ਵਿਜੀਲੈਂਸ ਬਿਊਰੋ ਵੱਲੋਂ 1,00,000 ਰੁਪਏ ਰਿਸ਼ਵਤ ਲੈਂਦਾ ਸਬ ਇੰਸਪੈਕਟਰ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ, ਐਂਟੀ ਨਾਰਕੋਟਿਕ ਟਾਸਕ ਫੋਰਸ, ਜਲੰਧਰ ਵਿਖੇ ਤਾਇਨਾਤ ਸਬ ਇੰਸਪੈਕਟਰ ਅਮਨਦੀਪ ਸਿੰਘ ਨੂੰ 1,00,000 ਰੁਪਏ ਦੀ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਅੱਜ ਇੱਥੇ ਇਸ ਬਾਰੇ ਜਾਣਕਾਰੀ ਦਿੰਦਿਆਂ ਰਾਜ ਵਿਜੀਲੈਂਸ ਬਿਊਰੋ ਦੇ ਅਧਿਕਾਰਤ ਬੁਲਾਰੇ ਨੇ ਦੱਸਿਆ ਕਿ ਉਕਤ ਮੁਲਜ਼ਮ ਨੂੰ ਪਿੰਡ ਗੋਹਾਵਰ ਥਾਣਾ ਗੁਰਾਇਆ ਜ਼ਿਲ੍ਹਾ ਜਲੰਧਰ ਦੀ ਵਸਨੀਕ ਵੱਲੋਂ ਦਰਜ ਕਰਵਾਈ ਸ਼ਿਕਾਇਤ ਦੇ ਆਧਾਰ ‘ਤੇ ਗ੍ਰਿਫ਼ਤਾਰ ਕੀਤਾ ਗਿਆ ਹੈ।

ਉਨ੍ਹਾਂ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਾਇਆ ਕਿ ਉਸਦੇ ਭਰਾ ਵਿਰੁੱਧ ਐਨਡੀਪੀਐਸ ਐਕਟ ਤਹਿਤ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਉਕਤ ਐਸ.ਆਈ. ਅਮਨਦੀਪ ਸਿੰਘ ਇਸ ਕੇਸ ਵਿੱਚ ਉਨ੍ਹਾਂ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਘਸੀਟਣ ਅਤੇ ਉਨ੍ਹਾਂ ਦੀਆਂ ਸੰਪਤੀਆਂ ਵਿਰੁੱਧ ਕਾਰਵਾਈ ਵਿੱਢਣ ਦੀਆਂ ਧਮਕੀਆਂ ਦੇ ਰਿਹਾ ਹੈ। ਸ਼ਿਕਾਇਤਕਰਤਾ ਨੇ ਅੱਗੇ ਦੋਸ਼ ਲਾਇਆ ਕਿ ਮੁਲਜ਼ਮ ਐਸ.ਆਈ. ਪਹਿਲਾਂ ਹੀ ਉਸ ਤੋਂ ਵੱਖ-ਵੱਖ ਮੌਕਿਆਂ ‘ਤੇ 6.50 ਲੱਖ ਰੁਪਏ ਰਿਸ਼ਵਤ ਲੈ ਚੁੱਕਾ ਹੈ ਅਤੇ ਉਸਦੀ ਭਰਜਾਈ ਨੂੰ ਮਾਮਲੇ ਵਿੱਚ ਨਾਮਜ਼ਦ ਹੋਣ ਤੋਂ ਬਚਾਉਣ ਲਈ 2 ਲੱਖ ਰੁਪਏ ਹੋਰ ਮੰਗ ਰਿਹਾ ਹੈ। ਸ਼ਿਕਾਇਤਕਰਤਾ ਨੇ ਉਕਤ ਪੁਲਿਸ ਮੁਲਾਜ਼ਮ ਵੱਲੋਂ ਰਿਸ਼ਵਤ ਮੰਗਣ ਦੀ ਗੱਲਬਾਤ ਰਿਕਾਰਡ ਕਰ ਲਈ।

ਹੋਰ ਰਿਸ਼ਵਤ ਦੇਣ ਲਈ ਰਾਜ਼ੀ ਨਾ ਹੋਣ ਕਰਕੇ ਸ਼ਿਕਾਇਤਕਰਤਾ ਨੇ ਵਿਜੀਲੈਂਸ ਬਿਊਰੋ ਯੂਨਿਟ ਕਪੂਰਥਲਾ ਨਾਲ ਸੰਪਰਕ ਕੀਤਾ। ਉਸਦੀ ਸ਼ਿਕਾਇਤ ‘ਤੇ ਕਾਰਵਾਈ ਕਰਦਿਆਂ ਵਿਜੀਲੈਂਸ ਬਿਊਰੋ ਦੀ ਟੀਮ ਨੇ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਐਸ.ਆਈ. ਨੂੰ ਦੋ ਸਰਕਾਰੀ ਗਵਾਹਾਂ ਦੀ ਮੌਜੂਦਗੀ ਵਿੱਚ ਸ਼ਿਕਾਇਤਕਰਤਾ ਤੋਂ 1,00,000 ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰਕੇ ਰਿਸ਼ਵਤ ਦੇ ਪੈਸੇ ਬਰਾਮਦ ਕਰ ਲਏ ਗਏ। ਕਾਰਵਾਈ ਦੌਰਾਨ, ਕਾਂਸਟੇਬਲ ਮਨਿੰਦਰ ਸਿੰਘ, ਜੋ ਕਿ ਮੁਲਜ਼ਮ ਐਸ.ਆਈ. ਦੇ ਨਾਲ ਸੀ, ਗੱਡੀ ਸਮੇਤ ਮੌਕੇ ਤੋਂ ਭੱਜ ਗਿਆ।

ਇਸ ਸਬੰਧੀ ਮੁਲਜ਼ਮ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਦੇ ਥਾਣਾ ਜਲੰਧਰ ਵਿਖੇ ਕੇਸ ਦਰਜ ਕੀਤਾ ਗਿਆ ਹੈ ਅਤੇ ਕੇਸ ਦੀ ਅਗਲੇਰੀ ਜਾਂਚ ਜਾਰੀ ਹੈ।

Leave a Reply

Your email address will not be published. Required fields are marked *