ਵਿਜੀਲੈਂਸ ਬਿਊਰੋ ਨੇ 14,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਜੂਨੀਅਰ ਇੰਜੀਨੀਅਰ ਨੂੰ ਰੰਗੇ ਹੱਥੀਂ ਕਾਬੂ ਕੀਤਾ

ਪੰਜਾਬ ਵਿਜੀਲੈਂਸ ਬਿਊਰੋ (VB) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, PSPCL ਦਫ਼ਤਰ ਤਲਵੰਡੀ ਸਾਬੋ, ਜ਼ਿਲ੍ਹਾ ਬਠਿੰਡਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਲਖਵੀਰ ਸਿੰਘ ਨੂੰ 14,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਤਲਵੰਡੀ ਸਾਬੋ ਜ਼ਿਲ੍ਹਾ ਬਠਿੰਡਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਦੇ ਪੁੱਤਰ ਨੇ ਆਪਣੀ ਗੱਡੀ ਖੜ੍ਹੀ ਕਰਦੇ ਸਮੇਂ ਗਲੀ ਵਿੱਚ ਬਿਜਲੀ ਦੇ ਖੰਭੇ ਨਾਲ ਟੱਕਰ ਮਾਰ ਦਿੱਤੀ। ਗੱਡੀ ਖਰਾਬ ਹੋ ਗਈ ਅਤੇ ਖੰਭਾ ਵੀ ਟੁੱਟ ਗਿਆ। ਦੋਸ਼ੀ ਰੇਸ਼ਮ ਸਿੰਘ ਏਐਲਐਮ ਅਤੇ ਲਖਬੀਰ ਸਿੰਘ ਜੇਈ ਮੌਕੇ ‘ਤੇ ਪਹੁੰਚੇ ਅਤੇ ਕਿਹਾ ਕਿ ਤੁਹਾਡੀ ਗੱਡੀ ਜ਼ਬਤ ਕਰ ਲਈ ਜਾਵੇਗੀ। ਦੋਵਾਂ ਦੋਸ਼ੀਆਂ ਨੇ ਮਾਮਲੇ ਨੂੰ ਸੁਲਝਾਉਣ ਲਈ 25000/- ਰੁਪਏ ਦੀ ਰਿਸ਼ਵਤ ਮੰਗੀ। ਉਹ ਸ਼ਿਕਾਇਤਕਰਤਾ ਦੇ ਕਹਿਣ ‘ਤੇ 25000/- ਰੁਪਏ ਵਿੱਚੋਂ 15000/- ਰੁਪਏ ਦੀ ਰਿਸ਼ਵਤ ਲੈਣ ਲਈ ਰਾਜ਼ੀ ਹੋ ਗਏ। ਇਸ ਸਬੰਧ ਵਿੱਚ, ਸ਼ਿਕਾਇਤਕਰਤਾ ਨੇ ਗੈਰ-ਕਾਨੂੰਨੀ ਰਿਸ਼ਵਤ ਮੰਗਣ ਦੀ ਪੂਰੀ ਗੱਲਬਾਤ ਰਿਕਾਰਡ ਕੀਤੀ ਸੀ।

ਕਿਸੇ ਵੀ ਗੈਰ-ਕਾਨੂੰਨੀ ਰਿਸ਼ਵਤ ਦਾ ਭੁਗਤਾਨ ਕਰਨ ਲਈ ਤਿਆਰ ਨਾ ਹੋਣ ਕਰਕੇ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਰੇਂਜ ਬਠਿੰਡਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਜੂਨੀਅਰ ਇੰਜੀਨੀਅਰ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 14,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧੀ ਮੁਲਜ਼ਮ ਖ਼ਿਲਾਫ਼ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ। ਉਸ ਦੇ ਸਹਿ-ਮੁਲਜ਼ਮ ਰੇਸ਼ਮ ਸਿੰਘ ਏ.ਐਲ.ਐਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *