ਪੰਜਾਬ ਸਿੱਖਿਆ ਕ੍ਰਾਂਤੀ ਨਾਲ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਬਣਾਇਆ ਜਾ ਰਿਹੈ ਸਮੇਂ ਦੇ ਹਾਣੀ-ਵਿਧਾਇਕ ਰੁਪਿੰਦਰ ਸਿੰਘ ਹੈਪੀ

*ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਸਿੱਖਿਆ ਕ੍ਰਾਂਤੀ ਤਹਿਤ ਹਲਕੇ ਦੇ ਸਕੂਲਾਂ ਚ ਲਗਭਗ 68 ਲੱਖ

ਦੀ ਲਾਗਤ ਨਾਲ ਹੋਏ ਵਿਕਾਸ ਕਾਰਜਾਂ ਦਾ ਕੀਤਾ ਉਦਘਾਟਨ

ਬਸੀ ਪਠਾਣਾ/ਫ਼ਤਹਿਗੜ੍ਹ ਸਾਹਿਬ, 17 ਅਪ੍ਰੈਲ: ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਦੂਰ ਅੰਦੇਸ਼ੀ ਸੋਚ ਸਦਕਾ ਪੰਜਾਬ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਉਣ ਲਈ ਸਿੱਖਿਆ ਕ੍ਰਾਂਤੀ ਮੁਹਿੰਮ ਦੀ ਸ਼ੁਰੂਆਤ ਕੀਤੀ ਗਈ ਹੈ ਤਾਂ ਜੋ ਸਰਕਾਰੀ ਸਕੂਲਾਂ ਦੇ ਵਿਦਿਆਰਥੀ ਆਧੁਨਿਕ ਤਕਨੀਕਾਂ ਨਾਲ ਸਿੱਖਿਆ ਹਾਸਲ ਕਰਕੇ ਉੱਚੀਆਂ ਮੱਲ੍ਹਾਂ ਮਾਰ ਸਕਣ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਬਸੀ ਪਠਾਣਾ ਦੇ ਵਿਧਾਇਕ ਰੁਪਿੰਦਰ ਸਿੰਘ ਹੈਪੀ ਨੇ ਹਲਕੇ ਦੇ ਸਕੂਲਾਂ ਵਿੱਚ 68 ਲੱਖ ਦੀ ਲਾਗਤ ਨਾਲ ਕਰਵਾਏ ਵਿਕਾਸ ਕਾਰਜਾਂ ਦਾ ਉਦਘਾਟਨ ਕਰਨ ਮੌਕੇ ਕੀਤਾ।

ਵਿਧਾਇਕ ਹੈਪੀ ਨੇ ਕਿਹਾ ਕਿ ਪਿਛਲੀਆਂ ਸਰਕਾਰਾਂ ਦੀਆਂ ਸਿੱਖਿਆ ਵਿਰੋਧੀ ਨੀਤੀਆਂ ਕਾਰਨ ਸਰਕਾਰੀ ਸਕੂਲ ਵਿਕਾਸ ਪੱਖੋਂ ਬਹੁਤ ਪੱਛੜ ਗਏ ਸਨ ਪ੍ਰੰਤੂ ਜਦੋਂ ਤੋਂ ਸੂਬੇ ਅੰਦਰ ਆਮ ਆਦਮੀ ਪਾਰਟੀ ਦੀ ਸਰਕਾਰ ਬਣੀ ਉਦੋਂ ਤੋਂ ਹੀ ਸਿੱਖਿਆ ਦੇ ਸਰਵਪੱਖੀ ਵਿਕਾਸ ਨੂੰ ਤਰਜ਼ੀਹੀ ਖੇਤਰ ਮੰਨਦੇ ਹੋਏ ਰਿਕਾਰਡ ਵਿਕਾਸ ਕਰਵਾਇਆ ਗਿਆ ਜਿਸ ਸਦਕਾ ਅੱਜ ਮਾਪੇ ਆਪਣੇ ਬੱਚਿਆਂ ਨੂੰ ਪ੍ਰਾਈਵੇਟ ਸਕੂਲਾਂ ਵਿੱਚੋਂ ਕੱਢ ਕੇ ਸਰਕਾਰੀ ਸਕੂਲਾਂ ਵਿੱਚ ਦਾਖਲ ਕਰਵਾ ਰਹੇ ਹਨ।

ਵਿਧਾਇਕ ਨੇ ਕਿਹਾ ਕਿ ਸਿੱਖਿਆ ਹਾਸਲ ਕਰਨਾ ਹਰੇਕ ਨਾਗਰਿਕ ਦਾ ਮੁਢਲਾ ਹੱਕ ਹੈ ਅਤੇ ਸਾਡੀ ਸਰਕਾਰ ਸਰਕਾਰੀ ਸਕੂਲਾਂ ਦੇ ਬੱਚਿਆਂ ਨੂੰ ਮੁਫਤ ਕਿਤਾਬਾਂ ਤੇ ਵਰਦੀਆਂ ਦੇ ਕੇ ਸਿੱਖਿਆ ਨੂੰ ਘਰ-ਘਰ ਪਹੁੰਚਾਇਆ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਅੱਜ ਸਰਕਾਰੀ ਸਕੂਲਾਂ ਅੰਦਰ ਪੜ੍ਹਦੇ ਬੱਚੇ ਹਰੇਕ ਖੇਤਰ ਵਿੱਚ ਵੱਡੀਆਂ ਮੱਲ੍ਹਾਂ ਮਾਰ ਰਹੇ ਹਨ ਜਿਸ ਤੋਂ ਸਪਸ਼ਟ ਹੈ ਕਿ ਸਰਕਾਰ ਵੱਲੋਂ ਸਰਕਾਰੀ ਸਕੂਲਾਂ ਦੇ ਕਰਵਾਏ ਜਾ ਰਹੇ ਵਿਕਾਸ ਤੋਂ ਪੰਜਾਬ ਦਾ ਹਰੇਕ ਵਰਗ ਖੁਸ਼ ਹੈ।

ਸ. ਰੁਪਿੰਦਰ ਸਿੰਘ ਹੈਪੀ ਨੇ ਪਿੰਡਾਂ ਦੇ ਲੋਕਾਂ ਨੂੰ ਅਪੀਲ ਕੀਤੀ ਕਿ ਸੂਬਾ ਸਰਕਾਰ ਵੱਲੋਂ ਨਸ਼ਿਆਂ ਦੇ ਮੁਕੰਮਲ ਖਾਤਮੇ ਲਈ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ ਵਿੱਚ ਵੱਧ ਤੋਂ ਵੱਧ ਸਹਿਯੋਗ ਦਿੱਤਾ ਜਾਵੇ ਅਤੇ ਜੇਕਰ ਕਿਸੇ ਘਰ ਦਾ ਕੋਈ ਮੈਂਬਰ ਨਸ਼ਿਆਂ ਦੀ ਦਲਦਲ ਵਿੱਚ ਫੱਸ ਗਿਆ ਹੈ ਤਾਂ ਉਸ ਨੂੰ ਸਰਕਾਰੀ ਨਸ਼ਾ ਛੁਡਾਊ ਕੇਂਦਰ ਵਿੱਚ ਲਿਆਂਦਾ ਜਾਵੇ। ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਨਸ਼ਿਆਂ ਦੀ ਗ੍ਰਿਫਤ ਵਿੱਚ ਫਸੇ ਵਿਅਕਤੀਆਂ ਦਾ ਨਸ਼ਾ ਛੁਡਵਾ ਕੇ ਉਸ ਨੂੰ ਸਮਾਜ ਵਿੱਚ ਮੁੜ ਬਿਹਤਰ ਜੀਵਨ ਬਤੀਤ ਕਰਨ ਦਾ ਮੌਕਾ ਪ੍ਰਦਾਨ ਕਰੇਗੀ।

ਇਸ ਮੌਕੇ ਜ਼ਿਲ੍ਹਾ ਸਿੱਖਿਆ ਅਫਸਰ (ਸੈਕੰਡਰੀ) ਸੁਸ਼ੀਲ ਨਾਥ, ਸਰਪੰਚ ਪਵਨਪ੍ਰੀਤ ਸਿੰਘ ਕਲੇਰ, ਸੁਰਿੰਦਰ ਕੁਮਾਰ ਹੈੱਡ ਮਾਸਟਰ, ਸਵਿਤਾ ਹਾਂਡਾ, ਦਵਿੰਦਰ ਕੌਰ, ਰਾਜਦੀਪ ਕੌਰ, ਗੁਰਦੀਪ ਸਿੰਘ, ਪਰਵਿੰਦਰ ਸਿੰਘ, ਜਗਦੀਪ ਸਿੰਘ, ਮੁੱਖ ਅਧਿਆਪਕਾ ਮਨਪ੍ਰੀਤ ਸ਼ਰਮਾ, ਸਤਬੀਰ ਕੌਰ, ਰੁਪਿੰਦਰ ਕੌਰ ਗਿੰਲ, ਬਹਾਦਰ ਸਿੰਘ, ਅਮਨਦੀਪ ਕੌਰ ਤੋਂ ਇਲਾਵਾ ਵੱਡੀ ਗਿਣਤੀ ਵਿੱਚ ਵਿਦਿਆਰਥੀਆਂ ਦੇ ਮਾਪੇ, ਅਧਿਆਪਕ ਤੇ ਹੋਰ ਪਤਵੰਤੇ ਹਾਜਰ ਸਨ।

Leave a Reply

Your email address will not be published. Required fields are marked *