ਪੰਜਾਬ ਵਿਜੀਲੈਂਸ ਬਿਊਰੋ (VB) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਮੁਹਿੰਮ ਦੌਰਾਨ, ਕੈਂਪ ਖਾਲਸਾ ਸੀਨੀਅਰ ਸੈਕੰਡਰੀ ਸਕੂਲ ਅਜੀਤਸਰ ਮੋਹੀ ਜ਼ਿਲ੍ਹਾ ਲੁਧਿਆਣਾ (ਸਰਕਾਰੀ ਸਹਾਇਤਾ ਪ੍ਰਾਪਤ) ਵਿਖੇ ਤਾਇਨਾਤ ਪ੍ਰਿੰਸੀਪਲ ਗੁਰਮੀਤ ਸਿੰਘ ਨੂੰ 6,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਕਾਬੂ ਕੀਤਾ ਹੈ।
ਅੱਜ ਇੱਥੇ ਇਹ ਜਾਣਕਾਰੀ ਦਿੰਦੇ ਹੋਏ, ਰਾਜ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਪਰੋਕਤ ਦੋਸ਼ੀ ਨੂੰ ਪਿੰਡ ਮੋਹੀ ਜ਼ਿਲ੍ਹਾ ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕਰਵਾਈ ਗਈ ਸ਼ਿਕਾਇਤ ਦੇ ਅਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਸ਼ਿਕਾਇਤਕਰਤਾ ਨੇ ਕੋਵਿਡ ਦੇ ਸਮੇਂ ਦੌਰਾਨ ਦਸਵੀਂ ਜਮਾਤ ਪਾਸ ਕੀਤੀ ਸੀ ਅਤੇ ਉਸਨੂੰ ਦਸਵੀਂ ਜਮਾਤ ਪਾਸ ਕਰਨ ਦਾ ਸਰਟੀਫਿਕੇਟ ਨਹੀਂ ਮਿਲਿਆ। ਉਸਨੇ ਡੁਪਲੀਕੇਟ ਸਰਟੀਫਿਕੇਟ ਲਈ ਔਨਲਾਈਨ ਅਰਜ਼ੀ ਵੀ ਦਿੱਤੀ ਸੀ ਪਰ ਉਹ ਵੀ ਨਹੀਂ ਮਿਲਿਆ। ਇਸ ਤੋਂ ਬਾਅਦ ਉਸਨੇ ਆਪਣਾ ਮੈਟ੍ਰਿਕ ਸਰਟੀਫਿਕੇਟ ਲੈਣ ਲਈ ਆਪਣੇ ਸਕੂਲ ਦੇ ਪ੍ਰਿੰਸੀਪਲ ਕੋਲ ਪਹੁੰਚ ਕੀਤੀ। ਇਸ ਸਬੰਧ ਵਿੱਚ, ਦੋਸ਼ੀ ਪ੍ਰਿੰਸੀਪਲ ਨੇ 15800/- ਰੁਪਏ ਰਿਸ਼ਵਤ ਦੀ ਮੰਗ ਕੀਤੀ ਅਤੇ ਉਸ ਤੋਂ ਮੌਕੇ ‘ਤੇ ਹੀ 10,000/- ਰੁਪਏ ਰਿਸ਼ਵਤ ਵਜੋਂ ਲੈ ਲਏ। ਜਦੋਂ ਕਿ ਡੁਪਲੀਕੇਟ ਸਰਟੀਫਿਕੇਟ ਪ੍ਰਾਪਤ ਕਰਨ ਦੀ ਸਰਕਾਰੀ ਫੀਸ 900/- ਰੁਪਏ ਹੈ ਅਤੇ ਤਤਕਾਲ ਸਰਕਾਰੀ ਫੀਸ 2000/- ਰੁਪਏ ਹੈ।
ਕਿਸੇ ਵੀ ਗੈਰ-ਕਾਨੂੰਨੀ ਰਿਸ਼ਵਤ ਦਾ ਭੁਗਤਾਨ ਕਰਨ ਲਈ ਤਿਆਰ ਨਾ ਹੋਣ ਕਰਕੇ, ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਲੁਧਿਆਣਾ ਕੋਲ ਪਹੁੰਚ ਕੀਤੀ। ਉਸਦੀ ਸ਼ਿਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ, ਵਿਜੀਲੈਂਸ ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਦੋਸ਼ੀ ਪ੍ਰਿੰਸੀਪਲ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 6,000 ਰੁਪਏ ਦੀ ਰਿਸ਼ਵਤ ਲੈਂਦੇ ਹੋਏ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ ਗਿਆ।
ਇਸ ਸਬੰਧ ਵਿੱਚ, ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਓਰੋ ਦੇ ਥਾਣਾ ਲੁਧਿਆਣਾ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ।
