ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੀ ਯਾਦ ਵਿੱਚ ਫਰੀਦਕੋਟ ਵਿਖੇ ਜਲਦੀ ਉਸਾਰਿਆ ਜਾਵੇਗਾ ਵਾਰ ਮੈਮੋਰੀਅਲ:  ਮੋਹਿੰਦਰ ਭਗਤ

ਪੰਜਾਬ ਦੇ ਰੱਖਿਆ ਸੇਵਾਵਾਂ ਭਲਾਈ, ਆਜ਼ਾਦੀ ਘੁਲਾਟੀਆਂ ਅਤੇ ਬਾਗਬਾਨੀ ਮੰਤਰੀ ਮੋਹਿੰਦਰ ਭਗਤ ਨੇ ਅੱਜ ਪੰਜਾਬ ਵਿਧਾਨ ਸਭਾ ਦੇ ਸੈਸ਼ਨ ਦੌਰਾਨ ਦੱਸਿਆ ਕਿ ਫਰੀਦਕੋਟ ਹਲਕੇ ਵਿੱਚ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੀ ਯਾਦ ਵਿੱਚ ਇਕ ਵਾਰ ਮੈਮੋਰੀਅਲ ਬਣਾਇਆ ਜਾਵੇਗਾ।

ਮੰਤਰੀ ਸ੍ਰੀ ਭਗਤ ਨੇ ਕਿਹਾ ਕਿ ਇਸ ਮਕਸਦ ਲਈ ਫਰੀਦਕੋਟ ਸ਼ਹਿਰ ਦੇ ਪ੍ਰਮੁੱਖ ਪਾਰਕ ਸ਼ਹੀਦ ਭਗਤ ਸਿੰਘ ਪਾਰਕ ਨੂੰ ਚੁਣਿਆ ਗਿਆ ਹੈ। ਉਨ੍ਹਾਂ ਦੱਸਿਆ ਕਿ ਇਸ ਸਮਾਰਕ ਦਾ ਡਿਜ਼ਾਇਨ ਮਨਜ਼ੂਰ ਕੀਤਾ ਜਾ ਚੁੱਕਾ ਹੈ। ਉਨ੍ਹਾ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਮਨਜ਼ੂਰੀ ਤੋਂ ਬਾਅਦ ਇਸ ਸਮਾਰਕ ਦੇ ਨਿਰਮਾਣ ਦੀ ਜ਼ਿੰਮੇਵਾਰੀ ਲੋਕ ਨਿਰਮਾਣ ਵਿਭਾਗ ਨੂੰ ਸੌਂਪੀ ਗਈ ਹੈ ।

ਮੰਤਰੀ ਨੇ ਅੱਗੇ ਕਿਹਾ ਕਿ ਇਹ ਸਮਾਰਕ ਆਜ਼ਾਦੀ ਘੁਲਾਟੀਆਂ ਅਤੇ ਦੇਸ਼ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਸ਼ਹੀਦ ਸੈਨਿਕਾਂ ਦੀ ਕੁਰਬਾਨੀ ਨੂੰ ਯਾਦਗਾਰ ਬਣਾਉਣ ਵਿੱਚ ਮਹੱਤਵਪੂਰਨ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਇਹ ਵਾਰ ਮੈਮੋਰੀਅਲ ਆਉਣ ਵਾਲੀਆਂ ਪੀੜੀਆਂ ਨੂੰ ਦੇਸ਼ ਭਗਤੀ, ਬਲਿਦਾਨ ਅਤੇ ਸੇਵਾ ਦੇ ਜਜ਼ਬੇ ਨਾਲ ਪ੍ਰੇਰਿਤ ਕਰੇਗਾ। ਉਨ੍ਹਾਂ ਦੋਹਰਾਇਆ ਕਿ ਪੰਜਾਬ ਸਰਕਾਰ ਆਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਪਰਿਵਾਰਾਂ ਦੀ ਭਲਾਈ ਅਤੇ ਸਨਮਾਨ ਲਈ ਪੂਰੀ ਤਰ੍ਹਾਂ ਵਚਨਬੱਧ ਹੈ।

Leave a Reply

Your email address will not be published. Required fields are marked *