ਵਿਜੀਲੈਂਸ ਬਿਊਰੋ ਨੇ ਨਾਇਬ ਕੋਰਟ ਨੂੰ 4000/- ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ

ਪੰਜਾਬ ਵਿਜੀਲੈਂਸ ਬਿਊਰੋ (VB) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਪੰਜਾਬ ਹੋਮ ਗਾਰਡ (PHG) ਸ਼ਰਨਦੀਪ ਸਿੰਘ, ਪੀ.ਸੀ. ਨਾਇਬ ਕੋਰਟ, ਜੋ ਕਿ ਥਾਣਾ ਸ੍ਰੀ ਮੁਕਤਸਰ ਸਾਹਿਬ ਨਾਲ ਸਬੰਧਤ ਹੈ, ਨੂੰ 4000/- ਰੁਪਏ ਦੀ ਰਿਸ਼ਵਤ ਲੈਂਦੇ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਹ ਖੁਲਾਸਾ ਕਰਦਿਆਂ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਕਿਹਾ ਕਿ ਉਪਰੋਕਤ ਦੋਸ਼ੀ ਨੂੰ ਸ੍ਰੀ ਮੁਕਤਸਰ ਸਾਹਿਬ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ। ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਦੋਸ਼ੀ ਸ਼ਰਨਦੀਪ ਸਿੰਘ ਨੇ ਅਦਾਲਤੀ ਕੇਸ ਵਿੱਚ ਉਸਦੀ ਮਦਦ ਕਰਨ ਦੇ ਬਦਲੇ 4000/- ਰੁਪਏ ਦੀ ਗੈਰ-ਕਾਨੂੰਨੀ ਰਿਸ਼ਵਤ ਮੰਗੀ ਸੀ। ਇਸ ਸਬੰਧ ਵਿੱਚ, ਦੋਸ਼ੀ ਨੇ ਵੱਖ-ਵੱਖ ਮੌਕਿਆਂ ‘ਤੇ ਉਸਨੂੰ ਇਹ ਦੱਸਣ ਲਈ ਰਿਸ਼ਵਤ ਮੰਗੀ ਅਤੇ ਪ੍ਰਾਪਤ ਕੀਤੀ ਕਿ ਉਸਦੀ ਜ਼ਮਾਨਤ ਰੱਦ ਹੋ ਗਈ ਹੈ ਜਾਂ ਨਹੀਂ।

ਸ਼ਿਕਾਇਤਕਰਤਾ ਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 4000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।

ਇਸ ਸਬੰਧ ਵਿੱਚ, ਦੋਸ਼ੀ ਵਿਰੁੱਧ ਵਿਜੀਲੈਂਸ ਬਿਊਰੋ ਦੇ ਥਾਣਾ ਬਠਿੰਡਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *