ਵਿਜੀਲੈਂਸ ਬਿਊਰੋ ਨੇ ਨਾਇਬ ਕੋਰਟ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕੀਤਾ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਉਪ ਮੰਡਲ ਮੈਜਿਸਟਰੇਟ ਕਪੂਰਥਲਾ ਦੀ ਅਦਾਲਤ ਵਿੱਚ ਤਾਇਨਾਤ ਨਾਇਬ ਕੋਰਟ ਰਜਿੰਦਰ ਸਿੰਘ ਨੂੰ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਨਕੋਦਰ, ਜ਼ਿਲ੍ਹਾ ਜਲੰਧਰ ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ, ਜੋ ਕਿ ਪੇਸ਼ੇ ਤੋਂ ਇੱਕ ਮਜ਼ਦੂਰ ਹੈ, ਨੇ ਦੱਸਿਆ ਕਿ ਉਸ ਨੂੰ ਅਤੇ ਉਸਦੇ ਦੋਸਤ ਜੋਬਨ ਨੂੰ ਪੁਲਿਸ ਨੇ ਬੀਐਨਐਸਐਸ ਦੀ ਧਾਰਾ 128 (ਪਹਿਲਾਂ ਸੀਆਰਪੀਸੀ ਦੀ ਧਾਰਾ 109 ਸੀ) ਤਹਿਤ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਸੀ ਅਤੇ ਐਸਡੀਐਮ ਕਪੂਰਥਲਾ ਦੀ ਅਦਾਲਤ ਵਿੱਚ ਪੇਸ਼ ਕੀਤਾ ਸੀ। ਇਸ ਉਪਰੰਤ, ਸ਼ਿਕਾਇਤਕਰਤਾ ਨੂੰ ਜ਼ਮਾਨਤ ‘ਤੇ ਰਿਹਾਅ ਕਰ ਦਿੱਤਾ ਗਿਆ ਅਤੇ ਅਗਲੀ ਸੁਣਵਾਈ ਦੀ ਮਿਤੀ 18.02.2026 ਨਿਰਧਾਰਤ ਕੀਤੀ ਗਈ ।ਉਨ੍ਹਾਂ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਨਾਇਬ ਕੋਰਟ ਰਜਿੰਦਰ ਸਿੰਘ ਉਸ ਨੂੰ ਵਾਰ-ਵਾਰ ਪਰੇਸ਼ਾਨ ਕਰਦਾ ਸੀ ਅਤੇ ਉਸ ਨੇ ਕੇਸ ਖਾਰਜ ਕਰਨ ਬਦਲੇ 10,000 ਰੁਪਏ ਰਿਸ਼ਵਤ ਦੀ ਮੰਗ ਕੀਤੀ। ਸ਼ਿਕਾਇਤਕਰਤਾ ਦੀ ਬੇਨਤੀ ਅਤੇ ਮੰਗੀ ਗਈ ਰਕਮ ਦਾ ਭੁਗਤਾਨ ਕਰਨ ਵਿੱਚ ਅਸਮਰੱਥਾ ਜ਼ਾਹਰ ਕਰਨ ‘ਤੇ, ਦੋਸ਼ੀ 8,000 ਰੁਪਏ ਰਿਸ਼ਵਤ ਲੈਣਾ ਮੰਨ ਗਿਆ। ਰਿਸ਼ਵਤ ਮੰਗਣ ਸਬੰਧੀ ਸਾਰੀ ਗੱਲਬਾਤ ਸ਼ਿਕਾਇਤਕਰਤਾ ਦੁਆਰਾ ਰਿਕਾਰਡ ਕਰ ਲਈ ਗਈ ਸੀ।

ਸ਼ਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਯੂਨਿਟ, ਜਲੰਧਰ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਨਾਇਬ ਕੋਰਟ ਰਾਜਿੰਦਰ ਸਿੰਘ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 8000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕਰ ਲਿਆ।

ਇਸ ਸਬੰਧੀ, ਉਕਤ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *