ਪੰਜਾਬ ਵਿਜੀਲੈਂਸ ਬਿਊਰੋ (VB) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੁਲਿਸ ਥਾਣਾ ਸ਼ੁਤਰਾਣਾ ਤਹਿਸੀਲ ਪਾਤੜਾਂ ਜ਼ਿਲ੍ਹਾ ਪਟਿਆਲ ਵਿਖੇ ਤਾਇਨਾਤ ਸਹਾਇਕ ਸਬ ਇੰਸਪੈਕਟਰ ਜਸਵਿੰਦਰ ਸਿੰਘ ਨੂੰ 18,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਪਿੰਡ ਬਕਰਾਹਾ ਤਹਿਸੀਲ ਪਾਤੜਾਂ ਜ਼ਿਲ੍ਹਾ ਪਟਿਆਲਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਦੇ ਰਿਸ਼ਤੇਦਾਰ ਆਪਣੇ ਗੁਆਂਢੀਆਂ ਨਾਲ ਹੋਈ ਲੜਾਈ ਵਿੱਚ ਜ਼ਖਮੀ ਹੋ ਗਏ ਸਨ। ਇਸ ਸਬੰਧ ਵਿੱਚ ਰਾਜਿੰਦਰਾ ਹਸਪਤਾਲ ਦੇ ਡਾਕਟਰ ਨੇ ਉਨ੍ਹਾਂ ਦਾ ਇਲਾਜ ਕਰਦੇ ਹੋਏ ਮਾਮਲੇ ਦੀ ਸੂਚਨਾ ਥਾਣਾ ਸ਼ੁਤਰਾਣਾ ਨੂੰ ਦਿੱਤੀ। ਇਸ ਤੋਂ ਬਾਅਦ ਦੋਸ਼ੀ ਏਐਸਆਈ ਜ਼ਖਮੀਆਂ ਦੇ ਬਿਆਨ ਦਰਜ ਕਰਨ ਲਈ ਹਸਪਤਾਲ ਗਿਆ।
ਉਨ੍ਹਾਂ ਅੱਗੇ ਕਿਹਾ ਕਿ ਮੁਲਜ਼ਮ ਏਐਸਆਈ ਨੇ ਸ਼ਿਕਾਇਤਕਰਤਾ ਤੋਂ ਹਮਲਾ ਕਰਨ ਵਾਲੀ ਦੂਜੀ ਧਿਰ ਵਿਰੁੱਧ ਕਾਨੂੰਨੀ ਕਾਰਵਾਈ ਕਰਨ ਦੇ ਬਦਲੇ 20,000 ਰੁਪਏ ਦੀ ਰਿਸ਼ਵਤ ਮੰਗੀ। ਬੇਨਤੀ ਕਰਨ ‘ਤੇ, ਮੁਲਜ਼ਮ ਏਐਸਆਈ 18,000 ਰੁਪਏ ਦੀ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਿਆ।
ਗੈਰ-ਕਾਨੂੰਨੀ ਰਿਸ਼ਵਤ ਦੇਣ ਲਈ ਤਿਆਰ ਨਾ ਹੋਣ ਕਰਕੇ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਪਟਿਆਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦੇ ਹੋਏ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਏਐਸਆਈ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 18,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।
ਇਸ ਸਬੰਧ ਵਿੱਚ, ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਪਟਿਆਲਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।