ਵਿਜੀਲੈਂਸ ਬਿਊਰੋ ਨੇ ਜੂਨੀਅਰ ਇੰਜੀਨੀਅਰ ਨੂੰ 4000 ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ

ਪੰਜਾਬ ਵਿਜੀਲੈਂਸ ਬਿਊਰੋ (VB) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, PSPCL ਦਫ਼ਤਰ ਜ਼ਿਲ੍ਹਾ ਫਾਜ਼ਿਲਕਾ ਵਿਖੇ ਤਾਇਨਾਤ ਜੂਨੀਅਰ ਇੰਜੀਨੀਅਰ ਸਵਰਨ ਸਿੰਘ ਨੂੰ 4000/- ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਪਿੰਡ ਗਗਨ ਕੇ ਜ਼ਿਲ੍ਹਾ ਫਾਜ਼ਿਲਕਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਖੇਤੀਬਾੜੀ ਦੇ ਕੰਮ ਵਿੱਚ ਲੱਗਾ ਹੋਇਆ ਹੈ ਅਤੇ ਉਸਦੇ ਪਰਿਵਾਰਕ ਮੈਂਬਰ ਨੇ ਬਿਜਲੀ ਮੀਟਰ ਵਿੱਚ ਨੁਕਸ ਹੋਣ ਕਾਰਨ ਬਿਜਲੀ ਸਪਲਾਈ ਸ਼ੁਰੂ ਕਰਨ ਲਈ ਮੁੱਖ ਬਿਜਲੀ ਤਾਰ ਨਾਲ ਸਿੱਧੀ ਤਾਰ ਜੋੜੀ ਸੀ। ਦੋਸ਼ੀ ਸਵਰਨ ਸਿੰਘ ਜੂਨੀਅਰ ਇੰਜੀਨੀਅਰ ਪੀਐਸਪੀਸੀਐਲ ਫਾਜ਼ਿਲਕਾ ਨੇ ਇਸਦੀ ਜਾਂਚ ਕੀਤੀ ਅਤੇ ਉਸ ਵਿਰੁੱਧ ਬਿਜਲੀ ਚੋਰੀ ਦਾ ਕੇਸ ਦਰਜ ਕਰਨ ਦੀ ਧਮਕੀ ਦਿੱਤੀ। ਇਸ ਤੋਂ ਬਾਅਦ, ਸ਼ਿਕਾਇਤਕਰਤਾ ਜੂਨੀਅਰ ਇੰਜੀਨੀਅਰ ਨੂੰ ਉਸਦੇ ਦਫ਼ਤਰ ਵਿੱਚ ਮਿਲਿਆ ਜਿੱਥੇ ਉਸਨੇ ਇਸ ਮਾਮਲੇ ਨੂੰ ਖਤਮ ਕਰਨ ਲਈ ਸ਼ਿਕਾਇਤਕਰਤਾ ਤੋਂ 5000/- ਰੁਪਏ ਰਿਸ਼ਵਤ ਦੀ ਮੰਗ ਕੀਤੀ। ਇਸ ਸਬੰਧ ਵਿੱਚ, ਸ਼ਿਕਾਇਤਕਰਤਾ ਨੇ 5000/- ਰੁਪਏ ਰਿਸ਼ਵਤ ਮੰਗਣ ਦੀ ਗੱਲਬਾਤ ਰਿਕਾਰਡ ਕੀਤੀ ਸੀ। ਦੋਸ਼ੀ ਜੂਨੀਅਰ ਇੰਜੀਨੀਅਰ ਨੂੰ ਬੇਨਤੀ ਕਰਨ ਤੋਂ ਬਾਅਦ, ਸੌਦਾ 4000/- ਰੁਪਏ ਵਿੱਚ ਤੈਅ ਹੋ ਗਿਆ।

ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧ ਵਿੱਚ, ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਫਿਰੋਜ਼ਪੁਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *