ਪੰਜਾਬ ਵਿਜੀਲੈਂਸ ਬਿਊਰੋ (VB) ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਅਪਣਾਈ ਗਈ ਜ਼ੀਰੋ ਟਾਲਰੈਂਸ ਨੀਤੀ ਦੇ ਅਨੁਸਾਰ, ਮਾਲ ਦਫ਼ਤਰ ਕੱਟੂ ਸਬ-ਤਹਿਸੀਲ ਧਨੌਲਾ ਜ਼ਿਲ੍ਹਾ ਬਰਨਾਲਾ ਵਿਖੇ ਤਾਇਨਾਤ ਪਟਵਾਰੀ ਹਰਮਨਜੀਤ ਸਿੰਘ ਨੂੰ 4000/- ਰੁਪਏ ਰਿਸ਼ਵਤ ਲੈਂਦੇ ਹੋਏ ਕਾਬੂ ਕੀਤਾ ਹੈ।
ਇਹ ਪ੍ਰਗਟਾਵਾ ਕਰਦਿਆਂ ਅੱਜ ਇੱਥੇ ਸੂਬੇ ਦੇ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਪਿੰਡ ਕੱਟੂ ਜ਼ਿਲ੍ਹਾ ਬਰਨਾਲਾ ਦੇ ਇੱਕ ਵਸਨੀਕ ਵੱਲੋਂ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ ‘ਤੇ ਦਰਜ ਕਰਵਾਈ ਗਈ ਸ਼ਿਕਾਇਤ ਤੋਂ ਬਾਅਦ ਕੀਤੀ ਗਈ ਹੈ।
ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਆਪਣੀ ਵਾਹੀਯੋਗ ਜ਼ਮੀਨ ‘ਤੇ ਪੰਜਾਬ ਗ੍ਰਾਮੀਣ ਬੈਂਕ ਤੋਂ ਕਰਜ਼ਾ ਲਿਆ ਸੀ ਅਤੇ ਆਪਣਾ ਸਾਰਾ ਕਰਜ਼ਾ ਬੈਂਕ ਨੂੰ ਵਾਪਸ ਕਰ ਦਿੱਤਾ ਸੀ। ਇਸ ਸਬੰਧ ਵਿੱਚ, ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਪਟਵਾਰੀ ਨੇ ਬੈਂਕ ਦੇ ਕਰਜ਼ੇ ਦੀ ਪ੍ਰਵਾਨਗੀ ਸਬੰਧੀ ਜ਼ਮੀਨੀ ਰਿਕਾਰਡ ਵਿੱਚ ਐਂਟਰੀ ਕਰਨ ਦੇ ਬਦਲੇ 5000/- ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।
ਇਸ ਸਬੰਧ ਵਿੱਚ, ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਪਟਿਆਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ। ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
