ਐੱਸ.ਆਈ.ਆਰ. ਤਹਿਤ ਬੀ.ਐੱਲ.ਓਜ਼. ਵੱਲੋਂ ਜ਼ਿਲ੍ਹੇ ਵਿੱਚ ਘਰ-ਘਰ ਜਾ ਕੇ ਕੀਤੀ ਜਾ ਰਹੀ ਹੈ ਗਣਨਾ

ਭਾਰਤ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਵੋਟਰ ਸੂਚੀ ਦੀ ਸਪੈਸ਼ਲ ਇੰਟੈਂਸਿਵ ਰਿਵੀਜ਼ਨ (ਐੱਸ.ਆਈ.ਆਰ) ਸਬੰਧੀ ਵਿਸ਼ੇਸ਼ ਮੁਹਿੰਮ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਵਿਖੇ ਲਗਾਤਾਰ ਜਾਰੀ ਹੈ। ਜ਼ਿਲ੍ਹੇ ਵਿੱਚ 544 ਬੀ.ਐੱਲ.ਓਜ਼ ਵੱਲੋਂ ਘਰ-ਘਰ ਜਾ ਕੇ ਵੋਟਰਾਂ ਤੋਂ ਗਣਨਾ ਫਾਰਮ ਭਰਵਾਏ ਜਾ ਰਹੇ ਹਨ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਨੇ ਦੱਸਿਆ ਕਿ ਐੱਸ.ਆਈ.ਆਰ. ਨੂੰ ਸਫਲਤਾਪੂਰਵਕ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਫਤਹਿਗੜ੍ਹ ਸਾਹਿਬ ਦੇ 03 ਵਿਧਾਨ ਸਭਾ ਹਲਕਿਆਂ ਲਈ 03 ਈ.ਆਰ.ਓਜ਼, 06 ਏ.ਈ.ਆਰ.ਓਜ਼.,15 ਐਡੀਸ਼ਨਲ ਏ.ਈ.ਆਰ.ਓਜ਼., 55 ਸੈਕਟਰ ਅਫ਼ਸਰ ਅਤੇ 544 ਬੂਥ ਲੈਵਲ ਅਫ਼ਸਰ (ਬੀ.ਐੱਲ.ਓਜ਼.) ਲਗਾਏ ਗਏ ਹਨ।

ਉਨ੍ਹਾਂ ਦੱਸਿਆ ਕਿ ਪੋਲਿੰਗ ਸਟੇਸ਼ਨ ਦੀ ਰੈਸ਼ਨਲਾਈਜੇਸਨ ਦਾ ਕੰਮ 24 ਜੁਲਾਈ 2026 ਤੱਕ ਕੀਤਾ ਜਾਵੇਗਾ ਜਦ ਕਿ ਵੋਟਰ ਸੂਚੀਆਂ ਦਾ ਖਰੜਾ 3 ਅਗਸਤ 2026 ਨੂੰ ਪ੍ਰਕਾਸ਼ਿਤ ਕੀਤਾ ਜਾਵੇਗਾ। ਉਨ੍ਹਾਂ ਦੱਸਿਆ ਕਿ ਵੋਟਰ ਸੂਚੀਆਂ ਸਬੰਧੀ ਇਤਰਾਜ਼ ਅਤੇ ਦਾਅਵੇ 03-08-2026 ਤੋਂ 02-09-2026 ਤੱਕ ਪੇਸ਼ ਕੀਤੇ ਜਾ ਸਕਦੇ ਹਨ। ਇਤਰਾਜ਼ ਅਤੇ ਦਾਅਵਿਆਂ ਦਾ ਨਿਪਟਾਰਾ 03-08-2026 ਤੋਂ 28-09-2026 ਤੱਕ ਕੀਤਾ ਜਾਵੇਗਾ। ਜ਼ਿਲ੍ਹਾ ਚੋਣ ਅਫ਼ਸਰ ਨੇ ਦੱਸਿਆ ਕਿ ਅੰਤਿਮ ਵੋਟਰ ਸੂਚੀ ਦੀ ਪ੍ਰਕਾਸ਼ਨਾ 01-10-2026 ਨੂੰ ਕੀਤੀ ਜਾਵੇਗੀ।

ਜ਼ਿਲ੍ਹਾ ਚੋਣ ਅਫ਼ਸਰ ਡਾ. ਸੋਨਾ ਥਿੰਦ ਨੇ ਕਿਹਾ ਕਿ ਚੋਣ ਕਮਿਸ਼ਨ ਦੀਆਂ ਹਦਾਇਤਾਂ ਮੁਤਾਬਿਕ ਜ਼ਿਲ੍ਹਾ ਪ੍ਰਸ਼ਾਸਨ ਇਹ ਯਕੀਨੀ ਬਣਾਏਗਾ ਕਿ ਹਰੇਕ ਨਾਗਰਿਕ ਦੀ ਵੋਟ ਲਾਜ਼ਮੀ ਬਣੇ, ਕਿਸੇ ਵੀ ਯੋਗ ਨਾਗਰਿਕ ਦੀ ਵੋਟ ਕੱਟੀ ਨਾ ਜਾਵੇ ਅਤੇ ਕੋਈ ਵੀ ਅਯੋਗ ਵੋਟ, ਵੋਟਰ ਸੂਚੀ ਵਿੱਚ ਦਰਜ ਨਾ ਹੋ ਸਕੇ।

ਜ਼ਿਲ੍ਹਾ ਚੋਣ ਅਫ਼ਸਰ ਨੇ ਜ਼ਿਲ੍ਹੇ ਦੇ ਸਮੂਹ ਵੋਟਰਾਂ ਨੂੰ ਅਪੀਲ ਕੀਤੀ ਕਿ ਉਹ ਬੀ.ਐੱਲ.ਓਜ਼. ਵੱਲੋਂ ਦਿੱਤੇ ਗਏ ਗਣਨਾ ਫਾਰਮਾਂ ਨੂੰ ਭਰ ਕੇ ਜਮ੍ਹਾਂ ਕਰਵਾ ਦੇਣ ਤਾਂ ਜੋ ਉਨ੍ਹਾਂ ਦੀ ਵੋਟ ਵੋਟਰ ਲਿਸਟ ਵਿੱਚ ਦਰਜ ਕੀਤੀ ਜਾ ਸਕੇ।

Leave a Reply

Your email address will not be published. Required fields are marked *