ਚੰਡੀਗੜ੍ਹ : ਵਿਜੀਲੈਂਸ ਬਿਊਰੋ ਵੱਲੋਂ 26 ਅਕਤੂਬਰ ਤੋਂ 1 ਨਵੰਬਰ 2026 ਤੱਕ “ਪ੍ਰੋਬਿਟੀ ਫਾਰ ਪ੍ਰੌਸਪੈਰਿਟੀ” ਥੀਮ ਤਹਿਤ ਮਨਾਇਆ ਜਾਵੇਗਾ ਵਿਜੀਲੈਂਸ ਜਾਗਰੂਕਤਾ ਹਫ਼ਤਾ

ਕੇਂਦਰੀ ਵਿਜੀਲੈਂਸ ਕਮਿਸ਼ਨ ਦੁਆਰਾ ਦੇਸ਼ ਭਰ ਵਿੱਚ ਸ਼ੁਰੂ ਕੀਤੀ ਗਈ ਪਹਿਲਕਦਮੀ ਤਹਿਤ ਪੰਜਾਬ ਵਿਜੀਲੈਂਸ ਬਿਊਰੋ ਵੱਲੋਂ ਸੂਬੇ ਵਿੱਚ 26 ਅਕਤੂਬਰ ਤੋਂ 1 ਨਵੰਬਰ 2026 ਤੱਕ “ਪ੍ਰੋਬਿਟੀ ਫਾਰ ਪ੍ਰੌਸਪੈਰਿਟੀ” ਥੀਮ ਅਧੀਨ ਵਿਜੀਲੈਂਸ ਜਾਗਰੂਕਤਾ ਹਫ਼ਤਾ ਮਨਾਇਆ ਜਾਵੇਗਾ। ਜ਼ਿਕਰਯੋਗ ਹੈ ਕਿ ਵਿਜੀਲੈਂਸ ਜਾਗਰੂਕਤਾ ਹਫ਼ਤਾ ਹਰ ਸਾਲ ਉਸ ਹਫ਼ਤੇ ਦੌਰਾਨ ਮਨਾਇਆ ਜਾਂਦਾ ਹੈ ਜਿਸ ਵਿੱਚ ਸਰਦਾਰ ਵੱਲਭਭਾਈ ਪਟੇਲ ਦਾ ਜਨਮ ਦਿਨ (31 ਅਕਤੂਬਰ) ਆਉਂਦਾ ਹੈ। ਇਸ ਹਫ਼ਤੇ ਨੂੰ ਪੂਰੀ ਇਮਾਨਦਾਰੀ ਅਤੇ ਪਾਰਦਰਸ਼ਤਾ ਨਾਲ ਮਨਾਉਣ ਹਿੱਤ ਅੱਜ ਮੁਹਾਲੀ ਸਥਿਤ ਵਿਜੀਲੈਂਸ ਬਿਊਰੋ ਦੇ ਮੁੱਖ ਦਫ਼ਤਰ ਵਿਖੇ ਕਰਵਾਏ ਗਏ ਇੱਕ ਸਮਾਗਮ ਦੌਰਾਨ ਸਮੂਹ ਵਿਜੀਲੈਂਸ ਅਧਿਕਾਰੀਆਂ ਤੇ ਕਰਮਚਾਰੀਆਂ ਨੇ ਭ੍ਰਿਸ਼ਟਾਚਾਰ ਖ਼ਿਲਾਫ਼ ਇਕਜੁੱਟ ਹੋ ਕੇ ਲੜਨ ਦਾ ਸੰਕਲਪ ਲਿਆ।

ਵਿਜੀਲੈਂਸ ਬਿਊਰੋ ਦੇ ਅਧਿਕਾਰੀਆਂ ਅਤੇ ਕਰਮਚਾਰੀਆਂ ਨੂੰ ਇਮਾਨਦਾਰੀ ਦੀ ਇਹ ਸਹੁੰ ਜੇ.ਡੀ. ਆਈ.ਵੀ.ਸੀ. ਅਤੇ ਐੱਸ.ਯੂ. ਸਵਰਨਦੀਪ ਸਿੰਘ ਵੱਲੋਂ ਵਿਸ਼ੇਸ਼ ਡੀ.ਜੀ.ਪੀ.-ਕਮ-ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਡਾ. ਸ਼ਰਦ ਸੱਤਿਆ ਚੌਹਾਨ, ਪ੍ਰਭਜੋਤ ਕੌਰ ਅਤੇ ਦਿਯਾਮਾ ਹਰੀਸ਼ ਕੁਮਾਰ ਓਮਪ੍ਰਕਾਸ਼ (ਦੋਵੇਂ ਜੁਆਇੰਟ ਡਾਇਰੈਕਟਰ) ਅਤੇ ਡੀ.ਆਈ.ਜੀ., ਆਰਥਿਕ ਅਪਰਾਧ ਸ਼ਾਖਾ ਹਰਪ੍ਰੀਤ ਸਿੰਘ ਦੀ ਮੌਜੂਦਗੀ ਵਿੱਚ ਚੁਕਾਈ ਗਈ।

ਡਾ. ਸ਼ਰਦ ਸੱਤਿਆ ਚੌਹਾਨ, ਵਿਸ਼ੇਸ਼ ਡੀ.ਜੀ.ਪੀ.-ਕਮ-ਮੁੱਖ ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਨੇ ਅੱਜ ਵਿਸਥਾਰਪੂਰਵਕ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਸ ਹਫ਼ਤਾ ਭਰ ਚੱਲਣ ਵਾਲੀ ਮੁਹਿੰਮ ਦਾ ਮੁੱਖ ਉਦੇਸ਼ ਸਰਕਾਰੀ ਦਫ਼ਤਰਾਂ ਵਿੱਚੋਂ ਭ੍ਰਿਸ਼ਟਾਚਾਰ ਦੇ ਖ਼ਾਤਮੇ ਲਈ ਬਿਊਰੋ ਵੱਲੋਂ ਕੀਤੇ ਜਾ ਰਹੇ ਬਹੁਪੱਖੀ ਯਤਨਾਂ ਵਿੱਚ ਸਹਿਯੋਗ ਲਈ ਨਾਗਰਿਕਾਂ ਨੂੰ ਉਨ੍ਹਾਂ ਦੀ ਅਹਿਮ ਭੂਮਿਕਾ ਪ੍ਰਤੀ ਜਾਗਰੂਕ ਕਰਨਾ ਅਤੇ ਸਮਰੱਥ ਬਣਾਉਣਾ ਹੈ।

ਉਨ੍ਹਾਂ ਕਿਹਾ ਕਿ ਇਹ ਜਾਗਰੂਕਤਾ ਹਫ਼ਤਾ “ਪ੍ਰੋਬਿਟੀ ਫਾਰ ਪ੍ਰੌਸਪੈਰਿਟੀ”  ਥੀਮ ਤਹਿਤ ਮਨਾਇਆ ਜਾਵੇਗਾ, ਜੋ ਇਹ ਦਰਸਾਉਂਦਾ ਹੈ ਕਿ ਪਾਰਦਰਸ਼ਤਾ, ਨੈਤਿਕ ਵਿਹਾਰ ਅਤੇ ਸੰਸਥਾਗਤ ਇਮਾਨਦਾਰੀ ਹੀ ਸਥਿਰ ਆਰਥਿਕ ਵਿਕਾਸ ਅਤੇ ਸੂਬੇ ਦੀ ਖ਼ੁਸ਼ਹਾਲੀ ਦੀ ਬੁਨਿਆਦ ਹਨ।

ਉਨ੍ਹਾਂ ਦੱਸਿਆ ਕਿ ਲੋਕਾਂ ਦੀ ਵੱਧ ਤੋਂ ਵੱਧ ਸ਼ਮੂਲੀਅਤ ਨੂੰ ਯਕੀਨੀ ਬਣਾਉਣ ਲਈ ਵਿਜੀਲੈਂਸ ਰੇਂਜਾਂ ਦੇ ਸਮੂਹ ਸੀਨੀਅਰ ਸੁਪਰਡੈਂਟ ਆਫ਼ ਪੁਲਿਸ (ਐੱਸ.ਐੱਸ.ਪੀਜ਼) ਨੂੰ ਪੇਂਡੂ ਅਤੇ ਸ਼ਹਿਰੀ ਖੇਤਰਾਂ ਦੇ ਹਰੇਕ ਜ਼ਿਲ੍ਹੇ ਵਿੱਚ ਜਾਗਰੂਕਤਾ ਪ੍ਰੋਗਰਾਮ ਕਰਵਾਉਣ ਦੇ ਨਿਰਦੇਸ਼ ਦਿੱਤੇ ਗਏ ਹਨ। ਅਧਿਕਾਰੀਆਂ ਨੂੰ ਲੋਕਾਂ ਲਈ ਦਫ਼ਤਰਾਂ ਦੇ ਦਰਵਾਜ਼ੇ ਖੁੱਲ੍ਹੇ ਰੱਖਣ ਅਤੇ ਨਾਗਰਿਕਾਂ ਨਾਲ ਸਰਗਰਮੀ ਨਾਲ ਰਾਬਤਾ ਕਾਇਮ ਕਰਨ ਦੀ ਸਲਾਹ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਕਿਸੇ ਵੀ ਤਰ੍ਹਾਂ ਦੀਆਂ ਗੜਬੜੀਆਂ/ਭ੍ਰਿਸ਼ਟ ਗਤੀਵਿਧੀਆਂ ਬਾਰੇ ਜ਼ਮੀਨੀ ਪੱਧਰ ‘ਤੇ ਜਾਣਕਾਰੀ ਇਕੱਠੀ ਕਰਨ ਲਈ ਜਨਤਾ ਨਾਲ ਖੁੱਲ੍ਹ ਕੇ ਗੱਲਬਾਤ ਕਰਨਾ ਬੇਹੱਦ ਜ਼ਰੂਰੀ ਹੈ ਤਾਂ ਜੋ ਦੋਸ਼ੀਆਂ ਖ਼ਿਲਾਫ਼ ਤੁਰੰਤ ਸਜ਼ਾਯੋਗ ਕਾਰਵਾਈ ਕੀਤੀ ਜਾ ਸਕੇ।

ਉਨ੍ਹਾਂ ਅੱਗੇ ਕਿਹਾ, “ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ (ਏਸੀਏਐਲ) ਦੀ ਪਹੁੰਚ ਨੂੰ ਵਟਸਐਪ ਨੰਬਰ 9501200200 ਰਾਹੀਂ ਵਧਾਉਣ ਤੇ ਮੁੱਖ ਧਿਆਨ ਦਿੱਤਾ ਜਾਵੇਗਾ।”  ਮਾਰਚ 2022 ਵਿੱਚ ਪੰਜਾਬ ਸਰਕਾਰ ਦੁਆਰਾ ਸ਼ੁਰੂ ਕੀਤਾ ਗਿਆ ਇਹ ਵਿਸ਼ੇਸ਼ ਪਲੇਟਫਾਰਮ ਨਾਗਰਿਕਾਂ ਨੂੰ ਭ੍ਰਿਸ਼ਟਾਚਾਰ ਨਾਲ ਸਬੰਧਤ ਆਡੀਓ-ਵੀਡੀਓ ਸੁਨੇਹਿਆਂ ਰਾਹੀਂ ਗੁਪਤ ਰੂਪ ਵਿੱਚ ਸ਼ਿਕਾਇਤਾਂ ਦਰਜ ਕਰਵਾਉਣ ਦੇ ਸਮਰੱਥ ਬਣਾਉਂਦਾ ਹੈ।

ਉਨ੍ਹਾਂ ਅੱਗੇ ਦੱਸਿਆ ਕਿ ਆਪਣੀ ਦ੍ਰਿੜ੍ਹਤਾ ਦਾ ਪ੍ਰਗਟਾਵਾ ਕਰਦਿਆਂ  ਵਿਜੀਲੈਂਸ ਬਿਊਰੋ ਦੇ ਸਮੂਹ ਅਧਿਕਾਰੀਆਂ ਅਤੇ ਕਰਮਚਾਰੀਆਂ ਨੇ ਵੀ ਅੱਜ ਸਾਰੇ ਜ਼ਿਲ੍ਹਾ ਹੈੱਡਕੁਆਰਟਰਾਂ ਵਿੱਚ ਸਮੂਹਿਕ ਤੌਰ ‘ਤੇ ਇਮਾਨਦਾਰੀ ਦਾ ਸੰਕਲਪ ਲਿਆ। ਉਨ੍ਹਾਂ ਨੇ ਸਾਰੇ ਅਧਿਕਾਰੀਆਂ ਨੂੰ ਆਪਣੇ ਪੇਸ਼ੇਵਰ ਅਤੇ ਨਿੱਜੀ ਜੀਵਨ ਵਿੱਚ ਇਮਾਨਦਾਰੀ ਅਤੇ ਗੁਪਤਤਾ ਦੇ ਇਸ ਸੰਕਲਪ ਦੀ ਪੂਰੀ ਇਮਾਨਦਾਰੀ ਨਾਲ ਪਾਲਣਾ ਕਰਨ ਲਈ ਕਿਹਾ। ਉਨ੍ਹਾਂ ਅਧਿਕਾਰੀਆਂ ਨੂੰ ਸਰਕਾਰੀ ਰਿਕਾਰਡ ਸਬੰਧੀ ਸਖ਼ਤ ਗੁਪਤਤਾ ਬਣਾਏ ਰੱਖਣ ਦੇ ਨਿਰਦੇਸ਼ ਦਿੱਤੇ।

ਉਨ੍ਹਾਂ ਅੱਗੇ ਦੱਸਿਆ ਕਿ ਜਨਤਕ ਜਾਗਰੂਕਤਾ ਦੀ ਵਿਆਪਕ ਮੁਹਿੰਮ ਦੇ ਹਿੱਸੇ ਵਜੋਂ, ਲੋਕਾਂ ਨੂੰ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਬਾਰੇ ਜਾਗਰੂਕ ਕਰਨ ਲਈ ਪ੍ਰਮੁੱਖ ਜਨਤਕ ਥਾਵਾਂ ‘ਤੇ ਬੈਨਰ ਲਗਾਏ ਜਾਣਗੇ। ਇਹਨਾਂ ਬੈਨਰਾਂ ਵਿੱਚ ਨਾਮਜ਼ਦ ਵਿਜੀਲੈਂਸ ਅਧਿਕਾਰੀਆਂ ਦੇ ਸੰਪਰਕ ਵੇਰਵੇ ਦਰਜ ਹੋਣਗੇ, ਜੋ ਨਾਗਰਿਕਾਂ ਨੂੰ ਸ਼ਿਕਾਇਤਾਂ ਦੀ ਰਿਪੋਰਟ ਕਰਨ ਲਈ ਸਿੱਧੇ ਚੈਨਲ ਪ੍ਰਦਾਨ ਕਰਨਗੇ ਅਤੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਵਿੱਚ ਪਾਰਦਰਸ਼ਤਾ ਨੂੰ ਹੋਰ ਵਧਾਉਣਗੇ।

ਉਨ੍ਹਾਂ ਅੱਗੇ ਦੱਸਿਆ ਕਿ ਇਹਨਾਂ ਯਤਨਾਂ ਦੇ ਨਾਲ-ਨਾਲ, ਵਿਜੀਲੈਂਸ ਬਿਊਰੋ ਦੇ ਰੇਂਜ ਅਧਿਕਾਰੀ ਇਮਾਨਦਾਰੀ ਅਤੇ ਨੈਤਿਕਤਾ ‘ਤੇ ਗੱਲਬਾਤ ਨੂੰ ਉਤਸ਼ਾਹਿਤ ਕਰਨ ਲਈ ਪ੍ਰਮੁੱਖ ਸ਼ਖਸੀਅਤਾਂ ਨੂੰ ਸੱਦਾ ਦੇ ਕੇ ਵਿਦਿਅਕ ਅਦਾਰਿਆਂ ਅਤੇ ਹੋਰ ਪ੍ਰਮੁੱਖ ਜਨਤਕ ਥਾਵਾਂ ‘ਤੇ ਸੈਮੀਨਾਰ ਅਤੇ ਵਰਕਸ਼ਾਪਾਂ ਦਾ ਆਯੋਜਨ ਕਰਨਗੇ। ਉਨ੍ਹਾਂ ਨੂੰ ਆਪਣੇ ਸਬੰਧਤ ਜ਼ਿਲ੍ਹਿਆਂ ਦੇ ਵੱਖ-ਵੱਖ ਵਿਭਾਗੀ ਦਫ਼ਤਰਾਂ ਨਾਲ ਤਾਲਮੇਲ ਬਣਾ ਕੇ ਵਿਜੀਲੈਂਸ ਅਤੇ ਇਮਾਨਦਾਰੀ ਦੇ ਸੁਨੇਹੇ ਨੂੰ ਫੈਲਾਉਣ ਦੇ ਨਿਰਦੇਸ਼ ਵੀ ਦਿੱਤੇ ਗਏ ਹਨ।

ਉਨ੍ਹਾਂ ਨੇ ਲੋਕਾਂ ਨੂੰ ਸੂਬੇ ਵਿੱਚ ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਸੁਨਿਸ਼ਚਿਤ ਕਰਨ ਲਈ ਸਰਕਾਰ ਅਤੇ ਵਿਜੀਲੈਂਸ ਬਿਊਰੋ ਦੀ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਵਿੱਚ ਸਹਿਯੋਗ ਦੇਣ ਦੀ ਅਪੀਲ ਵੀ ਕੀਤੀ। ਉਨ੍ਹਾਂ ਕਿਹਾ ਕਿ ਇਸ ਦਾ ਖ਼ਾਤਮਾ ਲੋਕਾਂ ਦੀ ਸਾਂਝੀ ਇੱਛਾ ਸ਼ਕਤੀ ‘ਤੇ ਜ਼ਿਆਦਾ ਨਿਰਭਰ ਕਰਦਾ ਹੈ। ਉਨ੍ਹਾਂ ਨਾਗਰਿਕਾਂ ਨੂੰ ਅਪੀਲ ਕੀਤੀ ਕਿ ਉਹ ਰਿਸ਼ਵਤ ਜਾਂ ਨਿੱਜੀ ਫ਼ਾਇਦਿਆਂ ਦੀ ਕਿਸੇ ਵੀ ਮੰਗ ਦੀ ਤੁਰੰਤ ‘ਮੁੱਖ ਮੰਤਰੀ ਦੀ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ’ ਪੋਰਟਲ ਰਾਹੀਂ ਰਿਪੋਰਟ ਕਰਨ। ਉਨ੍ਹਾਂ ਨੇ ਜਨਤਾ ਨੂੰ ਭਰੋਸਾ ਦਿਵਾਇਆ ਕਿ ਦੋਸ਼ੀਆਂ ਨੂੰ ਤੁਰੰਤ ਗ੍ਰਿਫ਼ਤਾਰ ਕੀਤਾ ਜਾਵੇਗਾ ਅਤੇ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ। ਉਨ੍ਹਾਂ ਇਸ ਗੱਲ ‘ਤੇ ਜ਼ੋਰ ਦਿੱਤਾ ਕਿ ਜ਼ੀਰੋ-ਟੋਲਰੈਂਸ ਦੀ ਨੀਤੀ ਬਣਾਏ ਰੱਖੀ ਜਾਵੇਗੀ ਅਤੇ ਭ੍ਰਿਸ਼ਟਾਚਾਰ ਅਤੇ ਗੜਬੜੀਆਂ ਵਿੱਚ ਸ਼ਾਮਲ ਪਾਏ ਜਾਣ ਵਾਲੇ ਕਿਸੇ ਵੀ ਵਿਅਕਤੀ ਨੂੰ ਬਖਸ਼ਿਆ ਨਹੀਂ ਜਾਵੇਗਾ।

ਭ੍ਰਿਸ਼ਟਾਚਾਰ ਵਿਰੁੱਧ ਆਪਣੀ ਜ਼ੀਰੋ-ਟੋਲਰੈਂਸ ਨੀਤੀ ਨੂੰ ਜਾਰੀ ਰੱਖਦਿਆਂ, ਵਿਜੀਲੈਂਸ ਬਿਊਰੋ ਨੇ ਮਾਰਚ 2022 ਤੋਂ 30 ਸਤੰਬਰ 2026 ਤੱਕ ਭ੍ਰਿਸ਼ਟਾਚਾਰ ਦੇ 1118 ਮਾਮਲੇ ਦਰਜ ਕੀਤੇ ਹਨ। ਉਨ੍ਹਾਂ ਅੱਗੇ ਦੱਸਿਆ ਕਿ ਇਹਨਾਂ ਮਾਮਲਿਆਂ ਦੀ ਤਫਤੀਸ਼ ਦੌਰਾਨ ਕੁੱਲ 1156 ਦੋਸ਼ੀ ਵਿਅਕਤੀਆਂ ਨੂੰ ਗ੍ਰਿਫਤਾਰ ਕੀਤਾ ਗਿਆ ਹੈ।

Leave a Reply

Your email address will not be published. Required fields are marked *