਰਜ਼ ਬਣਦਾ ਹੈ।

ਉਨ੍ਹਾਂ ਕਿਹਾ ਕਿ ਜ਼ਿਲ੍ਹਾ ਪ੍ਰਸ਼ਾਸ਼ਨ ਬਜ਼ੁਰਗਾਂ ਨੂੰ ਮਿਆਰੀ ਸਹੂਲਤਾਂ ਪ੍ਰਦਾਨ ਕਰਨ ਲਈ ਵਚਨਬੱਧ ਹੈ ਅਤੇ ਬਜ਼ੁਰਗ ਨਾਗਰਿਕਾਂ ਨੂੰ ਕਿਸੇ ਕਿਸਮ ਦੀ ਕੋਈ ਮੁਸ਼ਕਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਜ਼ਿਲ੍ਹੇ ਦੇ ਬਜ਼ੁਰਗਾਂ ਨੂੰ ਅਪੀਲ ਕੀਤੀ ਕਿ ਪੰਜਾਬ ਸਰਕਾਰ ਵੱਲੋਂ ਚਲਾਈ ਜਾ ਰਹੀ ਮੁੱਖ ਮੰਤਰੀ ਸਿਹਤ ਬੀਮਾ ਯੋਜਨਾ ਤੇ ਮੁੱਖ ਮੰਤਰੀ ਤੀਰਥ ਯਾਤਰਾ ਦਾ ਵੱਧ ਤੋਂ ਵੱਧ ਲਾਭ ਲੈਣਾ ਚਾਹੀਦਾ ਹੈ ਅਤੇ ਤੀਰਥ ਯਾਤਰਾ ਸਕੀਮ ਤਹਿਤ ਆਪਣੀ ਰਜਿਸਟਰੇਸ਼ਨ ਕਰਵਾ ਕੇ ਵੱਖ-ਵੱਖ ਤੀਰਥ ਸਥਾਨਾਂ ਦੇ ਦਰਸ਼ਨ ਕਰਨੇ ਚਾਹੀਦੇ ਹਨ।

ਜ਼ਿਲ੍ਹਾ ਪੱਧਰੀ ਕੈਂਪ ਦੌਰਾਨ ਅੱਖਾਂ ਦੇ ਮਾਹਿਰ, ਨੱਕ ਕੰਨ, ਗਲੇ ਦੇ ਮਾਹਿਰ, ਹੱਡੀਆਂ ਦੇ ਮਾਹਿਰ ਡਾਕਟਰਾਂ ਵੱਲੋਂ ਬਜ਼ੁਰਗਾਂ ਦਾ ਮੁਫਤ ਮੈਡੀਕਲ ਚੈੱਕਅਪ ਕੀਤਾ ਗਿਆ । ਇਸ ਤੋਂ ਇਲਾਵਾ ਬਜ਼ੁਰਗਾਂ ਨੂੰ ਮੁਫਤ ਕਾਨੂੰਨੀ ਸੇਵਾਵਾਂ, ਪੁਲਿਸ ਵਿਭਾਗ ਵੱਲੋਂ ਸੀਨੀਅਰ ਸਿਟੀਜ਼ਨਾਂ ਨੂੰ ਦਿੱਤੀਆਂ ਜਾਣ ਵਾਲੀਆਂ ਸਮਾਜਿਕ ਸੁਰੱਖਿਆ ਸੇਵਾਵਾਂ ਦੀ ਜਾਣਕਾਰੀ ਵੀ ਦਿੱਤੀ ਗਈ। ਕੈਂਪ ਵਿੱਚ ਸੀਨੀਅਰ ਸਿਟੀਜ਼ਨ ਕਾਰਡ, ਬੁਢਾਪਾ ਪੈਨਸ਼ਨ ਅਰਜ਼ੀਆਂ ਅਤੇ ਹੋਰ ਸਮਾਜਿਕ ਸੁਰੱਖਿਆ ਸੇਵਾਵਾਂ ਲਈ ਸਹੂਲਤਾਂ ਵੀ ਉਪਲਬਧਤ ਕਰਵਾਈਆਂ ਗਈਆਂ।
ਇਸ ਮੌਕੇ ਐਸ.ਡੀ.ਐਮ. ਬਸੀ ਪਠਾਣਾ ਹਰਬੀਰ ਕੌਰ, ਜ਼ਿਲ੍ਹਾ ਸਮਾਜਿਕ ਸੁਰੱਖਿਆ ਅਫਸਰ ਜਸਬੀਰ ਕੌਰ, ਓਲਡ ਏਜ ਹੋਮ ਬਸੀ ਪਠਾਣਾ ਦੇ ਸੁਨੀਲ ਰੈਣਾ, ਸੀ.ਡੀ.ਪੀਓ. ਬਸੀ ਪਠਾਣਾ ਵੀਨਾ ਭਗਤ, ਸੀ.ਡੀ.ਪੀ.ਓ. ਅਮਲੋਹ ਹਰਜੀਤ ਕੌਰ, ਸੀ.ਡੀ.ਪੀ.ਓ. ਸਰਹਿੰਦ ਕੋਮਲਪ੍ਰੀਤ ਕੌਰ, ਰਾਜੇਸ਼ ਸਿੰਗਲਾ ਆੜਤੀ ਐਸੋਸੀਏਸ਼ਨ ਤੋਂ ਇਲਾਵਾ ਹੋਰ ਪਤਵੰਤੇ ਹਾਜਰ ਸਨ।
