ਪੰਜਾਬ ਵਿਜੀਲੈਂਸ ਬਿਊਰੋ (VB) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੁਲਿਸ ਚੌਕੀ ਕਿਚਲੂ ਨਗਰ, ਪੁਲਿਸ ਥਾਣਾ ਪੀਏਯੂ ਲੁਧਿਆਣਾ ਦੇ ਇੰਚਾਰਜ ਵਜੋਂ ਤਾਇਨਾਤ ਸਹਾਇਕ ਸਬ ਇੰਸਪੈਕਟਰ ਲਖਵਿੰਦਰ ਸਿੰਘ ਨੂੰ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਬੈਂਕ ਕਲੋਨੀ ਨੂਰਵਾਲਾ ਰੋਡ ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਵਿਰੁੱਧ ਮਾਮਲਾ ਦਰਜ ਕੀਤਾ ਗਿਆ ਸੀ ਜਿਸ ਦੇ ਜਾਂਚ ਅਧਿਕਾਰੀ ਦੋਸ਼ੀ ਏਐਸਆਈ ਲਖਵਿੰਦਰ ਸਿੰਘ ਸਨ। ਇਸ ਸਬੰਧ ਵਿੱਚ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਏਐਸਆਈ ਨੇ ਸ਼ਿਕਾਇਤਕਰਤਾ ਦੀ ਭੈਣ ਅਤੇ ਮਾਂ ਨੂੰ ਇਸ ਮਾਮਲੇ ਵਿੱਚ ਨਾ ਫਸਾਉਣ ਦੇ ਬਦਲੇ 30,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਨੇ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕਰ ਲਈ ਸੀ।

ਕਿਸੇ ਵੀ ਗੈਰ-ਕਾਨੂੰਨੀ ਰਿਸ਼ਵਤ ਦਾ ਭੁਗਤਾਨ ਕਰਨ ਲਈ ਤਿਆਰ ਨਾ ਹੋਣ ਕਰਕੇ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਲੁਧਿਆਣਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।
ਇਸ ਸਬੰਧ ਵਿੱਚ, ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
