“ਯੁੱਧ ਨਸ਼ਿਆਂ ਵਿਰੁੱਧ”ਨਸ਼ਾ ਤਸਕਰ ਜਾਂ ਪੰਜਾਬ ਛੱਡ ਦੇਣ ਜਾਂ ਨਸ਼ੇ ਵੇਚਣਾ-ਗੈਰੀ ਬੜਿੰਗ

*ਪਿੰਡ ਮਛਰਾਏ ਖੁਰਦ ਵਿਖੇ ਨਸ਼ਾ ਤਸਕਰ ਵੱਲੋਂ ਪੰਚਾਇਤੀ ਜ਼ਮੀਨ ਤੇ ਨਜਾਇਜ਼ ਢੰਗ ਨਾਲ ਬਣਾਏ ਮਕਾਨਤੇ ਚੱਲਿਆ ਪੀਲਾ ਪੰਜਾ
*ਨਸ਼ਾ ਤਸਕਰ ਤੇ ਉਸ ਦੇ ਪਰਿਵਾਰ ਖਿਲਾਫ ਐਨ.ਡੀ.ਪੀ.ਐਸ. ਐਕਟ ਅਧੀਨ ਡੇਢ ਦਰਜ਼ ਪਰਚੇ ਦਰਜ਼
*ਪਰਿਵਾਰ ਦੇ ਵੱਖੋ-ਵੱਖ ਮੈਂਬਰਾਂ ਖ਼ਿਲਾਫ਼ ਵੀ ਦਰਜ ਹਨ ਪਰਚੇ
*ਨਸ਼ਾ ਛੱਡਣ ਦੇ ਚਾਹਵਾਨ ਨੌਜਵਾਨਾਂ ਦੀ ਪੰਜਾਬ ਸਰਕਾਰ ਕਰ ਰਹੀ ਹੈ ਪੂਰੀ ਮਦਦ

ਅਮਲੋਹ/ਫ਼ਤਹਿਗੜ੍ਹ ਸਾਹਿਬ, 25 ਮਾਰਚ: ਪੰਜਾਬ ਸਰਕਾਰ ਵੱਲੋਂ ਮੁੱਖ ਮੰਤਰੀ, ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬੇ ਨੂੰ ਨਸ਼ਾ ਮੁਕਤ ਕਰਨ ਲਈ ਚਲਾਈ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਨਸ਼ਿਆਂ ਦੇ ਕਾਰੋਬਾਰੀਆਂ ਨੂੰ ਜੇਲ੍ਹਾਂ ਅੰਦਰ ਡੱਕਣ ਤੇ ਸੂਬੇ ਦੀ ਜਵਾਨੀ ਨੂੰ ਨਸ਼ਿਆਂ ਦੀ ਗ੍ਰਿਫਤ ਵਿੱਚੋਂ ਬਾਹਰ ਕੱਢਣ ਵਿੱਚ ਫੈਸਲਾਕੁੰਨ ਸਾਬਤ ਹੋਵੇਗੀ ਅਤੇ ਹਲਕਾ ਅਮਲੋਹ ਵਿੱਚ ਨਸ਼ਾ ਤਸਕਰਾਂ ਨੂੰ ਕਿਸੇ ਵੀ ਕੀਮਤ ਤੇ ਰਹਿਣ ਨਹੀਂ ਦਿੱਤਾ ਜਾਵੇਗਾ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਮਲੋਹ ਦੇ ਵਿਧਾਇਕ ਸ. ਗੁਰਿੰਦਰ ਸਿੰਘ ਗੈਰੀ ਬੜਿੰਗ ਨੇ ਪਿੰਡ ਮਛਰਾਏ ਖੁਰਦ ਵਿਖੇ ਇੱਕ ਨਸ਼ਾ ਤਸਕਰ ਵੱਲੋਂ ਪੰਚਾਇਤੀ ਜ਼ਮੀਨ ਤੇ ਨਜਾਇਜ਼ ਢੰਗ ਨਾਲ ਉਸਾਰੇ ਜਾ ਰਹੇ ਮਕਾਨ ਨੂੰ ਢਾਹੁਣ ਸਬੰਧੀ ਹੋਈ ਕਾਰਵਾਈ ਸਬੰਧੀ ਗੱਲਬਾਤ ਕਰਦਿਆਂ ਕੀਤਾ।


ਵਿਧਾਇਕ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਿੱਚ ਸੂਬਾ ਸਰਕਾਰ ਵੱਲੋਂ ਚਲਾਈ ਜਾ ਰਹੀ ਇਹ ਮੁਹਿੰਮ ਸ਼ਲਾਘਾਯੋਗ ਉਪਰਾਲਾ ਹੈ ਜਿਸ ਦੇ ਸਾਰਥਕ ਨਤੀਜੇ ਸਾਹਮਣੇ ਆ ਰਹੇ ਹਨ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਕਿਸੇ ਵੀ ਨਾਗਰਿਕ ਨਾਲ ਕਿਸੇ ਕਿਸਮ ਦਾ ਧੱਕਾ ਨਹੀਂ ਕਰੇਗੀ ਪ੍ਰੰਤੂ ਸੂਬੇ ਨੂੰ ਨਸ਼ਾ ਮੁਕਤ ਕਰਨ ਵਿੱਚ ਕਿਸੇ ਕਿਸਮ ਦਾ ਸਮਝੌਤਾ ਵੀ ਨਹੀਂ ਕੀਤਾ ਜਾਵੇਗਾ। ਉਨ੍ਹਾਂ ਕਿਹਾ ਕਿ ਪਿੰਡ ਮਛਰਾਏ ਖੁਰਦ ਦੇ ਨਸ਼ਾ ਤਸਕਰ ਅਤੇ ਉਸ ਦੇ ਪਰਿਵਾਰ ਦੇ ਕਈ ਮੈਂਬਰਾਂ ਤੇ ਐਨ.ਡੀ.ਪੀ.ਐਸ. ਐਕਟ, ਇਰਾਦਾ ਕਤਲ ਸਮੇਤ ਡੇਢ ਦਰਜ਼ਨ ਪਰਚੇ ਦਰਜ਼ ਹਨ ਅਤੇ ਅਜਿਹੇ ਲੋਕਾਂ ਨੂੰ ਹਲਕੇ ਵਿੱਚ ਰਹਿਣ ਦਾ ਕੋਈ ਅਧਿਕਾਰ ਨਹੀਂ ਹੈ, ਕਿਉਂਕਿ ਹਲਕੇ ਅੰਦਰ ਨਸ਼ਿਆਂ ਦੇ ਕਾਰੋਬਾਰੀਆਂ ਦੇ ਰਹਿਣ ਲਈ ਕੋਈ ਥਾਂ ਨਹੀਂ ਹੈ।


ਇਸ ਸਬੰਧੀ ਜ਼ਿਲ੍ਹਾ ਪੁਲਿਸ ਮੁਖੀ ਸ਼ੁਭਮ ਅਗਰਵਾਲ ਨੇ ਦੱਸਿਆ ਕਿ ਹਰਜੀਤ ਸਿੰਘ ਉਰਫ ਬਿੱਲਾ ਖਿਲਾਫ ਐਨ.ਡੀ. ਪੀ.ਐੱਸ. ਦੇ 04 ਅਤੇ ਇਰਾਦਾ ਕਤਲ ਦਾ 01 ਪਰਚਾ ਦਰਜ ਹੈ ਅਤੇ ਇਸ ਦੇ ਪਰਿਵਾਰ ਦੇ ਵੱਖੋ-ਵੱਖ ਮੈਂਬਰਾਂ ਖ਼ਿਲਾਫ਼ ਵੀ ਪਰਚੇ ਦਰਜ ਹਨ। ਉਹਨਾਂ ਕਿਹਾ ਕਿ ਪੰਜਾਬ ਸਰਕਾਰ ਵੱਲੋਂ ਨਸ਼ਿਆਂ ਖਿਲਾਫ ਜ਼ੀਰੋ ਟਾਲਰੈਂਸ ਨੀਤੀ ਅਪਣਾਈ ਜਾ ਰਹੀ ਹੈ ਅਤੇ ਨਸ਼ਿਆਂ ਦੇ ਤਸਕਰਾਂ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ।
ਸ਼੍ਰੀ ਸ਼ੁਭਮ ਅਗਰਵਾਲ ਨੇ ਕਿਹਾ ਕਿ ਜਿਹੜੇ ਨੌਜਵਾਨ ਨਸ਼ਾ ਛੱਡ ਕੇ ਚੰਗੀ ਜ਼ਿੰਦਗੀ ਜਿਉਣਾ ਚਾਹੁੰਦੇ ਹਨ, ਉਹ ਅੱਗੇ ਆਉਣ ਪੰਜਾਬ ਸਰਕਾਰ ਉਹਨਾਂ ਦੀ ਹਰ ਹਾਲ ਮਦਦ ਕਰੇਗੀ। ਇਸ ਸਬੰਧੀ ਜ਼ਿਲ੍ਹੇ ਦੇ ਵਿੱਚ ਸਰਕਾਰੀ ਨਸ਼ਾ ਛੁੜਾਊ ਤੇ ਮੁੜ ਵਸੇਵਾ ਕੇਂਦਰ ਕਾਰਰਸ਼ੀਲ ਹਨ। ਪਿਛਲੇ ਦੋ ਮਹੀਨਿਆਂ ਦੇ ਵਿੱਚ ਕਰੀਬ 80 ਨੌਜਵਾਨ ਨਸ਼ੇ ਛੱਡਣ ਲਈ ਅੱਗੇ ਆਏ ਹਨ, ਜਿਨ੍ਹਾਂ ਦਾ ਸਰਕਾਰੀ ਨਸ਼ਾ ਛੁਡਾਊ ਕੇਂਦਰ ਅਤੇ ਓਟ ਕਲੀਨਿਕਾਂ ਰਾਹੀਂ ਇਲਾਜ ਕਰਵਾਇਆ ਜਾ ਰਿਹਾ ਹੈ।
ਜ਼ਿਲ੍ਹਾ ਪੁਲੀਸ ਮੁਖੀ ਨੇ ਨਸ਼ਾ ਤਸਕਰਾਂ ਨੂੰ ਸਖਤ ਚੇਤਾਵਨੀ ਦਿੰਦਿਆਂ ਕਿਹਾ ਕਿ ਉਹ ਨਸ਼ੇ ਵੇਚਣ ਦਾ ਕੰਮ ਛੱਡ ਦੇਣ ਨਹੀਂ ਤਾਂ ਉਨ੍ਹਾਂ ਵਿਰੁੱਧ ਵੀ ਇਹੋ ਜਿਹੀ ਕਾਰਵਾਈ ਕੀਤੀ ਜਾਵੇਗੀ। ਨਸ਼ਾ ਤਸਕਰਾਂ ਨੇ ਸੂਬੇ ਦੀ ਜਵਾਨੀ ਨੂੰ ਕੁਰਾਹੇ ਪਾਇਆ ਹੈ ਅਤੇ ਪੰਜਾਬ ਸਰਕਾਰ ਜਵਾਨੀ ਨੂੰ ਬਚਾਉਣ ਲਈ ਪੂਰੀ ਤਰ੍ਹਾਂ ਦ੍ਰਿੜ੍ਹ ਹੈ। ਉਨ੍ਹਾਂ ਕਿਹਾ ਕਿ “ਯੁੱਧ ਨਸ਼ਿਆਂ ਵਿਰੁੱਧ ਮੁਹਿੰਮ” ਨਿਰੰਤਰ ਜਾਰੀ ਰਹੇਗੀ ਅਤੇ ਨਸ਼ਿਆਂ ਦੇ ਕਾਰੋਬਾਰ ਵਿੱਚ ਸ਼ਾਮਲ ਤਸਕਰਾਂ ਨੂੰ ਕਿਸੇ ਵੀ ਹਾਲਤ ਵਿੱਚ ਬਖਸ਼ਿਆ ਨਹੀਂ ਜਾਵੇਗਾ।
ਇਸ ਮੌਕੇ ਐਸ.ਪੀ.(ਜਾਂਚ) ਰਾਕੇਸ਼ ਯਾਦਵ, ਐੱਸ. ਡੀ.ਐਮ. ਅਮਲੋਹ ਸ਼੍ਰੀ ਚੇਤਨ ਬੰਗੜ, ਬੀ.ਡੀ.ਪੀ. ਓ. ਸ਼੍ਰੀ ਮੋਹਿਤ ਕਲਿਆਣ, ਡੀ.ਐਸ.ਪੀ. ਅਮਲੋਹ ਗੁਰਦੀਪ ਸਿੰਘ, ਥਾਣਾ ਮੰਡੀ ਗੋਬਿੰਦਗੜ੍ਹ ਦੇ ਮੁੱਖ ਥਾਣਾ ਅਫਸਰ ਇੰਸਪੈਕਟਰ ਅਰਸ਼ਦੀਪ ਸ਼ਰਮਾ, ਥਾਣਾ ਅਮਲੋਹ ਦੇ ਮੁੱਖ ਥਾਣਾ ਅਫਸਰ ਇੰਸਪੈਕਟਰ ਪਵਨ ਕੁਮਾਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਪੁਲਿਸ ਮੁਲਾਜ਼ਮ ਹਾਜ਼ਰ ਸਨ।

Leave a Reply

Your email address will not be published. Required fields are marked *