ਵਿਜੀਲੈਂਸ ਬਿਊਰੋ ਨੇ ਡਰੱਗ ਇੰਸਪੈਕਟਰ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ

ਪੰਜਾਬ ਵਿਜੀਲੈਂਸ ਬਿਊਰੋ (VB) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, FDA ਡਰੱਗ ਵਿੰਗ, ਸ੍ਰੀ ਮੁਕਤਸਰ ਸਾਹਿਬ ਵਿਖੇ ਤਾਇਨਾਤ ਡਰੱਗ ਇੰਸਪੈਕਟਰ ਰਮਨਦੀਪ ਗੁਪਤਾ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਬਠਿੰਡਾ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਰੈਡੀਨੇਕਸ ਲਾਈਫ ਸਾਇੰਸਜ਼ ਪ੍ਰਾਈਵੇਟ ਲਿਮਟਿਡ ਕੰਪਨੀ, ਬਠਿੰਡਾ ਦਾ ਡਾਇਰੈਕਟਰ ਹੈ ਅਤੇ ਉਸਦੀ ਕੰਪਨੀ ਸਾਲ 2020 ਤੋਂ ਐਲੋਪੈਥਿਕ ਦਵਾਈਆਂ ਬਣਾ ਰਹੀ ਹੈ। ਦੋਸ਼ੀ ਡਰੱਗ ਇੰਸਪੈਕਟਰ ਨੇ ਉਸਦੀ ਕੰਪਨੀ ‘ਤੇ ਛਾਪਾ ਮਾਰਿਆ ਅਤੇ ਸੀਲ ਕਰ ਦਿੱਤਾ। ਇਸ ਸਬੰਧ ਵਿੱਚ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਕਿ ਦੋਸ਼ੀ ਡਰੱਗ ਇੰਸਪੈਕਟਰ ਉਸਦੀ ਸੀਲ ਕੀਤੀ ਕੰਪਨੀ ਦਾ ਤਾਲਾ ਖੋਲ੍ਹਣ ਦੇ ਬਦਲੇ ਪ੍ਰਤੀ ਮਹੀਨਾ ਦੋ ਲੱਖ ਰੁਪਏ ਰਿਸ਼ਵਤ ਦੀ ਮੰਗ ਕਰਦਾ ਸੀ।

ਕਿਸੇ ਵੀ ਗੈਰ-ਕਾਨੂੰਨੀ ਰਿਸ਼ਵਤ ਦਾ ਭੁਗਤਾਨ ਕਰਨ ਲਈ ਤਿਆਰ ਨਾ ਹੋਣ ਕਰਕੇ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ, ਬਠਿੰਡਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਡਰੱਗ ਇੰਸਪੈਕਟਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਦੀ ਰਿਸ਼ਵਤ ਦੀ ਪਹਿਲੀ ਕਿਸ਼ਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *