ਫਤਹਿਗੜ੍ਹ ਸਾਹਿਬ,16 ਜੁਲਾਈ :
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਨੂੰ ਰੰਗਲਾ ਅਤੇ ਸਿਹਤਮੰਦ ਪੰਜਾਬ ਬਣਾਉਣ ਲਈ ਕੀਤੇ ਗਏ ਇਤਿਹਾਸਕ ਫੈਸਲਿਆਂ ਸਦਕਾ ਪੰਜਾਬ ਦੇ ਲੋਕਾਂ ਨੂੰ ਬਿਹਤਰ ਸਿਹਤ ਸੁਵਿਧਾਵਾਂ ਪ੍ਰਦਾਨ ਕੀਤੀਆਂ ਜਾ ਰਹੀਆਂ ਹਨ।
ਇਹ ਪ੍ਰਗਟਾਵਾ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਉਪ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਅੱਜ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਅਤੇ ਸੀਐਚਸੀ ਬਸੀ ਪਠਾਣਾ ਵਿਖੇ ਅਚਨਚੇਤ ਦੌਰਾ ਕਰਨ ਮੌਕੇ ਕੀਤਾ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ, ਸਰਕਾਰੀ ਸਿਹਤ ਸੰਸਥਾਵਾਂ ’ਚ ਸੁਧਾਰ ਕਰਕੇ ਆਮ ਲੋਕਾਂ ਨੂੰ ਪ੍ਰਾਈਵੇਟ ਹਸਪਤਾਲਾਂ ਦੇ ਮਹਿੰਗੇ ਇਲਾਜ ਤੋਂ ਬਚਾਅ ਰਹੀ ਹੈ।
ਉਹਨਾਂ ਕਿਹਾ ਕਿ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ, ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪਿਛਲੇ ਦਿਨੀ ਪੰਜਾਬ ਦੀ ਜਨਤਾ ਨੂੰ ਵੱਡੀ ਸੌਗਾਤ ਦਿੰਦਿਆਂ ਹੋਇਆਂ 10 ਲੱਖ ਰੁਪਏ ਤੱਕ ਦੇ ਮੁਫ਼ਤ ਇਲਾਜ ਲਈ ਮੁੱਖ ਮੰਤਰੀ ਹੈਲਥ ਬੀਮਾ ਯੋਜਨਾ ਸ਼ੁਰੂ ਕੀਤੀ ਗਈ ਹੈ ਜਿਸ ਦਾ ਲਾਭ ਪੰਜਾਬ ਦੇ ਲੋਕ ਆਧਾਰ ਕਾਰਡ ਜਰੀਏ ਲੈ ਸਕਣਗੇ। ਉਨ੍ਹਾਂ ਦੱਸਿਆ ਕਿ ਆਮ ਆਦਮੀ ਕਲੀਨਿਕ, ਜਿਨ੍ਹਾਂ ’ਚ ਪਹਿਲਾਂ ਓਪੀਡੀ, ਦਵਾਈਆਂ ਅਤੇ ਟੈਸਟ ਮੁਫ਼ਤ ਕੀਤੇ ਜਾ ਰਹੇ ਹਨ, ਵਿਖੇ ਹੁਣ ਗਰਭਵਤੀ ਮਹਿਲਾਵਾਂ ਦੀ ਸਿਹਤ ਸਾਂਭ-ਸੰਭਾਲ ਦੀਆਂ ਸੇਵਾਵਾਂ ਵੀ ਦੇਣੀਆਂ ਸ਼ੁਰੂ ਕੀਤੀਆਂ ਗਈਆਂ ਹਨ।
ਉੱਪ ਚੇਅਰਮੈਨ ਨੇ ਸਿਵਲ ਹਸਪਤਾਲ ਫਤਹਿਗੜ੍ਹ ਸਾਹਿਬ ਤੇ ਬਸੀ ਪਠਾਣਾ ਵਿਖੇ ਮਰੀਜ਼ਾਂ ਨਾਲ ਗੱਲਬਾਤ ਕੀਤੀ ਅਤੇ ਸਿਹਤ ਸਹੂਲਤਾਂ ਬਾਰੇ ਜਾਣਕਾਰੀ ਹਾਸਲ ਕੀਤੀ।

ਉੱਪ ਚੇਅਰਮੈਨ ਵਿੱਕੀ ਘਨੌਰ ਨੇ ਕਿਹਾ ਕਿ ਪੰਜਾਬ ਸਰਕਾਰ ਲਗਾਤਾਰ ਜ਼ਮੀਨੀ ਪੱਧਰ ’ਤੇ ਪੰਜਾਬ ਦੇ ਲੋਕਾਂ ਨੂੰ ਵਧੀਆ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚੋਂ ਨਸ਼ਿਆਂ ਦਾ ਖਾਤਮਾ ਕਰਨ ਦੀ ਮੁਹਿੰਮ ਵੀ ਪੰਜਾਬ ਸਰਕਾਰ ਦੀ ਅਹਿਮ ਪ੍ਰਾਪਤੀ ਹੈ, ਜਿਸ ਤਹਿਤ ਪੀੜਤਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਨਸ਼ਾ ਮੁਕਤੀ ਅਤੇ ਮੁੜ ਵਸੇਬਾ ਕੇਂਦਰਾਂ ’ਚ ਮੁਫ਼ਤ ਇਲਾਜ ਮੁਹੱਈਆ ਕਰਵਾਇਆ ਜਾ ਰਿਹਾ ਹੈ।
ਇਸ ਮੌਕੇ ਸਿਵਲ ਸਰਜਨ ਡਾ. ਦਵਿੰਦਰਜੀਤ ਕੌਰ ਸਮੇਤ ਹੋਰ ਡਾਕਟਰ ਹਾਜ਼ਰ ਸਨ।

ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰਜੀਤ ਸਿੰਘ ਹਸਪਤਾਲ ਦਾ ਜਾਇਜਾ ਲੈਂਦੇ ਹੋਏ।
