ਵਿਜੀਲੈਂਸ ਬਿਊਰੋ ਨੇ ਏਐਸਆਈ ਨੂੰ 14,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ

ਪੰਜਾਬ ਵਿਜੀਲੈਂਸ ਬਿਊਰੋ (VB) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ 8, ਲੁਧਿਆਣਾ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਹਰਦੀਪ ਸਿੰਘ ਨੂੰ 14,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਗੋਪਾਲ ਨਗਰ, ਹੈਬੋਵਾਲ ਕਲਾਂ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੱਸਿਆ ਕਿ ਉਸਦੀ ਧੀ, ਜੋ ਕਿ ਲਗਭਗ 22 ਸਾਲ ਦੀ ਹੈ, ਨੇ ਸਰਕਾਰੀ ਆਈ.ਟੀ.ਆਈ. ਲੁਧਿਆਣਾ ਤੋਂ ਸਿਲਾਈ ਦਾ ਕੋਰਸ ਪਾਸ ਕੀਤਾ ਹੈ। ਉਹ ਆਪਣਾ ਨਤੀਜਾ ਲੈਣ ਲਈ ਸਰਕਾਰੀ ਆਈ.ਟੀ.ਆਈ. ਘੁਮਾਰ ਮੰਡੀ ਗਈ ਸੀ, ਪਰ ਸ਼ਾਮ ਤੱਕ ਘਰ ਨਹੀਂ ਪਰਤੀ। ਸ਼ਿਕਾਇਤਕਰਤਾ ਨੇ ਆਪਣੇ ਪੱਧਰ ‘ਤੇ ਉਸਦੀ ਭਾਲ ਕੀਤੀ, ਪਰ ਉਸਦੀ ਧੀ ਨਹੀਂ ਮਿਲੀ। ਜਿਸ ਕਾਰਨ ਸ਼ਿਕਾਇਤਕਰਤਾ ਨੇ ਡਿਊਟੀ ਅਫ਼ਸਰ ਏ.ਐਸ.ਆਈ. ਹਰਦੀਪ ਸਿੰਘ ਕੋਲ ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ-8 ਲੁਧਿਆਣਾ ਵਿਖੇ ਆਪਣੀ ਧੀ ਦੇ ਗੁੰਮ ਹੋਣ ਦੀ ਰਿਪੋਰਟ ਦਰਜ ਕਰਵਾਈ। ਦੋਸ਼ੀ ਏ.ਐਸ.ਆਈ. ਹਰਦੀਪ ਸਿੰਘ ਨੇ ਸ਼ਿਕਾਇਤਕਰਤਾ ਨੂੰ ਥਾਣੇ ਬੁਲਾਇਆ ਅਤੇ ਉਸਦੀ ਅਰਜ਼ੀ ‘ਤੇ ਕਾਰਵਾਈ ਕਰਨ ਲਈ 20,000/- ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਮੌਕੇ ‘ਤੇ ਹੀ 6000/- ਰੁਪਏ ਪ੍ਰਾਪਤ ਕੀਤੇ।

ਉਨ੍ਹਾਂ ਅੱਗੇ ਦੱਸਿਆ ਕਿ ਸੀਨੀਅਰ ਅਧਿਕਾਰੀਆਂ ਦੇ ਹੁਕਮਾਂ ਤੋਂ ਬਾਅਦ, ਪੁਲਿਸ ਸਟੇਸ਼ਨ ਡਿਵੀਜ਼ਨ ਨੰਬਰ-08, ਲੁਧਿਆਣਾ ਵਿਖੇ ਐਫਆਈਆਰ ਦਰਜ ਕੀਤੀ ਗਈ। ਦੋਸ਼ੀ ਏਐਸਆਈ ਹਰਦੀਪ ਸਿੰਘ ਨੇ ਸ਼ਿਕਾਇਤਕਰਤਾ ਤੋਂ ਐਫਆਈਆਰ ਦੀ ਕਾਪੀ ਦੇਣ ਅਤੇ ਐਫਆਈਆਰ ‘ਤੇ ਅਗਲੀ ਕਾਰਵਾਈ ਕਰਨ ਲਈ ਬਾਕੀ 14,000 ਰੁਪਏ ਦੀ ਮੰਗ ਕੀਤੀ।

ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 14,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧ ਵਿੱਚ, ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *