ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ਨੌਜਵਾਨਾਂ ਨੂੰ ਨਸ਼ਿਆਂ ਵਰਗੀ ਸਮਾਜਿਕ ਬੁਰਾਈ ਵਿਰੁੱਧ ਜਾਗਰੂਕ ਕਰਨ ਅਤੇ ਇੱਕ ਸਿਹਤਮੰਦ ਸਮਾਜ ਦੀ ਸਿਰਜਣਾ ਲਈ ਚਲਾਈ ਜਾ ਰਹੀ ਇੱਕ ਮਹੀਨਾ ਲੰਬੀ “ਨਸ਼ਿਆਂ ਵਿਰੁੱਧ ਨੌਜਵਾਨ” ਮੁਹਿੰਮ ਤਹਿਤ ਦੇਸ਼ ਭਗਤ ਯੂਨੀਵਰਸਿਟੀ ਵਿੱਚ ਇੱਕ ਵਿਸ਼ੇਸ਼ ਸੈਮੀਨਾਰ ਕਰਵਾਇਆ ਗਿਆ।
ਇਸ ਪ੍ਰੋਗਰਾਮ ਦੌਰਾਨ ਯੂਨੀਵਰਸਿਟੀ ਦੇ ਵਿਦਿਆਰਥੀਆਂ ਨੂੰ ਨਸ਼ਿਆਂ ਦੇ ਮਾਰੂ ਪ੍ਰਭਾਵਾਂ ਤੋਂ ਜਾਣੂ ਕਰਵਾਉਂਦੇ ਹੋਏ ਇਸ ਤੋਂ ਦੂਰ ਰਹਿਣ ਲਈ ਪ੍ਰੇਰਿਤ ਕੀਤਾ ਗਿਆ।
ਜ਼ਿਲ੍ਹਾ ਤੇ ਸੈਸ਼ਨ ਜੱਜ -ਕਮ -ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਅਰੁਣ ਗੁਪਤਾ ਦੇ ਦਿਸ਼ਾ ਨਿਰਦੇਸ਼ਾਂ ਹੇਠ ਇਸ ਸੈਮੀਨਾਰ ਵਿੱਚ ਅਥਾਰਟੀ ਦੇ ਸਕੱਤਰ ਅਸ਼ੋਕ ਕੁਮਾਰ ਚੌਹਾਨ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ ਅਤੇ ਵਿਦਿਆਰਥੀਆਂ ਨੂੰ ਅਪੀਲ ਕੀਤੀ ਗਈ ਕਿ ਜੇਕਰ ਉਨ੍ਹਾਂ ਦੇ ਆਲੇ-ਦੁਆਲੇ ਕੋਈ ਵਿਅਕਤੀ ਨਸ਼ਾ ਕਰਦਾ ਜਾਂ ਵੇਚਦਾ ਪਾਇਆ ਜਾਂਦਾ ਹੈ, ਤਾਂ ਤੁਰੰਤ ਆਪਣੇ ਅਧਿਆਪਕਾਂ ਜਾਂ ਪੁਲਿਸ ਪ੍ਰਸ਼ਾਸਨ ਨੂੰ ਸੂਚਿਤ ਕਰਨ ਤਾਂ ਜੋ ਅਜਿਹੇ ਨਸ਼ਾ ਤਸਕਰਾਂ ਖਿਲਾਫ ਸਮੇਂ ਸਿਰ ਕਾਰਵਾਈ ਕੀਤੀ ਜਾ ਸਕੇ।
ਇਸ ਸੈਮੀਨਾਰ ਵਿੱਚ ਜਿਲ੍ਹਾ ਤੇ ਸੈਸ਼ਨ ਜੱਜ ਅਰੁਣ ਗੁਪਤਾ ਨੇ ਵੀਡੀਓ ਕਾਨਫਰੰਸ ਰਾਹੀਂ ਹਿੱਸਾ ਲਿਆ।
ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਰਾਸ਼ਟਰੀ ਕਾਨੂੰਨੀ ਸੇਵਾਵਾਂ ਅਥਾਰਟੀ ਅਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ’ ਦੀ ਕਾਰਜ ਪ੍ਰਣਾਲੀ ਬਾਰੇ ਵਿਸਥਾਰ ਵਿੱਚ ਦੱਸਿਆ ਗਿਆ। ਉਨ੍ਹਾਂ ਨੂੰ ਜਾਣੂ ਕਰਵਾਇਆ ਗਿਆ ਕਿ ਕਿਵੇਂ ਆਮ ਜਨਤਾ ਇਹਨਾਂ ਸੰਸਥਾਵਾਂ ਰਾਹੀਂ ਮੁਫ਼ਤ ਕਾਨੂੰਨੀ ਸਹਾਇਤਾ ਪ੍ਰਾਪਤ ਕਰ ਸਕਦੀ ਹੈ।
ਇਸ ਮੌਕੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ ਅਸ਼ੋਕ ਕੁਮਾਰ ਚੌਹਾਨ ਨੇ ਵਿਦਿਆਰਥੀਆਂ ਨੂੰ ਨੈਤਿਕ ਕਦਰਾਂ-ਕੀਮਤਾਂ ਅਪਣਾਉਣ ਲਈ ਪ੍ਰੇਰਿਤ ਕੀਤਾ। ਪ੍ਰੋਗਰਾਮ ਦੇ ਅਖੀਰ ਵਿੱਚ ਵਿਦਿਆਰਥੀਆਂ ਨਾਲ ਸਵਾਲ-ਜਵਾਬ ਦਾ ਸੈਸ਼ਨ ਵੀ ਰੱਖਿਆ ਗਿਆ, ਜਿਸ ਵਿੱਚ ਉਨ੍ਹਾਂ ਦੀਆਂ ਜਿਗਿਆਸਾਵਾਂ ਦਾ ਹੱਲ ਕੀਤਾ ਗਿਆ।
ਇਸ ਮੌਕੇ ਦੇਸ਼ ਭਗਤ ਯੂਨੀਵਰਸਿਟੀ ਦੇ ਚਾਂਸਲਰ ਡਾ. ਜੋਰਾ ਸਿੰਘ, ਪ੍ਰੋਫੈਸਰ ਸਾਹਿਬਾਨ ਅਤੇ ਵੱਡੀ ਗਿਣਤੀ ਵਿੱਚ ਵਿਦਿਆਰਥੀ ਹਾਜ਼ਰ ਸਨ।
